ਚੰਡੀਗੜ੍ਹ 01 ਮਾਰਚ 2022: ਰੂਸ ਅਤੇ ਯੂਕਰੇਨ ਵਿਚਕਾਰ ਛੇਵੇਂ ਦਿਨ ਵੀ ਜੰਗ ਜਾਰੀ ਹੈ | ਇਸ ਦੌਰਾਨ ਭਾਰਤੀ ਦੂਤਾਵਾਸ ਨੇ ਸਾਰੇ ਨਾਗਰਿਕਾਂ ਨੂੰ ਯੂਕਰੇਨ ਦੀ ਰਾਜਧਾਨੀ ਕੀਵ ਨੂੰ ਤੁਰੰਤ ਛੱਡਣ ਦੀ ਅਪੀਲ ਕੀਤੀ ਹੈ| ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਕੀਤੀ ਗਈ। ਡਾ. ਦਲਜੀਤ ਸਿੰਘ ਚੀਮਾ ਨੇ ਰੂਸ-ਯੂਕਰੇਨ ਜੰਗ ਦੌਰਾਨ ਯੂਕਰੇਨ ‘ਚ ਫਸੇ ਵਿਦਿਆਰਥੀਆਂ ਬਾਰੇ ਚਿੰਤਾ ਪ੍ਰਗਟ ਕੀਤੀ |ਉਨ੍ਹਾਂ ਕਿਹਾ ਕਿ ਭਾਰਤੀ ਵਿਦਿਆਰਥੀ ਅਜੇ ਵੀ ਯੂਕਰੇਨ ਦੇ ਵੱਖ-ਵੱਖ ਸ਼ਹਿਰਾਂ ‘ਚ ਫਸੇ ਹੋਏ ਹਨ। ਇਨ੍ਹਾਂ ਵਿਦਿਆਰਥੀਆਂ ‘ਚ ਪੰਜਾਬ ਦੇ ਵਿਦਿਆਰਥੀ ਵੀ ਵੱਡੀ ਗਿਣਤੀ ‘ਚ ਸ਼ਾਮਲ ਹਨ| ਜਿਸ ਕਾਰਨ ਵਿਦਿਆਰਥੀਆਂ ਦੇ ਮਾਪੇ ਕਾਫ਼ੀ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਮਾਪੇ ਜਦੋਂ ਵੀ ਆਪਣੇ ਬੱਚਿਆਂ ਨਾਲ ਗੱਲ ਕਰਦੇ ਹਨ, ਜਿਹੜੀ ਬੰਮਬਾਰੀ ਪਿੱਛੋਂ ਸੁਣਨ ਨੂੰ ਮਿਲਦੀ ਹੈ, ਮਾਪੇ ਬੁਰੀ ਤਰ੍ਹਾਂ ਸਹਿਮੇ ਹੋਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੇਂਦਰ ਸਰਕਾਰ, ਵਿਦੇਸ਼ ਮੰਤਰਾਲੇ ਨੂੰ ਅਪੀਲ ਕਰਦੇ ਹਨ ਕਿ ਮਾਪਿਆਂ ਨੂੰ ਭਰੋਸਾ ਦੁਆਇਆ ਜਾਵੇ ਕਿ ਉਨ੍ਹਾਂ ਦੇ ਬੱਚਿਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇਗਾ।
ਇਸ ਦੌਰਾਨ ਡਾ. ਦਲਜੀਤ ਚੀਮਾ ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ‘ਚ ਪੰਜਾਬ ਦੇ ਖੋਹੇ ਜਾ ਰਹੇ ਹੱਕਾਂ ਬਾਰੇ ਗੱਲਬਾਤ ਕੀਤੀ। ਦਲਜੀਤ ਚੀਮਾ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ | ਪਰ ਕੇਂਦਰ ਸਰਕਾਰ ਦੀ ਕੋਸ਼ਿਸ਼ ਹੈ ਕਿ ਕਿਸੇ ਨਾ ਕਿਸੇ ਤਰੀਕੇ ਇਸ ‘ਚ ਪੰਜਾਬ ਦੀ ਹਿੱਸੇਦਾਰੀ ਨੂੰ ਘਟਾਇਆ ਜਾ ਸਕੇ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਵਾਰੀ ਹੋ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬੜੇ ਲੰਬੇ ਸਮੇਂ ਤੋਂ ਤੈਅ ਹੋਇਆ ਹੈ ਕਿ ਚੰਡੀਗੜ੍ਹ ‘ਚ ਮੁਲਾਜ਼ਮਾਂ ਦੀ 60:40 ਦੀ ਰੈਸ਼ੋ ਬਰਕਰਾਰ ਰੱਖੀ ਜਾਵੇਗੀ ਪਰ ਅਫ਼ਸੋਸ ਇਸ ਗੱਲ ਦਾ ਹੈ ਕਿ ਕੇਂਦਰ ਦੇ ਪੱਧਰ ‘ਤੇ ਚੰਡੀਗੜ੍ਹ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪੰਜਾਬ ਦੇ ਹੱਕਾਂ ‘ਚ ਡਾਕਾ ਮਾਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਚੀਮਾ ਨੇ ਕਿਹਾ ਕਿ ਇਸ ਦਾ ਗੰਭੀਰ ਨੋਟਿਸ ਲਿਆ ਜਾਣਾ ਚਾਹੀਦਾ ਹੈ। ਡਾ. ਦਲਜੀਤ ਚੀਮਾ ਨੇ ਕਿਹਾ ਕਿ ਇਸ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਜਾਵੇਗੀ, ਕਿ ਬੀ. ਬੀ. ਐੱਮ. ਬੀ. ਮਾਮਲੇ ‘ਚ ਵੀ ਪੰਜਾਬ ਨਾਲ ਧੱਕਾ ਕੀਤਾ ਜਾ ਰਿਹਾ ਹੈ, ਜਿਸ ਦੀ ਅਕਾਲੀ ਦਲ ਪੁਰਜ਼ੋਰ ਨਿੰਦਾ ਕਰਦਾ ਹੈ। ਡਾ. ਦਲਜੀਤ ਚੀਮਾ ਨੇ ਕਿਹਾ ਕਿ ਬੀਤੇ ਦਿਨ ਉਨ੍ਹਾਂ ਵੱਲੋਂ ਜੇਲ੍ਹ ‘ਚ ਬੰਦ ਬਿਕਰਮ ਮਜੀਠੀਆ ਨਾਲ ਵੀ ਮੁਲਾਕਾਤ ਕੀਤੀ ਗਈ ਸੀ, ਜਿਨ੍ਹਾਂ ਨੇ ਜੇਲ੍ਹ ‘ਚ ਬੰਦ ਕੈਦੀਆਂ ਦਾ ਮਸਲਾ ਚੁੱਕਦਿਆਂ ਕਿਹਾ ਸੀ ਕਿ ਜੇਲ੍ਹਾਂ ਦੇ ਕੈਦੀਆਂ ਨੂੰ ਕੋਰੋਨਾ ਦਿਸ਼ਾ-ਨਿਰਦੇਸ਼ਾਂ ਕਾਰਨ ਅਜੇ ਤੱਕ ਆਪਣੇ ਪਰਿਵਾਰਾਂ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ।
ਡਾ. ਦਲਜੀਤ ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਸਕੱਤਰ ਨੂੰ ਅਪੀਲ ਹੈ ਕਿ ਜੇਲ੍ਹਾਂ ‘ਚ ਬੰਦ ਕੈਦੀਆਂ ਦੀ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਵਾਈ ਜਾਵੇ ਕਿਉਂਕਿ ਕੈਦੀ ਪਰਿਵਾਰਾਂ ਨੂੰ ਨਾ ਮਿਲਣ ਕਾਰਨ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਪੈਦਾ ਹੋਏ ਹਾਲਾਤ ਹੁਣ ਬਦਲ ਚੁੱਕੇ ਹਨ, ਇਸ ਲਈ ਕੈਦੀਆਂ ਨੂੰ ਵੀ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।