ਪਟਿਆਲਾ, 01 ਮਈ 2023: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਪੰਜਾਬ ਸਰਕਾਰ ਵੱਲੋਂ 2 ਮਈ ਤੋਂ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਕੀਤੇ ਬਦਲਾਅ ਦੀ ਜ਼ਿਲ੍ਹੇ ਦੇ ਸਾਰੇ ਵਿਭਾਗਾਂ/ਅਦਾਰਿਆਂ (Government Departments) ਨੂੰ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਪਹਿਲਾਂ ਵਾਂਗ ਸਵੇਰੇ 9 ਵਜੇ ਤੋਂ 5 ਵਜੇ ਤੱਕ ਹੀ ਖੁੱਲ੍ਹਣਗੇ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਸਾਰੇ ਦਫ਼ਤਰਾਂ (Government Departments) ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਨਿਰਦੇਸ਼ਾਂ ਤਹਿਤ ਹੁਣ ਜ਼ਿਲ੍ਹੇ ਦੇ ਸਮੁੱਚੇ ਪੰਜਾਬ ਸਰਕਾਰ ਦੇ ਅਦਾਰੇ 2 ਮਈ 2023 ਦਿਨ ਮੰਗਲਵਾਰ ਤੋਂ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਖੁੱਲ੍ਹਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਸਰਕਾਰੀ ਦਫ਼ਤਰਾਂ ਦੇ ਬਦਲੇ ਹੋਏ ਨਵੇਂ ਸਮੇਂ ਦਾ ਧਿਆਨ ਰੱਖਣ ਅਤੇ ਉਸ ਅਨੁਸਾਰ ਹੀ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਪਹੁੰਚ ਕਰਨ। ਉਨ੍ਹਾਂ ਕਿਹਾ ਕਿ ਇਹ ਸਮਾਂ ਸਾਰਣੀ 15 ਜੁਲਾਈ, 2023 ਤੱਕ ਲਾਗੂ ਰਹੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਬਦਲਿਆ ਨਵਾਂ ਸਮਾਂ ਪੰਜਾਬ ਦੇ ਸਮੂਹ ਖੇਤਰੀ ਦਫ਼ਤਰਾਂ, ਸਿਵਲ ਸਕੱਤਰੇਤ ਅਤੇ ਹੋਰ ਮੁੱਖ ਦਫ਼ਤਰਾਂ ਸਮੇਤ ਸਾਰੇ ਦਫ਼ਤਰਾਂ ਵਿੱਚ ਇਕਸਾਰ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਇਨ੍ਹਾਂ ਹਦਾਇਤਾਂ ਨੂੰ ਅਮਲ ਵਿੱਚ ਲਿਆਉਣ ਲਈ ਸਾਰੇ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਨਵੇਂ ਸਮੇਂ ਦੀ ਪਾਲਣਾ ਕਰਨ। ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਕਤ ਸਮੇਂ ਅਨੁਸਾਰ ਹੀ ਸੇਵਾਵਾਂ ਪ੍ਰਾਪਤ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਪਹਿਲਾਂ ਵਾਂਗ ਹੀ ਸਵੇਰੇ 9 ਵਜੇ ਤੋਂ 5 ਤੱਕ ਖੁੱਲ੍ਹਣਗੇ, ਇਸ ਲਈ ਜ਼ਿਲ੍ਹਾ ਵਾਸੀ ਇਸ ਸਮੇਂ ਅਨੁਸਾਰ ਸੇਵਾਵਾਂ ਹਾਸਲ ਕਰ ਸਕਦੇ ਹਨ