ਪੈਨਸ਼ਨਰ ਸੇਵਾ ਪੋਰਟਲ

ਪੈਨਸ਼ਨਰ ਸੇਵਾ ਪੋਰਟਲ ਦੇ ਸਾਰੇ ਲੰਬਿਤ ਮੁੱਦਿਆਂ ਦਾ 31 ਮਾਰਚ ਤੱਕ ਨਿਪਟਾਰਾ ਲਾਜ਼ਮੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿਖੇ ਵੱਖ-ਵੱਖ ਬੈਂਕਾਂ ਨਾਲ ਇੱਕ ਵਿਆਪਕ ਸਮੀਖਿਆ ਬੈਠਕ ‘ਚ ਪੈਨਸ਼ਨਰ ਸੇਵਾ ਪੋਰਟਲ (ਪੀ ਐਸ ਪੀ) ‘ਤੇ ਲੰਬਿਤ ਪਏ ਮੁੱਦਿਆਂ ਨੂੰ ਹੱਲ ਕੀਤਾ। ਹਰਪਾਲ ਸਿੰਘ ਚੀਮਾ ਨੇ ਵਾਰ-ਵਾਰ ਹੋ ਰਹੀ ਦੇਰੀ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ | ਹਰਪਾਲ ਸਿੰਘ ਚੀਮਾ ਨੇ ਸਾਰੇ ਲੰਬਿਤ ਮਾਮਲਿਆਂ ਨੂੰ ਨਿਪਟਾਉਣ ਲਈ 31 ਮਾਰਚ, 2026 ਦੀ ਸਖ਼ਤ ਡੈੱਡਲਾਈਨ ਤੈਅ ਕੀਤੀ ਅਤੇ ਸਪੱਸ਼ਟ ਕੀਤਾ ਕਿ ਅੱਗੇ ਤੋਂ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੈਂਕ ਪਹਿਲਾਂ ਵੀ ਤੈਅ ਸਮਾਂ-ਸਾਰਣੀ ਦੀ ਪਾਲਣਾ ਕਰਨ ‘ਚ ਅਸਫਲ ਰਹੇ ਸਨ, ਇਸ ਕਾਰਨ ਪੰਜਾਬ ਸਰਕਾਰ ਨੂੰ ਉਨ੍ਹਾਂ ਦੀ ਬੇਨਤੀ ‘ਤੇ ਤਾਰੀਖਾਂ ‘ਚ ਵਾਧਾ ਕਰਨਾ ਪਿਆ। ਇਨ੍ਹਾਂ ਛੋਟਾਂ ਦੇ ਬਾਵਜੂਦ ਪ੍ਰਮੁੱਖ ਵਿੱਤੀ ਸੰਸਥਾਵਾਂ ‘ਚ ਭਾਰੀ ਬੈਕਲਾਗ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਇਹ ਸਥਿਤੀ ਨਾ-ਮਨਜ਼ੂਰ ਹੈ। ਪੈਨਸ਼ਨਰ ਸੇਵਾ ਪੋਰਟਲ ਨਾਲ ਸਬੰਧਤ ਸਾਰੇ ਲੰਬਿਤ ਮੁੱਦਿਆਂ ਨੂੰ 31 ਮਾਰਚ, 2026 ਤੱਕ ਹੱਲ ਕੀਤਾ ਜਾਣਾ ਜਰੂਰੀ ਹੈ।”

ਵਿੱਤ ਮੰਤਰੀ ਨੇ 15 ਮਾਰਚ ਨੂੰ ਫਾਲੋ-ਅੱਪ ਸਮੀਖਿਆ ਬੈਠਕ ਦਾ ਐਲਾਨ ਕਰਦਿਆਂ ਸਖ਼ਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 31 ਮਾਰਚ ਦੀ ਡੈੱਡਲਾਈਨ ਤੱਕ ਸਾਰੇ ਬਕਾਇਆ ਮੁੱਦਿਆਂ ਦਾ ਨਿਪਟਾਰਾ ਕਰਨ ‘ਚ ਅਸਫਲ ਰਹਿਣ ਵਾਲੇ ਕਿਸੇ ਵੀ ਬੈਂਕ ਖ਼ਿਲਾਫ ਸਖ਼ਤ ਕਾਰਵਾਈ ਕਰੇਗੀ। ਪ੍ਰਸ਼ਾਸਨਿਕ ਅਕੁਸ਼ਲਤਾ ਕਾਰਨ ਪੈਨਸ਼ਨਰਾਂ ਨੂੰ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾ ਸਕਦਾ।”

