Sarpanch murder case

ਤਰਨ ਤਾਰਨ ‘ਚ ਸਰਪੰਚ ਕ.ਤ.ਲ ਮਾਮਲੇ ਦੇ ਮੁੱਖ ਮੁਲਜ਼ਮ ਨੂੰ AGTF ਨੇ ਕੀਤਾ ਗ੍ਰਿਫ਼ਤਾਰ

ਤਰਨਤਾਰਨ, 21 ਅਪ੍ਰੈਲ 2025: ਡੀਜੀਪੀ ਗੌਰਵ ਯਾਦਵ ਨੇ ਸੋਮਵਾਰ ਨੂੰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸਰਪੰਚ ਬਚਿੱਤਰ ਸਿੰਘ ਉਰਫ਼ ਬਿੱਕਰ ਦੇ ਕਤਲ ਕੇਸ ( Sarpanch murder case) ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਸੁਖਬੀਰ ਸਿੰਘ ਉਰਫ਼ ਸੁੱਖ ਵਾਸੀ ਬਰਵਾਲਾ, ਤਰਨਤਾਰਨ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ 12 ਸਤੰਬਰ, 2024 ਨੂੰ ਤਰਨਤਾਰਨ ਦੇ ਪਿੰਡ ਨੌਸ਼ਹਿਰਾ ਪੰਨੂਆਂ ‘ਚ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਸਰਪੰਚ ਬਚਿੱਤਰ ਸਿੰਘ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਸੁਖਬੀਰ ਸਿੰਘ ਇੱਕ ਅਪਰਾਧੀ ਹੈ ਜਿਸ ਵਿਰੁੱਧ ਐਨਡੀਪੀਐਸ ਐਕਟ, ਅਸਲਾ ਐਕਟ ਅਤੇ ਲੁੱਟ-ਖੋਹ ਨਾਲ ਸਬੰਧਤ ਕਈ ਮਾਮਲੇ ਦਰਜ ਹਨ। ਉਸਦੇ ਸਾਥੀਆਂ ਦੀ ਪਛਾਣ ਕਰਨ ਅਤੇ ਉਸਦੀਆਂ ਅਪਰਾਧਿਕ ਗਤੀਵਿਧੀਆਂ ਦੀ ਹੋਰ ਜਾਂਚ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

ਇਸ ਸਬੰਧ ‘ਚ ADGP ਪ੍ਰਮੋਦ ਬਾਨ ਨੇ ਕਿਹਾ ਕਿ ਏ.ਆਈ.ਜੀ. ਸੰਦੀਪ ਗੋਇਲ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਅਤੇ ਐਸਐਸਪੀ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਤਰਨਤਾਰਨ ਪੁਲਿਸ ਦੀਆਂ ਟੀਮਾਂ, ਜੋ ਉਕਤ ਮੁਲਜ਼ਮਾਂ ਦਾ ਪਿੱਛਾ ਕਰ ਰਹੀਆਂ ਸਨ, ਉਨ੍ਹਾਂ ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਤਰਨਤਾਰਨ ਦੇ ਪਹੁਵਿੰਡ ਇਲਾਕੇ ਤੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਏਜੀਟੀਐਫ ਅਤੇ ਤਰਨਤਾਰਨ ਪੁਲਿਸ ਦੀਆਂ ਪੁਲਿਸ ਟੀਮਾਂ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਉਕਤ ਵਿਅਕਤੀ ਦਾ ਪਿੱਛਾ ਕੀਤਾ ਅਤੇ ਉਸਨੂੰ ਪਿੰਡ ਪਹੁਵਿੰਡ ਦੇ ਗੁਰਦੁਆਰਾ ਸਾਹਿਬ ਦੇ ਨੇੜੇ ਤੋਂ ਗ੍ਰਿਫਤਾਰ ਕਰ ਲਿਆ। ਪੁਲਿਸ ਟੀਮਾਂ ਨੇ ਉਸਦੀ ਕਾਲੀ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਈ ਹੈ।

ਐਸਐਸਪੀ ਅਭਿਮਨਿਊ ਰਾਣਾ ਮੁਤਾਬਕ ਗ੍ਰਿਫ਼ਤਾਰ ਮੁਲਜ਼ਮ ਸੁਖਬੀਰ ਨੇ ਸਰਪੰਚ ਬਚਿੱਤਰ ਸਿੰਘ ਦੇ ਕਤਲ (Sarpanch murder case) ਦੀ ਸਾਜ਼ਿਸ਼ ਰਚਣ ‘ਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਪੀੜਤ ਸਰਪੰਚ ਦੀ ਰੇਕੀ ‘ਚ ਵੀ ਸ਼ਾਮਲ ਸੀ।

ਐਸਐਸਪੀ ਨੇ ਕਿਹਾ ਕਿ ਮੁਲਜ਼ਮ ਸੁਖਬੀਰ ਸਿੰਘ ਦੀ ਗ੍ਰਿਫ਼ਤਾਰੀ ਨਾਲ ਤਰਨਤਾਰਨ ਪੁਲਿਸ ਨੇ ਮਾਮਲੇ ‘ਚ ਨਾਮਜ਼ਦ ਕੁੱਲ ਅੱਠ ਮੁਲਜ਼ਮਾਂ ‘ਚੋਂ ਸੱਤ ਜਣਿਆਂ ਨੂੰ ਗ੍ਰਿਫ਼ਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ।

Read More: Punjab Police: ਐਂਟੀ ਗੈਂਗਸਟਰ ਟਾਸਕ ਫੋਰਸ ਨੇ ਲਾਰੈਂਸ-ਰੋਹਿਤ ਗੋਦਾਰਾ ਗੈਂਗ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫਤਾਰ

Scroll to Top