ਚੰਡੀਗੜ੍ਹ, 20 ਫਰਵਰੀ 2026: ਪੰਜਾਬ ਸਰਕਾਰ ਨੇ ਖੇਤੀਬਾੜੀ-ਪ੍ਰੋਸੈਸਿੰਗ ਸੈਕਟਰ ਨੂੰ ਹੋਰ ਮਜ਼ਬੂਤ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਸੰਬੰਧੀ ਫ਼ਾਜ਼ਿਲਕਾ ਜ਼ਿਲ੍ਹੇ ‘ਚ ਸਥਾਪਿਤ 3 ਪ੍ਰੋਸੈਸਿੰਗ ਯੂਨਿਟਾਂ ‘ਚ ਵਿਸਥਾਰ ਕੀਤਾ ਹੈ।
ਬੀਤੇ ਦਿਨ ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਆਲਮਗੜ੍ਹ (ਫਾਜ਼ਿਲਕਾ) ਵਿਖੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਵੱਲੋਂ ਸਥਾਪਤ ਕੀਤੀਆਂ ਤਿੰਨ ਅਹਿਮ ਵਿਸਥਾਰਤ ਯੂਨਿਟਾਂ ਦਾ ਉਦਘਾਟਨ ਕੀਤਾ ਹੈ। ਇਨ੍ਹਾਂ ਯੂਨਿਟਾਂ ‘ਚ ਮਿਰਚ ਪ੍ਰੋਸੈਸਿੰਗ ਯੂਨਿਟ, ਸਿਟਰਸ ਪ੍ਰੋਸੈਸਿੰਗ ਯੂਨਿਟ ਅਤੇ ਹਾਈ-ਟੈਕ ਪ੍ਰੋਟੈਕਟਡ ਕਲਟੀਵੇਸ਼ਨ ਨਰਸਰੀ ਸ਼ਾਮਲ ਹੈ।
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਯੂਨਿਟਾਂ ਨਾ ਸਿਰਫ਼ ਕਿਸਾਨਾਂ ਦੀ ਆਮਦਨ ‘ਚ ਵਾਧਾ ਕਰਨਗੀਆਂ ਬਲਕਿ ਪੰਜਾਬ ਨੂੰ ਉੱਚ-ਮੁੱਲ ਵਾਲੇ ਪ੍ਰੋਸੈਸਡ ਭੋਜਨ ਉਤਪਾਦਾਂ ਲਈ ਇੱਕ ਵਿਸ਼ਵਵਿਆਪੀ ਕੇਂਦਰ ਵਜੋਂ ਵੀ ਸਥਾਪਿਤ ਕਰਨਗੀਆਂ।
ਇਸ ਖੇਤਰ ਦੇ ਮਿਰਚ ਉਤਪਾਦਕਾਂ ਦੀਆਂ ਸਹੂਲਤਾਂ ‘ਚ ਵਾਧਾ ਕਰਦੇ ਹੋਏ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੀ.ਏ.ਜੀ.ਆਰ.ਈ.ਐਕਸ.ਸੀ.ਓ. ਵੱਲੋਂ ਆਲਮਗੜ੍ਹ ‘ਚ ਆਪਣੇ ਮੌਜੂਦਾ ਫਲਾਂ ਅਤੇ ਸਬਜ਼ੀਆਂ ਦੇ ਪ੍ਰੋਸੈਸਿੰਗ ਪਲਾਂਟ ‘ਚ ਇੱਕ ਨਵੀਂ ਅਤਿ-ਆਧੁਨਿਕ ਮਿਰਚ ਪ੍ਰੋਸੈਸਿੰਗ ਯੂਨਿਟ ਸਥਾਪਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 3 ਮੀਟ੍ਰਿਕ ਟਨ ਪ੍ਰਤੀ ਘੰਟਾ ਦੀ ਵਿਆਪਕ ਸਮਰੱਥਾ ਦੇ ਨਾਲ ਇਹ ਯੂਨਿਟ ਯੂਨਿਟ ਦੀ ਕੁੱਲ ਮਿਰਚ ਪ੍ਰੋਸੈਸਿੰਗ ਸਮਰੱਥਾ ਨੂੰ 1 ਮੀਟਰਕ ਟਨ ਪ੍ਰਤੀ ਘੰਟਾ ਤੋਂ ਵਧਾ ਕੇ 4 ਮੀਟਰਕ ਟਨ ਪ੍ਰਤੀ ਘੰਟਾ ਕਰ ਦੇਵੇਗੀ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਯੂਨਿਟ ‘ਚ ਲਾਲ ਅਤੇ ਹਰੀਆਂ ਮਿਰਚਾਂ ਦੋਵਾਂ ਨੂੰ ਖਾਸ ਤੌਰ ‘ਤੇ ਨਿਰਯਾਤ ਲਈ ਉੱਚ-ਗੁਣਵੱਤਾ ਵਾਲੇ ਫਰਮੈਂਟਡ ਅਤੇ ਅਨਫਰਮੈਂਟਡ ਮਿਰਚ ਪੇਸਟ ‘ਚ ਪ੍ਰੋਸੈਸ ਕੀਤਾ ਜਾਵੇਗਾ। ਇਹ ਪਹਿਲਕਦਮੀ ਤਾਜ਼ੇ ਉਤਪਾਦਾਂ ਲਈ ਇੱਕ ਸਮਰਪਿਤ ਖਰੀਦ ਚੈਨਲ ਪ੍ਰਦਾਨ ਕਰੇਗੀ ਜਿਸ ਨਾਲ ਸਥਾਨਕ ਕਿਸਾਨਾਂ ਨੂੰ ਸਿੱਧੇ ਤੌਰ ‘ਤੇ ਲਾਭ ਮਿਲੇਗਾ ਅਤੇ ਮਿਰਚਾਂ ਨੂੰ ਧੁੱਪ ‘ਚ ਸੁਕਾਉਣ ਦੀ ਜ਼ਰੂਰਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਹਰ ਸੀਜ਼ਨ ‘ਚ ਕਰੀਬ 6,500 ਮੀਟਰਕ ਟਨ ਮਿਰਚਾਂ ਦੀ ਪ੍ਰੋਸੈਸਿੰਗ ਕਰਕੇ, ਇਹ ਯੂਨਿਟ ਬਿਹਤਰ ਕੀਮਤ ਯਕੀਨੀ ਬਣਾਏਗੀ ਅਤੇ ਵਾਢੀ ਤੋਂ ਬਾਅਦ ਦੇ ਨੁਕਸਾਨ ‘ਚ ਭਾਰੀ ਕਮੀ ਲਿਆਉਣ ‘ਚ ਮੱਦਦ ਕਰੇਗੀ।
ਪੰਜਾਬ ਦੇ ਮਸ਼ਹੂਰ ਕਿੰਨੂ ਉਤਪਾਦਨ ਤੋਂ ਵੱਧ ਤੋਂ ਵੱਧ ਲਾਭ ਲੈਣ ਲਈ ਅਹਿਮ ਕਦਮ ਚੁੱਕਦਿਆਂ, ਪੀ.ਏ.ਜੀ.ਆਰ.ਈ.ਐਕਸ.ਸੀ.ਓ. ਵੱਲੋਂ ਆਪਣੀ ਸਿਟਰਸ ਪ੍ਰੋਸੈਸਿੰਗ ਯੂਨਿਟ ‘ਚ ਵੱਡਾ ਤਕਨੀਕੀ ਅਪਗ੍ਰੇਡ ਕੀਤਾ ਹੈ। ਇਸ ਅਪਗ੍ਰੇਡੇਸ਼ਨ ਤਹਿਤ ਉੱਨਤ ਮਸ਼ੀਨਰੀ ਸ਼ਾਮਲ ਕੀਤੀ ਹੈ, ਜਿਸ ‘ਚ ਇੱਕ ਡੀਐਸੀਡੀਫਿਕੇਸ਼ਨ ਯੂਨਿਟ, ਇੱਕ ਵਿਸ਼ੇਸ਼ ਸਿਟਰਸ ਪੀਲ ਆਇਲ ਐਕਸਟਰੈਕਸ਼ਨ ਯੂਨਿਟ ਅਤੇ ਇੱਕ ਡੀਬਿਟਰਿੰਗ ਯੂਨਿਟ ਸ਼ਾਮਲ ਹੈ।
ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਅਪਗ੍ਰੇਡੇਸ਼ਨ ਨਾਲ ਕਿੰਨੂ ਦੇ ਜੂਸ ‘ਚ ਲਿਮੋਨਿਨ ਵਰਗੇ ਕੁਦਰਤੀ ਮਿਸ਼ਰਣਾਂ ਕਾਰਨ ਦੇਰੀ ਨਾਲ ਹੋਣ ਵਾਲੀ ਕੁੜੱਤਣ ਸਬੰਧੀ ਮੁੱਦੇ ਨੂੰ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਕੁੜੱਤਣ ਨੂੰ ਹਟਾ ਕੇ ਅਤੇ ਐਸੀਡਿਟੀ ਨੂੰ ਕੰਟਰੋਲ ਕਰਕੇ, ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਪੰਜਾਬ ਦਾ ਸਿਟਰਸ ਵਿਸ਼ਵਵਿਆਪੀ ਫਲੇਵਰ ਦੇ ਮਾਪਦੰਡਾਂ ‘ਤੇ ਖਰਾ ਉਤਰੇ। ਉਨ੍ਹਾਂ ਨੇ ਕਿਹਾ ਕਿ ਪੀਲ ਆਇਲ ਐਕਸਟਰੈਕਸ਼ਨ ਯੂਨਿਟ ਉਸ ਉਪਕਰਨ ਨੂੰ ਬਦਲ ਦੇਵੇਗੀ ਜੋ ਪਹਿਲਾਂ ਰਹਿੰਦ-ਖੂੰਹਦ ਨੂੰ ਉਚ ਮੁੱਲ ਵਾਲੇ ਉਤਪਾਦ ਡੀ-ਲਿਮੋਨਿਨ ਨਾਲ ਭਰਪੂਰ ਜ਼ਰੂਰੀ ਤੇਲ ਵਿੱਚ ਪ੍ਰੋਸੈਸ ਕਰ ਰਹੀ ਸੀ ਜਿਸਦੀ ਫੂਡ ਫਲੇਵਰ, ਕਾਸਮੈਟਿਕ ਅਤੇ ਫਾਰਮਾਸਿਊਟੀਕਲ ਉਦਯੋਗਾਂ ‘ਚ ਭਾਰੀ ਮੰਗ ਹੈ। ਇਸ ਨਾਲ ਸੁਆਦ ਅਤੇ ਮੁਨਾਫ਼ਾ ਦੋਵਾਂ ‘ਚ ਵਾਧਾ ਹੋਵੇਗਾ।
ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੀ.ਏ.ਜੀ.ਆਰ.ਈ.ਐਕਸ.ਸੀ.ਓ. ਵੱਲੋਂ ਆਲਮਗੜ੍ਹ ਵਿਖੇ ਇੱਕ ਨਵੀਂ ਹਾਈ-ਟੈਕ ਪ੍ਰੋਟੈਕਟਡ ਕਲਟੀਵੇਸ਼ਨ ਨਰਸਰੀ ਸਥਾਪਤ ਕੀਤੀ ਜਾ ਰਹੀ ਹੈ। ਇਹ ਯੂਨਿਟ ਕਾਰਪੋਰੇਸ਼ਨ ਦੀ ਸਾਲਾਨਾ ਬੀਜ ਉਤਪਾਦਨ ਸਮਰੱਥਾ ਨੂੰ 16 ਲੱਖ ਤੋਂ ਵਧਾ ਕੇ 40 ਲੱਖ ਬੂਟਿਆਂ (ਸੀਡਲਿੰਗਜ਼) ਤੱਕ ਪਹੁੰਚਾ ਦੇਵੇਗੀ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੁਚੱਜੀ ਬਿਜਾਈ ਅਤੇ ਜਲਵਾਯੂ-ਨਿਯੰਤਰਿਤ ਪੋਲੀਹਾਊਸਾਂ ਦੀ ਵਰਤੋਂ ਕਰਕੇ, ਇਹ ਨਰਸਰੀ ਸਬਜ਼ੀਆਂ ਦੇ ਇਕੋ ਜਿਹੇ ਅਤੇ ਸਿਹਤਮੰਦ ਬੂਟਿਆਂ ਦੀ ਪੈਦਾਵਾਰ ਕਰੇਗੀ। ਇਹ ਤਕਨਾਲੋਜੀ-ਅਧਾਰਤ ਪਹੁੰਚ ਰਵਾਇਤੀ ਪ੍ਰਣਾਲੀਆਂ ਵਿੱਚ ਮਹਿੰਗੇ ਹਾਈਬ੍ਰਿਡ ਬੀਜਾਂ ਨਾਲ ਸਬੰਧਤ ਪੌਦਿਆਂ ਦੀ ਮੌਤ ਦਰ ਨੂੰ ਘਟਾਉਂਦੀ ਹੈ। ਫੂਡ ਪ੍ਰੋਸੈਸਿੰਗ ਮੰਤਰੀ ਨੇ ਕਿਹਾ, “ਅਸੀਂ ਆਪਣੇ ਕਿਸਾਨਾਂ ਲਈ ਕਿਫਾਇਤੀ ਦਰਾਂ ‘ਤੇ ਉੱਚ-ਗੁਣਵੱਤਾ ਵਾਲੀ ਬਿਜਾਈ ਸਮੱਗਰੀ ਪਹੁੰਚਯੋਗ ਬਣਾ ਰਹੇ ਹਾਂ। ਇਹ ਉਨ੍ਹਾਂ ਦੀ ਲਾਗਤ ਨੂੰ ਘਟਾਏਗਾ ਅਤੇ ਬਿਹਤਰ ਫਸਲ ਨੂੰ ਯਕੀਨੀ ਬਣਾਏਗਾ ਜਿਸ ਨਾਲ ਸਬਜ਼ੀਆਂ ਦੀ ਕਾਸ਼ਤ ਵਿੱਚ ਉੱਚ ਉਤਪਾਦਕਤਾ ਅਤੇ ਮੁਨਾਫ਼ੇ ਲਈ ਰਾਹ ਪੱਧਰਾ ਹੋਵੇਗਾ।”