ਪੰਜਾਬ ਸਰਕਾਰ ਦੀਆਂ 31 ਅਕਤੂਬਰ, 2025 ਦੀਆਂ ਹਦਾਇਤਾਂ ਮੁਤਾਬਕ ਸਿਰਫ਼ ਜੀਵਨ ਪ੍ਰਮਾਣ ਪੱਤਰ (ਜੇ ਪੀ ਪੀ) ਰਾਹੀਂ ਡਿਜੀਟਲ ਲਾਈਫ ਸਰਟੀਫਿਕੇਟ ਸਵੀਕਾਰ ਕਰਨ ਨੂੰ ਲਾਜ਼ਮੀ ਕੀਤਾ ਸੀ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੁਝ ਬੈਂਕਾਂ ਨੇ ਇਨ੍ਹਾਂ ਹਦਾਇਤਾਂ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਹੈ। ਉਨ੍ਹਾਂ ਕਿਹਾ, “ਕਿਸੇ ਵੀ ਤਰ੍ਹਾਂ ਦੇ ਕਮਿਊਨੀਕੇਸ਼ਨ ਗੈਪ ਨੂੰ ਦੂਰ ਕਰਨ ਲਈ, ਪੰਜਾਬ ਸਰਕਾਰ ਨੇ ਬੈਂਕਾਂ ਨੂੰ ਇੱਕ ਵਿਸ਼ੇਸ਼ ਸੰਦੇਸ਼ ਅਤੇ ਪੱਤਰ ਦਾ ਖਰੜਾ ਪ੍ਰਦਾਨ ਕੀਤਾ ਹੈ। ਬੈਂਕਾਂ ਨੂੰ ਇਹ ਸੰਦੇਸ਼ ਆਪਣੇ ਅੱਪਡੇਟ ਕੀਤੇ ਸੰਪਰਕ ਡਾਟਾਬੇਸ ਰਾਹੀਂ ਅੱਗੇ ਭੇਜਣਾ ਚਾਹੀਦਾ ਹੈ ਤਾਂ ਜੋ ਪੈਨਸ਼ਨਰਾਂ ਨੂੰ ਲਾਜ਼ਮੀ ਜੇ ਪੀ ਪੀ ਅਤੇ ਈ-ਕੇਵਾਈਸੀ ਲੋੜ ਬਾਰੇ ਪੂਰੀ ਤਰ੍ਹਾਂ ਜਾਣੂ ਕਰਵਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਡੋਰ ਸਟੈਪ ਡਿਲਿਵਰੀ ਪਹਿਲਕਦਮੀ ਦਾ ਉਦੇਸ਼ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਘਰ ਬੈਠੇ ਹੀ ਜੇ ਪੀ ਪੀ ਅਤੇ ਈ-ਕੇਵਾਈਸੀ ਪੂਰਾ ਕਰਨ ‘ਚ ਸਹਾਇਤਾ ਪ੍ਰਦਾਨ ਕਰਨਾ ਹੈ | ਉਨ੍ਹਾਂ ਨੇ ਬੈਂਕਾਂ ਦੇ ਸਰਗਰਮ ਸਹਿਯੋਗ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਸਾਈਬਰ ਠੱਗੀਆਂ ਅਤੇ ਡਿਜੀਟਲ ਗ੍ਰਿਫਤਾਰੀਆਂ ਦੇ ਵੱਧ ਰਹੇ ਖਤਰੇ ਨੂੰ ਦੇਖਦਿਆਂ, ਬਹੁਤ ਸਾਰੇ ਪੈਨਸ਼ਨਰ ਘਰ ਬੈਠਿਆਂ ਸੇਵਾਵਾਂ ਦੀ ਵਰਤੋਂ ਕਰਨ ਦੀ ਬਜਾਏ, ਸੁਰੱਖਿਆ ਪੱਖੋਂ ਖੁਦ ਬੈਂਕ ਸ਼ਾਖਾਵਾਂ ‘ਚ ਜਾਣਾ ਪਸੰਦ ਕਰ ਸਕਦੇ ਹਨ। ਇਸ ਲਈ, ਬ੍ਰਾਂਚ ਪੱਧਰ ‘ਤੇ ਤਿਆਰੀ ਹੋਣੀ ਬਹੁਤ ਜ਼ਰੂਰੀ ਹੈ।”

