July 1, 2024 12:39 am
ਖੇਡਾਂ ਹਲਕਾ ਸੁਨਾਮ

ਅਮਨ ਅਰੋੜਾ ਵੱਲੋਂ ‘ਖੇਡਾਂ ਹਲਕਾ ਸੁਨਾਮ ਦੀਆਂ’ ਤਹਿਤ ਜੇਤੂਆਂ ਨੂੰ ਦਿੱਤੀਆਂ ਜਾਣ ਵਾਲੀਆਂ ਵੱਡ ਆਕਾਰੀ ਟਰਾਫੀਆਂ ਲਾਂਚ

ਸੁਨਾਮ ਊਧਮ ਸਿੰਘ ਵਾਲਾ, 30 ਜਨਵਰੀ 2023: ਸ਼ਹੀਦ ਊਧਮ ਸਿੰਘ ਜੀ ਦੀ ਧਰਤੀ ਸੁਨਾਮ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਸੱਦੇ ਨਾਲ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵੱਲੋਂ 4 ਅਤੇ 5 ਫਰਵਰੀ ਨੂੰ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਕਰਵਾਈ ਜਾਣ ਵਾਲੀ ‘ਬਾਬੂ ਭਗਵਾਨ ਦਾਸ ਅਰੋੜਾ ਯਾਦਗਾਰੀ ਸੁਨਾਮ ਸੁਪਰ ਲੀਗ’ ਦੇ ਜੇਤੂਆਂ ਨੂੰ ਇਨਾਮ ਵਜੋਂ ਪ੍ਰਦਾਨ ਕੀਤੀ ਜਾਣ ਵਾਲੀ ਵੱਡ ਆਕਾਰੀ ਟਰਾਫ਼ੀ ਲਾਂਚ ਕੀਤੀ ਗਈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਖੇਡਾਂ ਪ੍ਰਤੀ ਸਾਰਥਕ ਸੋਚ ਉੱਤੇ ਪਹਿਰਾ ਦਿੰਦੇ ਹੋਏ ਅਤੇ ਹਲਕਾ ਸੁਨਾਮ ਦੇ ਹਰ ਵਰਗ ਦੇ ਨਾਗਰਿਕਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ‘ਖੇਡਾਂ ਹਲਕਾ ਸੁਨਾਮ ਦੀਆਂ ‘ ਦਾ ਆਯੋਜਨ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਪੰਜ ਫੁੱਟ ਤੋਂ ਵੱਧ ਉਚਾਈ ਵਾਲੀਆਂ ਇਹ ਟਰਾਫੀਆਂ ਵਿਸ਼ੇਸ਼ ਤੌਰ ‘ਤੇ ਤਿਆਰ ਕਰਵਾਈਆਂ ਗਈਆਂ ਹਨ ਤਾਂ ਜੋ ਇਨ੍ਹਾਂ ਨੂੰ ਹਾਸਲ ਕਰਨ ਲਈ ਖਿਡਾਰੀ ਟੀਮ ਪੱਧਰ ਉੱਤੇ ਸਰਵੋਤਮ ਖੇਡ ਪ੍ਰਦਰਸ਼ਨ ਲਈ ਪ੍ਰੇਰਿਤ ਹੋਣ ਅਤੇ ਜਿੱਤ ਦਾ ਝੰਡਾ ਲਹਿਰਾਉਣ ਤੋਂ ਬਾਅਦ ਵੀ ਇਹ ਟਰਾਫੀਆਂ ਨਿਰੰਤਰ ਉਨ੍ਹਾਂ ਖਿਡਾਰੀਆਂ ਦੀ ਹੱਲਾਸ਼ੇਰੀ ਦਾ ਜ਼ਰੀਆ ਬਣਦੀਆਂ ਰਹਿਣ।

ਹਲਕਾ ਸੁਨਾਮ ਦੀਆਂ 207 ਟੀਮਾਂ ਨੇ ਰਜਿਸਟ੍ਰੇਸ਼ਨ ਕਰਵਾਈ

ਅਮਨ ਅਰੋੜਾ ਨੇ ਦੱਸਿਆ ਕਿ ਇਸ ਖੇਡ ਕੁੰਭ ਲਈ ਹਲਕਾ ਸੁਨਾਮ ਦੀਆਂ 207 ਟੀਮਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ ਜਿਸ ਤਹਿਤ 2037 ਖਿਡਾਰੀਆਂ ਵੱਲੋਂ ਵੱਖ ਵੱਖ ਵਰਗਾਂ ਵਿੱਚ ਆਪਣੇ ਖੇਡ ਹੁਨਰ ਦਾ ਪ੍ਰਗਟਾਵਾ ਕਰਦਿਆਂ ਕਿਸਮਤ ਅਜਮਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਹਰ ਖਿਡਾਰੀ ਨੂੰ ਇਸ ਸੁਪਰ ਲੀਗ ਲਈ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਈ ਟੀ ਸ਼ਰਟ ਦਿੱਤੀ ਜਾਵੇਗੀ।

