Site icon TheUnmute.com

ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਇਕ ਦਿਨ ਦੀ ਤਨਖ਼ਾਹ ਦੇਣਗੇ

flood victims

ਅੰਮ੍ਰਿਤਸਰ, 18 ਜੁਲਾਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ (flood victims) ਦੀ ਮੱਦਦ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ’ਚ ਨਿੱਜੀ ਹਿੱਸਾ ਪਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਆਪਣੀ ਇੱਕ ਦਿਨ ਦੀ ਤਨਖ਼ਾਹ ਦੇਣ ਦਾ ਫੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਕ ਖਾਤਾ ਜਨਤਕ ਕਰਕੇ ਸੰਗਤਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਗਈ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਇਹ ਪਹਿਲਕਦਮੀ ਕੀਤੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਐਸੋਸੀਏਸ਼ਨ ਵੱਲੋਂ 51 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ, ਜਦਕਿ ਸਿੱਖ ਕਥਾਵਾਚਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਵੀ 1 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਲਏ ਗਏ ਫੈਸਲੇ ਨੂੰ ਮਾਨਵ ਹਿੱਤਕਾਰੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਔਖੇ ਸਮੇਂ ਮਨੁੱਖਤਾ ਨਾਲ ਖੜ੍ਹਨਾ ਗੁਰੂ ਦਰਸਾਏ ਮਾਰਗ ਦਾ ਹਿੱਸਾ ਹੈ, ਜਿਸ ਤਹਿਤ ਸਭ ਦਾ ਫ਼ਰਜ਼ ਹੈ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕਾਰਜ ਕੀਤੇ ਜਾਣ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਮੁਲਾਜ਼ਮਾਂ ਨਾਲ ਇਕੱਤਰਤਾ ਕਰਕੇ ਸੰਸਥਾ ਵੱਲੋਂ ਚਲਾਈਆਂ ਜਾ ਰਹੀਆਂ ਰਾਹਤ ਸੇਵਾਵਾਂ ਦਾ ਮੁਲਾਂਕਣ ਕੀਤਾ ਅਤੇ ਨਾਲ ਹੀ ਪ੍ਰਚੰਡ ਤੌਰ ’ਤੇ ਪੀੜਤਾਂ ਦੀ ਸਹਾਇਤਾ ਲਈ ਕਾਰਜਾਂ ਦੀ ਨਿਰੰਤਰਤਾ ਬਣਾਈ ਰੱਖਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰਾਂ ਤੋਂ ਵੱਧ ਕੇ ਕੰਮ ਸ਼੍ਰੋਮਣੀ ਕਮੇਟੀ ਕਰ ਰਹੀ ਹੈ ਅਤੇ ਇਸ ਦੇ ਮੁਲਾਜ਼ਮ ਆਪਣੀ ਜਾਨ ਦੀ ਪ੍ਰਵਾਨ ਕੀਤੇ ਬਿਨਾਂ ਹੜ੍ਹ ਪੀੜਤਾਂ ਦੀ ਅੱਗੇ ਹੋ ਕੇ ਸੇਵਾ ਕਰ ਰਹੇ ਹਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਵੀ ਮੁਲਾਜ਼ਮਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈਆਂ ਸੇਵਾਵਾਂ ’ਤੇ ਤਸੱਲੀ ਪ੍ਰਗਟਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਸਮੂਹ ਮੁਲਾਜ਼ਮਾਂ ਦੀ ਸਹਿਮਤੀ ਨਾਲ ਮੁਲਾਜ਼ਮਾਂ ਵੱਲੋਂ ਇੱਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ (flood victims) ਦੀ ਸਹਾਇਤਾ ਲਈ ਦੇਣ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਸਿਮਰਜੀਤ ਸਿੰਘ,, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਚਰਨ ਸਿੰਘ ਕੁਹਾਲਾ, ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ. ਸ਼ਾਹਬਾਜ਼ ਸਿੰਘ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ, ਸ਼੍ਰੋਮਣੀ ਕਮੇਟੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਸ. ਜੋਗਿੰਦਰ ਸਿੰਘ ਅਦਲੀਵਾਲ, ਸ. ਪਰਵਿੰਦਰ ਸਿੰਘ ਡੰਡੀ, ਸ. ਇੰਦਰਪਾਲ ਸਿੰਘ, ਸ. ਸੁਰਿੰਦਰਪਾਲ ਸਿੰਘ, ਸ. ਗੋਪਾਲ ਸਿੰਘ, ਸ. ਮਹਿਤਾਬ ਸਿੰਘ, ਸਾਬਕਾ ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਅਤੇ ਹੋਰ ਮੌਜੂਦ ਸਨ।

Exit mobile version