ਮੋਹਾਲੀ, 27 ਨਵੰਬਰ 2024: ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਐਸ.ਏ.ਐਸ.ਨਗਰ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦਵਿੰਦਰ ਬੰਬੀਹਾ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਕੀਤਾ ਹੈ | ਪੁਲਿਸ ਨੂੰ ਇਨ੍ਹਾਂ ਮੁਲਜ਼ਮਾਂ ਕੋਲੋਂ 32 ਬੋਰ ਦੇ ਦੋ ਪਿਸਤੌਲ ਅਤੇ 7 ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਹਰਿੰਦਰ ਸਿੰਘ, ਪਿੰਡ ਮਹਿਮਦਪੁਰ (ਮੋਹਾਲੀ) ਅਤੇ ਵਰਾਣਾ ਦੇ ਵਾਸੀ ਗੁਰਜਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ |
ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਮਰੀਕਾ ਸਥਿਤ ਕੁਲਵੀਰ ਸਿੰਘ ਉਰਫ਼ ਲਾਲਾ ਬੈਨੀਪਾਲ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ, ਜੋ ਕਿ ਵਿਦੇਸ਼ੀ ਮੂਲ ਦੇ ਬਦਮਾਸ਼ ਲੱਕੀ ਪਟਿਆਲ ਦਾ ਸਾਥੀ ਹੈ। ਪੁਲਿਸ ਮੁਤਾਬਕ ਮੁਲਜ਼ਮ ਲਾਲਾ ਬੈਨੀਪਾਲ ਪਹਿਲਾਂ ਹੀ ਐਸਏਐਸ ਨਗਰ ‘ਚ ਦੋ ਵੱਖ-ਵੱਖ ਹਮਲਿਆਂ ਦਾ ਮਾਸਟਰਮਾਈਂਡ ਹੈ | ਜਿਸ ‘ਚ ਸਤੰਬਰ 2023 ‘ਚ ਇੱਕ ਫਾਈਨਾਂਸਰ ਅਤੇ ਦਸੰਬਰ 2023 ‘ਚ ਇੱਕ ਵਿਰੋਧੀ ਗਿਰੋਹ ਦੇ ਮੈਂਬਰ ਨੂੰ ਨਿਸ਼ਾਨਾ ਬਣਾਉਣਾ ਸ਼ਾਮਲ ਸੀ।
ਪੰਜਾਬ ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਮੁਲਜ਼ਮਾਂ ਨੂੰ ਟ੍ਰਾਈਸਿਟੀ ਖੇਤਰ ‘ਚ ਕਈ ਵਾਰਦਾਤਾਂ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਉਸਦੇ ਹੋਰ ਸਾਥੀਆਂ ਅਤੇ ਸਬੰਧਾਂ ਦਾ ਪਤਾ ਲਗਾਇਆ ਜਾ ਸਕੇ।
ਦੂਜੇ ਪਾਸੇ ਐਸ.ਏ.ਐਸ ਨਗਰ (Mohali Police) ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਦੀਪਕ ਪਾਰੀਕ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਟੀਮਾਂ ਨੂੰ ਸੂਚਨਾ ਮਿਲੀ ਸੀ ਕਿ ਲਾਲਾ ਬੈਨੀਪਾਲ ਨੇ ਆਪਣੇ ਗਿਰੋਹ ਦੇ ਮੈਂਬਰਾਂ ਨੂੰ ਟਰਾਈਸਿਟੀ ‘ਚ ਅਪਰਾਧਿਕ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਦੀ ਜ਼ਿੰਮੇਵਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਮੁਲਜ਼ਮਾਂ ਨੂੰ ਮੁਬਾਰਕਪੁਰ ਨੇੜੇ ਫੋਕਲ ਪੁਆਇੰਟ ਤੋਂ ਗਿ੍ਫ਼ਤਾਰ ਕਰ ਲਿਆ |
ਇਸ ਦੌਰਾਨ ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਹਰਿੰਦਰ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਸ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਨਾਲ ਸਬੰਧਤ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਗ੍ਰਿਫ਼ਤਾਰ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਮਾਮਲੇ ‘ਚ ਡੇਰਾਬਸੀ ਥਾਣਾ ਵਿਖੇ ਐਫ.ਆਈ.ਆਰ ਨੰਬਰ-354, ਮਿਤੀ 25/11/2024, ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25(6)(7) ਅਤੇ 27 ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਡੇਰਾਬਸੀ ਥਾਣਾ ਐਸ.ਏ.ਐਸ.ਨਗਰ ਹੈ।