July 4, 2024 11:26 pm
Som Prakash

ਪੰਜਾਬ ‘ਚ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਹੋਣਾ ਪਵੇਗਾ: ਕੇਂਦਰੀ ਮੰਤਰੀ ਸੋਮ ਪ੍ਰਕਾਸ਼

ਚੰਡੀਗੜ੍ਹ 21 ਦਸੰਬਰ 2022: ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ (Som Prakash) ਨੇ ਅੱਜ ਸੰਸਦ ਵਿੱਚ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦਾ ਮੁੱਦਾ ਚੁੱਕਿਆ | ਉਨ੍ਹਾਂ ਨੇ ਲੋਕ ਸਭ ਵਿੱਚ ਕਿਹਾ ਕਿ ਨਸ਼ੇ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇੱਕਜੁੱਟ ਹੋਣਾ ਪਵੇਗਾ।

ਇਸ ਦੌਰਾਨ ਉਨ੍ਹਾਂ ਅੰਮ੍ਰਿਤਸਰ, ਪਟਿਆਲਾ ਅਤੇ ਖੰਨਾ ਵਰਗੇ ਸ਼ਹਿਰਾਂ ਦੀਆਂ ਕਈ ਉਦਾਹਰਣਾਂ ਵੀ ਪੇਸ਼ ਕੀਤੀਆਂ, ਜਿਨ੍ਹਾਂ ਵਿੱਚ ਉਨ੍ਹਾਂ ਨੇ ਨਾ ਸਿਰਫ਼ ਅੰਕੜੇ ਦੱਸੇ ਸਗੋਂ ਪਿੰਡਾਂ ਦੇ ਨਾਂ ਅਤੇ ਉਨ੍ਹਾਂ ਵਿੱਚ ਨਸ਼ਾ ਵੇਚਣ ਅਤੇ ਕਰਨ ਵਾਲਿਆਂ ਦੀ ਗਿਣਤੀ ਵੀ ਦੱਸੀ।

ਸੰਸਦ ਵਿੱਚ ਬੋਲਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਖੇਤਰ ਹੈ। ਜਿਸ ਕਾਰਨ ਗੁਆਂਢੀ ਦੇਸ਼ਾਂ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਹੁੰਦੀ ਹੈ। ਇਸ ਨੂੰ ਰੋਕਣ ਦੀ ਬਜਾਏ ਸਿਆਸੀ ਪਾਰਟੀਆਂ ਇਨ੍ਹਾਂ ਮਾਮਲਿਆਂ ਵਿੱਚ ਸ਼ਾਮਲ ਆਪਣੇ ਆਗੂਆਂ ਦੇ ਹੱਕ ਵਿੱਚ ਖੜ੍ਹ ਜਾਂਦੀਆਂ ਹਨ। ਜਦਕਿ ਅਜਿਹਾ ਕਰਨ ਦੀ ਬਜਾਏ ਸੂਬੇ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਸਾਰਿਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ।