ਚੰਡੀਗੜ੍ਹ 29 ਅਕਤੂਬਰ 2022: ਹਰਿਆਣਾ ਸਰਕਾਰ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਆਰਡੀਨੈਂਸ ਲਿਆਉਣ ਤੋਂ ਬਾਅਦ ਸਿਆਸਤ ਭਖ ਚੁੱਕੀ ਹੈ, ਜਿੱਥੇ ਇਸ ਆਰਡੀਨੈਂਸ ਦਾ ਹਰਿਆਣਾ ਦੀਆਂ ਸਿੱਖ ਸੰਗਤਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ, ਉਥੇ ਹੀ ਹੁਣ ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ ਅਤੇ ਸੁਰਜੀਤ ਸਿੰਘ ਰੱਖੜਾ ਨੇ ਕੇਂਦਰ ਸਰਕਾਰ ‘ਤੇ ਸਿੱਖਾਂ ਦੇ ਧਾਰਮਿਕ ਸਥਾਨਾਂ ਵਿੱਚ ਦਖ਼ਲਅੰਦਾਜ਼ੀ ਕਰਨ ਦੇ ਦੋਸ਼ ਲਾਏ ਹਨ |
ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਇਕ ਸੋਚੀ ਸਮਝੀ ਸਾਜ਼ਸ਼ ਦੇ ਤਹਿਤ 41 ਮੈਂਬਰ ਇਸ ਆਰਡੀਨੈਂਸ ਵਿੱਚ ਸ਼ਾਮਲ ਕੀਤੇ ਗਏ ਹਨ | ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਆਰਡੀਨੈਂਸ ਰਾਹੀਂ ਸਿੱਖਾਂ ਨੂੰ ਆਪਸ ਵਿੱਚ ਦੋ ਫਾੜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਰਕਾਰਾਂ ਦੇ ਨੁਮਾਇੰਦੇ ਗੁਰਦੁਆਰਾ ਸਾਹਿਬ ਵਿਚ ਦਖਲਅੰਦਾਜ਼ੀ ਨਹੀਂ ਕਰ ਸਕਦੀ ਕਿਉਂਕਿ ਸਿੱਖਾਂ ਦੇ ਸਰਪ੍ਰਸਤ ਸ੍ਰੀ ਗੁਰੂ ਗ੍ਰੰਥ ਸਾਹਿਬ ਨੇ ਅਤੇ ਹੁਣ ਹਰਿਆਣਾ ਸਰਕਾਰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਆਪਣਾ ਹੁਕਮ ਚਲਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਕਰ ਰਹੀ ਹੈ |
ਉਨ੍ਹਾਂ ਕਿਹਾ ਕਿ ਹਰਿਆਣਾ ਤੋਂ ਸਿੱਖ ਆਗੂ ਦਲਜੀਤ ਸਿੰਘ ਦਾਦੂਵਾਲ ਨੇ ਵੀ ਇਸ ਆਰਡੀਨੈਂਸ ਦਾ ਵਿਰੋਧ ਕੀਤਾ ਹੈ, ਉੱਥੇ ਦਲਜੀਤ ਸਿੰਘ ਚੀਮਾ ਨੇ ਹਰਿਆਣਾ ਸਰਕਾਰ ਨੂੰ ਇਸ ਆਰਡੀਨੈਂਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕੀ ਸਿੱਖ ਕੌਮ ਹੀ ਆਪਣੀ ਕਮੇਟੀ ਬਣਾ ਸਕਦੀ ਹੈ ਅਤੇ ਹਰਿਆਣਾ ਸਰਕਾਰ ਨੂੰ ਗੁਰਦੁਆਰਿਆਂ ਵਿੱਚ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ |
ਉਨ੍ਹਾਂ ਹਰਿਆਣੇ ਦੇ ਲੋਕਾਂ ਨੂੰ ਇਸ ਆਰਡੀਨੈਂਸ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਸਿੱਖ ਆਗੂਆਂ ਦੀ ਇੱਕ ਵੱਖਰੀ ਕਮੇਟੀ ਬਣਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਇਸ ਆਰਡੀਨੈਂਸ ਤੋਂ ਸਾਫ਼ ਸਾਬਤ ਹੁੰਦਾ ਹੈ ਕਿ ਹਰਿਆਣਾ ਸਰਕਾਰ ਹਰਿਆਣਾ ਦੇ ਗੁਰਦੁਆਰਾ ਪ੍ਰਬੰਧਾਂ ਤੇ ਕਬਜ਼ਾ ਕਰਨਾ ਚਾਹੁੰਦੀ ਹੈ, ਜਿਸ ਨੂੰ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਹਰਿਆਣਾ ਦੀਆਂ ਸਿੱਖ ਸੰਗਤਾਂ ਨੂੰ ਅਤੇ ਪ੍ਰਬੰਧਕਾਂ ਨੂੰ ਅਕਾਲ ਤਖ਼ਤ ਸਾਹਿਬ ‘ਤੇ ਬੈਠ ਕੇ ਗੱਲ ਕਰਨ ਦੀ ਅਪੀਲ ਵੀ ਕੀਤੀ ਹੈ ਤਾਂ ਜੋ ਸਿੱਖਾਂ ਦੀਆਂ ਸੰਸਥਾਵਾਂ ਨੂੰ ਬਚਾਇਆ ਜਾ ਸਕੇ |
ਉਨ੍ਹਾਂ ਕਿਹਾ ਕਿ ਰਾਜਨੀਤੀ ਦੇ ਖੋਖਲੇਪਣ ਦੀ ਦਿੱਖ ਅਰਵਿੰਦ ਕੇਜਰੀਵਾਲ ਦੇ ਬਿਆਨ ਤੋਂ ਦਿਖ ਰਹੀ ਹੈ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਲਈ ਅਰਵਿੰਦ ਕੇਜਰੀਵਾਲ ਵੱਲੋਂ ਗੰਦੀ ਰਾਜਨੀਤੀ ਕਰ ਕੇ ਕਰੰਸੀ ਦੇ ਉੱਤੇ ਮਾਤਾ ਲੱਛਮੀ ਅਤੇ ਗਣੇਸ਼ ਜੀ ਦੀ ਫੋਟੋ ਲਗਾਉਣ ਦਾ ਜੋ ਬਿਆਨ ਦਿੱਤਾ ਗਿਆ, ਉਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹਨ |
ਉੱਥੇ ਹੀ ਪੰਜਾਬ ਦੀ ਕਿਸਾਨੀ ਨੂੰ ਲੈ ਕੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿਸਾਨ ਕਦੇ ਵੀ ਨਹੀਂ ਚਾਹੁੰਦਾ ਕਿ ਉਹ ਪਰਾਲੀ ਨੂੰ ਅੱਗ ਲਾਵੇ, ਪਰ ਕਿਸਾਨ ਕੋਲ ਹੋਰ ਕੋਈ ਵੀ ਚਾਰਾ ਨਹੀਂ ਬਚਿਆ ਅਤੇ ਪਰਾਲੀ ਨੂੰ ਅੱਗ ਲਗਾਉਣਾ ਕਿਸਾਨਾਂ ਦੀ ਮਜਬੂਰੀ ਬਣ ਚੁੱਕੀ ਹੈ ਕਿਉਂਕਿ ਕੇਂਦਰ ਸਰਕਾਰ ਅਤੇ ਮੌਜੂਦਾ ਪੰਜਾਬ ਦੀ ਸਰਕਾਰ ਆਪਣੀਆਂ ਸੁਰਖੀਆਂ ਬਟੋਰਨ ਵਾਸਤੇ ਪਰਾਲੀ ਦੇ ਮੁੱਦੇ ‘ਤੇ ਰਾਜਨੀਤੀ ਕਰ ਰਹੀ ਹੈ |
ਉੱਥੇ ਹੀ ਦਲਜੀਤ ਸਿੰਘ ਚੀਮਾ ਨੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਪੁੱਛੇ ਗਏ ਸਵਾਲ ‘ਤੇ ਕਿਹਾ ਕਿ ਅੱਜ ਪੰਜਾਬ ਦੀਆਂ ਸਿਹਤ ਸਹੂਲਤਾਂ ਦਾ ਢਾਂਚਾ ਬਹੁਤ ਖ਼ਰਾਬ ਹੋ ਚੁੱਕਿਆ ਹੈ ਅਤੇ ਸਰਕਾਰ ਸਿਰਫ਼ ਖ਼ਬਰਾਂ ਜਾਂ ਇਸ਼ਤਿਹਾਰਾਂ ਵਿੱਚ ਹੀ ਸਿਹਤ ਸਹੂਲਤਾਂ ਨੂੰ ਠੀਕ ਕਰਨ ਦੇ ਵੱਡੇ ਅਤੇ ਝੂਠੇ ਦਾਅਵੇ ਕਰ ਰਹੀ ਹੈ |