ਪੰਜਾਬ ਹੜ੍ਹ

ਅਮਨ ਅਰੋੜਾ ਵੱਲੋਂ PM ਮੋਦੀ ਦੇ ਦੌਰੇ ਤੋਂ ਪਹਿਲਾਂ ਕੇਂਦਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ

ਹਰਿਆਣਾ, 08 ਸਤੰਬਰ 2025: ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕੇਂਦਰ ਸਰਕਾਰ ਨੂੰ ਪ੍ਰਧਾਨ ਮੰਤਰੀ ਦੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਤੋਂ ਪਹਿਲਾਂ ਅਪੀਲ ਕਰਦੇ ਹੋਏ ਕੇਂਦਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਹੜ੍ਹ ਦੀ ਸਥਿਤੀ ਨੂੰ ਫੋਟੋਗ੍ਰਾਫੀ ਦੇ ਮੌਕੇ ਵਜੋਂ ਵਰਤਣ ਲਈ ਪੰਜਾਬ ਭਾਜਪਾ ਲੀਡਰਸ਼ਿਪ ਅਤੇ ਕੇਂਦਰੀ ਮੰਤਰੀਆਂ ਦੀ ਸਖ਼ਤ ਆਲੋਚਨਾ ਕੀਤੀ |

ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਕੁਦਰਤੀ ਆਫ਼ਤ ਤੋਂ ਸੂਬੇ ਨੂੰ ਉਭਰਨ ‘ਚ ਕੁਝ ਠੋਸ ਮੱਦਦ ਪ੍ਰਦਾਨ ਕਰਨ। ਪ੍ਰਧਾਨ ਮੰਤਰੀ ਮੰਗਲਵਾਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ ਆ ਰਹੇ ਹਨ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ 3 ਕਰੋੜ ਤੋਂ ਵੱਧ ਲੋਕਾਂ ਵੱਲੋਂ, ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਿਲੋਂ ਸਵਾਗਤ ਕਰਦਾ ਹਾਂ, ਜੋ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਆ ਰਹੇ ਹਨ।

ਅਮਨ ਅਰੋੜਾ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ, ਉਹ ਪੰਜਾਬ ਲਈ ਵਿਸ਼ੇਸ਼ ਮੱਦਦ ਲਿਆਉਣ ਅਤੇ ਇਸ ਗੰਭੀਰ ਸੰਕਟ ਨੂੰ ਸਿਰਫ਼ ਫੋਟੋਗ੍ਰਾਫੀ ਤੱਕ ਸੀਮਤ ਨਾ ਰੱਖਣ। ਜੇਕਰ ਪ੍ਰਧਾਨ ਮੰਤਰੀ ਸੱਚਮੁੱਚ ਪੰਜਾਬ ਨੂੰ ਭਾਰਤ ਦਾ ਅਨਿੱਖੜਵਾਂ ਅੰਗ ਮੰਨਦੇ ਹਨ ਅਤੇ ਪੰਜਾਬ ਦੀ ਪਰਵਾਹ ਕਰਦੇ ਹਨ, ਤਾਂ ਉਨ੍ਹਾਂ ਨੂੰ ਘੱਟੋ-ਘੱਟ 20,000 ਕਰੋੜ ਰੁਪਏ ਦਾ ਪੈਕੇਜ ਲੈ ਕੇ ਆਉਣਾ ਚਾਹੀਦਾ ਹੈ।”

ਅਮਨ ਅਰੋੜਾ ਨੇ ਕੇਂਦਰ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਉਹ ਸੂਬੇ ਦੇ 60,000 ਕਰੋੜ ਰੁਪਏ ਦੇ ਰੋਕੇ ਗਏ ਫੰਡਾਂ ਨੂੰ ਤੁਰੰਤ ਜਾਰੀ ਕਰੇ, ਜਿਸ ‘ਚ ਜੀਐਸਟੀ ਪ੍ਰਣਾਲੀ ਲਾਗੂ ਹੋਣ ਕਾਰਨ 50,000 ਕਰੋੜ ਰੁਪਏ ਦਾ ਮਾਲੀਆ ਨੁਕਸਾਨ ਅਤੇ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਲੰਬਿਤ 8,000 ਕਰੋੜ ਰੁਪਏ ਪੇਂਡੂ ਵਿਕਾਸ ਫੰਡ (ਆਰਡੀਐਫ) ਅਤੇ ਮਾਰਕੀਟ ਵਿਕਾਸ ਫੰਡ (ਐਮਡੀਐਫ) ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਨ੍ਹਾਂ ਬਕਾਇਆ ਫੰਡਾਂ ਨੂੰ ਜਾਰੀ ਕਰਨ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਸੀ। ਉਨ੍ਹਾਂ ਹੜ੍ਹ ਮੁਆਵਜ਼ੇ ‘ਚ ਵਾਧੇ ਦੀ ਮੰਗ ਵੀ ਕੀਤੀ ਕਿਉਂਕਿ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਨੇ 4.50 ਲੱਖ ਏਕੜ ਤੋਂ ਵੱਧ ਖੇਤੀਬਾੜੀ ਜ਼ਮੀਨ ਡੁੱਬ ਗਈ ਹੈ, 3 ਲੱਖ ਤੋਂ ਵੱਧ ਪਸ਼ੂ ਪ੍ਰਭਾਵਿਤ ਹੋਏ ਹਨ ਅਤੇ ਸੈਂਕੜੇ ਘਰ ਤਬਾਹ ਹੋ ਗਏ ਹਨ।

ਅਮਨ ਅਰੋੜਾ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਇਸ ਕੁਦਰਤੀ ਆਫ਼ਤ ਕਾਰਨ ਪੈਦਾ ਹੋਈ ਸਥਿਤੀ ਤੋਂ ਸੂਬੇ ਨੂੰ ਉਭਰਨ ‘ਚ ਮੱਦਦ ਕਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਸੂਬੇ ਦੀਆਂ ਚੁਣੌਤੀਆਂ ਦੇ ਹੱਲ ਲਈ ਲੋੜੀਂਦੀ ਰਾਹਤ ਅਤੇ ਸਹਾਇਤਾ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਸਮੱਸਿਆਵਾਂ ਦੇ ਹੱਲ ਅਤੇ ਪੰਜਾਬ ਦੇ ਹੱਕਾਂ ਲਈ ਹਰ ਪਲੇਟਫਾਰਮ ‘ਤੇ ਆਪਣੀ ਆਵਾਜ਼ ਬੁਲੰਦ ਕਰੇਗੀ।

Read More: ਕੇਂਦਰ ਸਰਕਾਰ ਪੰਜਾਬ ਨੂੰ 60 ਹਜ਼ਾਰ ਕਰੋੜ ਬਕਾਇਆ ਜਾਰੀ ਕਰੇ: ਬਰਿੰਦਰ ਕੁਮਾਰ ਗੋਇਲ

Scroll to Top