ਵਧੀਕ ਮੁੱਖ ਸਕੱਤਰ (ਵਿੱਤ) ਆਲੋਕ ਸ਼ੇਖਰ ਨੇ ਬੈਠਕ ਦੌਰਾਨ ਸਖ਼ਤ ਸੰਚਾਲਨ ਦਿਸ਼ਾ-ਨਿਰਦੇਸ਼ ਨਿਰਧਾਰਤ ਕੀਤੇ। ਉਨ੍ਹਾਂ ਕਿਹਾ, “ਬੈਂਕ ਲਾਜ਼ਮੀ ਤੌਰ ‘ਤੇ ਸਹੀ ਈ-ਸਕ੍ਰੋਲ ਅੱਪਲੋਡ ਕਰਨ ਅਤੇ ਜ਼ਿਲ੍ਹਾ ਖਜ਼ਾਨਾ ਅਫ਼ਸਰਾਂ ਵੱਲੋਂ ਦੱਸੀਆਂ ਕਮੀਆਂ ਨੂੰ ਤੁਰੰਤ ਦੂਰ ਕਰਨ। ਪਾਲਣਾ ‘ਚ ਹੋਣ ਵਾਲੀ ਕਿਸੇ ਵੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।”

ਇਸ ਤੋਂ ਇਲਾਵਾ, ਉਨ੍ਹਾਂ ਬੈਂਕਾਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਬਕਾਇਆ ਪੀ.ਪੀ.ਓ. ਪੀ.ਡੀ.ਐੱਫ. ਜਮ੍ਹਾਂ ਕਰਵਾਉਣ, ਆਰਜ਼ੀ ਪੈਨਸ਼ਨਰਾਂ ਨੂੰ ਮਨਜ਼ੂਰੀ ਦੇਣ ਅਤੇ 31 ਅਕਤੂਬਰ, 2025 ਦੀ ਕੱਟ-ਆਫ ਮਿਤੀ ਤੋਂ ਪਹਿਲਾਂ ਸਵੀਕਾਰ ਕੀਤੇ ਮੈਨੂਅਲ ਲਾਈਫ ਸਰਟੀਫਿਕੇਟਾਂ ਨੂੰ ਸਖਤੀ ਨਾਲ ਸਮਾਂ-ਬੱਧ ਤਰੀਕੇ ਨਾਲ ਅੱਪਲੋਡ ਕਰਨ। ਉਨ੍ਹਾਂ ਵਿੱਤੀ ਸੰਸਥਾਵਾਂ ਨੂੰ ਆਪਣੇ ਸਾਫਟਵੇਅਰ ਨੂੰ ਪੈਨਸ਼ਨਰ ਸੇਵਾ ਪੋਰਟਲ ਨਾਲ ਜੋੜਨ ਦੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ।

ਬੈਠਕ ਦੌਰਾਨ ਵਿਚਾਰੇ ਹੋਰ ਮੁੱਖ ਪ੍ਰਸ਼ਾਸਕੀ ਕੰਮਾਂ ‘ਚ ਪ੍ਰਵਾਸੀ ਭਾਰਤੀ ਪੈਨਸ਼ਨਰਾਂ ਨੂੰ ਪੋਰਟਲ ‘ਤੇ ਮਾਰਕ ਕਰਨਾ, ਉਨ੍ਹਾਂ ਦੇ ਨੋਟਰਾਈਜ਼ਡ ਲਾਈਫ ਸਰਟੀਫਿਕੇਟ ਅੱਪਲੋਡ ਕਰਨਾ ਅਤੇ ਮੌਜੂਦਾ ਸਮੇਂ ਬੈਂਕ ਪੱਧਰ ‘ਤੇ ਪੈਂਡਿੰਗ ਸਾਰੀਆਂ ਜੇ ਪੀ ਪੀ ਬੇਨਤੀਆਂ ‘ਤੇ ਕਾਰਵਾਈ ਕਰਨਾ ਸ਼ਾਮਲ ਸੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ “ਭਵਿੱਖ ‘ਚ ਜੇ ਪੀ ਪੀ ਦੇ ਬੇਲੋੜੇ ਰੱਦ ਹੋਣ ਜਾਂ ਅਣਉਚਿਤ ਪ੍ਰਵਾਨਗੀਆਂ ਨੂੰ ਰੋਕਣ ਲਈ ਸਾਰੇ ਬੈਂਕ ਤੁਰੰਤ ਜ਼ਰੂਰੀ ਸਿਸਟਮ ਸੋਧਾਂ ਲਾਗੂ ਕਰਨ।

Read More: ਪੰਜਾਬ ਦੇ ਸਕੂਲਾਂ ‘ਚ ਕੰਪਿਊਟਰ ਲੈਬਾਂ ਸਥਾਪਤ ਕਰਨ ਲਈ 400 ਕਰੋੜ ਰੁਪਏ ਦਾ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਦਾ ਐਲਾਨ

ਵਿਦੇਸ਼

Scroll to Top