ਅਮਨ ਅਰੋੜਾ ਨੇ ਦੱਸਿਆ ਕਿ ਬਾਬੂ ਭਗਵਾਨ ਦਾਸ ਅਰੋੜਾ ਦੇ ਨਾਂ ’ਤੇ ਬਣਾਈ ਫਾਊਂਡੇਸ਼ਨ ਵੱਲੋਂ ਪਿਛਲੇ ਕਈ ਸਾਲਾਂ ਤੋਂ ਲੋਕ ਸੇਵਾ ਵਜੋਂ ਵੱਖ ਵੱਖ ਕੰਮ ਕੀਤੇ ਜਾ ਰਹੇ ਹਨ ਅਤੇ ਪਹਿਲੀ ਵਾਰ ਏਨੇ ਵੱਡੇ ਪੱਧਰ ਉੱਤੇ ਖੇਡ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਤੇ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਨਾਲ ਜੋੜਨ ਦਾ ਤਹੱਈਆ ਕੀਤਾ ਗਿਆ ਹੈ ਜਿਸ ਦੀ ਦਿਸ਼ਾ ਵਿੱਚ ਇਹ ਖੇਡ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਦੀ ਸਫ਼ਲਤਾ ਲਈ ਸਭ ਦਾ ਸਹਿਯੋਗ ਜ਼ਰੂਰੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿਛਲੇ ਮਹੀਨਿਆਂ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਖੇਡ ਕੁੰਭ ਕਰਵਾਇਆ ਗਿਆ ਸੀ ਜਿਸ ਵਿੱਚ ਲੱਖਾਂ ਖਿਡਾਰੀਆਂ ਨੇੇ ਉਤਸ਼ਾਹ ਨਾਲ ਹਿੱਸਾ ਲਿਆ ਸੀ ਜਿਸ ਤੋ ਬਾਅਦ ਸੁਨਾਮ ਦੀ ਹਰੇਕ ਗਲੀ ਹਰ ਘਰ ਵਿੱਚ ਖਿਡਾਰੀ ਪੈਦਾ ਕਰਨ ਦੀ ਸ਼ੁਰੂਆਤ ਹੋਈ ਹੈ ਜਿਸ ਤਹਿਤ ਸ਼ਹੀਦ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਹੋਣ ਵਾਲੀਆਂ ਇਨ੍ਹਾਂ ਖੇਡਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਖਿਡਾਰੀ ਹਿੱਸਾ ਲੈ ਕੇ ਵਾਲੀਬਾਲ ਸ਼ੂਟਿੰਗ, ਵਾਲੀਬਾਲ ਸਮੈਸਿ਼ੰਗ ਅਤੇ ਰੱਸਾਕਸੀ ਵਿੱਚ ਆਪਣੀ ਖੇਡ ਪ੍ਰਤਿਭਾ ਦਾ ਪ੍ਰਗਟਾਵਾ ਕਰਨਗੇ।

ਉਨ੍ਹਾਂ ਦੱਸਿਆ ਕਿ ਜੇਤੂ ਰਹਿਣ ਵਾਲੀਆਂ ਟੀਮਾਂ ਨੂੰ ਪਹਿਲੇ ਇਨਾਮ ਵਜੋ 21 ਹਜ਼ਾਰ ਰੁਪਏ, ਦੂਜੇ ਇਨਾਮ ਵਜੋ 11 ਹਜ਼ਾਰ ਰੁਪਏ ਅਤੇ ਤੀਜੇ ਇਨਾਮ ਵਜੋ 51 ਸੌ ਰੁਪਏ ਦੀ ਨਗਦ ਰਾਸ਼ੀ ਨਾਲ ਵੀ ਨਾਲ ਨਿਵਾਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਦਮਸ਼੍ਰੀ ਕੌਰ ਸਿੰਘ ਅਤੇ ਪਦਮਸ਼੍ਰੀ ਸੁਨੀਤਾ ਰਾਣੀ ਨੂੰ ਉਨ੍ਹਾਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਲਈ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।