ਚੰਡੀਗ੍ਹੜ, 25 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਬੁੱਧਵਾਰ ਨੂੰ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਆਜ਼ਾਦ ਤੌਰ ‘ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ 2024 ਵਿੱਚ ਪੰਜਾਬ ਸਾਰੀਆਂ 13 ਸੀਟਾਂ ਆਮ ਆਦਮੀ ਪਾਰਟੀ ਨੂੰ ਦੇ ਕੇ ਇਤਿਹਾਸ ਰਚੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਕਾਂਗਰਸ (Congress) ਨਾਲ ਕੋਈ ਗਠਜੋੜ ਨਹੀਂ ਹੋਵੇਗਾ। ਮੁੱਖ ਮੰਤਰੀ ਮਾਨ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ‘ਆਪ’ ਦੇ ਚੋਟੀ ਦੇ ਆਗੂਆਂ ਨੇ ਨਵੀਂ ਦਿੱਲੀ ‘ਚ ਗਠਜੋੜ ਸਮੇਤ ਇਕੱਲੇ ਚੋਣ ਲੜਨ ਵਰਗੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਆਲਾਕਮਾਨ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੀ ਮੁੱਖ ਵਿਰੋਧੀ ਧਿਰ ਕਾਂਗਰਸ (Congress) ਨਾਲ ਗਠਜੋੜ ਕਰਨਾ ਪਾਰਟੀ ਲਈ ਸਿਆਸੀ ਤੌਰ ’ਤੇ ਨੁਕਸਾਨਦਾਇਕ ਸਿੱਧ ਹੋਵੇਗਾ। ਕੈਬਨਿਟ ਬੈਠਕ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਚੰਡੀਗੜ੍ਹ ਮੇਅਰ ਚੋਣਾਂ ਲਈ ਪੰਜਾਬ ਵਿੱਚ ‘ਆਪ’-ਕਾਂਗਰਸ ਗਠਜੋੜ ਨੂੰ ਦੁਹਰਾਉਣ ਦੇ ਸਵਾਲ ’ਤੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ‘ਆਪ’ ਪੰਜਾਬ ਦੀਆਂ ਸਾਰੀਆਂ 13 ਸੀਟਾਂ ਅਤੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਆਜ਼ਾਦ ਤੌਰ ’ਤੇ ਚੋਣ ਲੜੇਗੀ।
ਉਨ੍ਹਾਂ (CM Bhagwant Mann) ਕਿਹਾ ਕਿ ਪੰਜਾਬ ਦੇ ਲੋਕ ਸਾਡੀ ਬਿਹਤਰ ਕਾਰਗੁਜ਼ਾਰੀ ਦੇ ਆਧਾਰ ‘ਤੇ ਸਾਡਾ ਮੁਲਾਂਕਣ ਕਰਨਗੇ ਅਤੇ ਅਸੀਂ ਆਪਣੇ ਦਮ ‘ਤੇ ਸਾਰੀਆਂ ਸੀਟਾਂ ਜਿੱਤ ਕੇ ਇਤਿਹਾਸ ਰਚਾਂਗੇ | ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਮਹਿਸੂਸ ਕਰ ਰਹੀ ਹੈ ਕਿ ਕਾਂਗਰਸ ਨਾਲ ਗਠਜੋੜ ਸਿਆਸੀ ਤੌਰ ‘ਤੇ ਨੁਕਸਾਨਦਾਇਕ ਹੋ ਸਕਦਾ ਹੈ ਅਤੇ ਇਹ ਵੋਟਰਾਂ ਨੂੰ ਵੀ ਪਸੰਦ ਨਹੀਂ ਆਵੇਗਾ। ਇਸ ਕਦਮ ਨਾਲ ਵਿਰੋਧੀ ਪਾਰਟੀਆਂ ਨੂੰ ਸਰਕਾਰ ‘ਤੇ ਸਿਆਸੀ ਹਮਲਾ ਕਰਨ ਦਾ ਮੌਕਾ ਮਿਲੇਗਾ, ਜਿਸ ਨਾਲ ਆਮ ਚੋਣਾਂ ‘ਚ ਸਾਡੀ ਸੰਭਾਵਨਾ ਘੱਟ ਜਾਵੇਗੀ।
ਲੋਕ ਸਭਾ ਚੋਣਾਂ ਲਈ ‘ਆਪ’ ਦੀਆਂ ਤਿਆਰੀਆਂ ਸਬੰਧੀ ਪੁੱਛੇ ਸਵਾਲ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਸਾਰੀਆਂ 13 ਸੀਟਾਂ ‘ਤੇ ਵਲੰਟੀਅਰਾਂ ਨਾਲ ਸੰਭਾਵਿਤ ਉਮੀਦਵਾਰਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਹੈ। ਹੁਣ ਤੱਕ ਕੁੱਲ 40 ਨਾਂ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਰੇਕ ਲੋਕ ਸਭਾ ਹਲਕੇ ਤੋਂ 3 ਉਮੀਦਵਾਰ ਚੁਣੇ ਜਾਣਗੇ ਅਤੇ ਉਨ੍ਹਾਂ ਵਿੱਚੋਂ ਸਭ ਤੋਂ ਵਧੀਆ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਬਾਅਦ ਸਰਵੇਖਣ ਸ਼ੁਰੂ ਹੋਵੇਗਾ। ਪਾਰਟੀ ਜਿੱਤ ਨੂੰ ਪਹਿਲ ਦੇ ਆਧਾਰ ‘ਤੇ ਲੈ ਕੇ ਅੰਤਿਮ ਫੈਸਲਾ ਲਵੇਗੀ |