ਚੰਡੀਗੜ੍ਹ/ਸੁਨਾਮ ਊਧਮ ਸਿੰਘ ਵਾਲਾ, 15 ਮਈ 2023: ਪਿੰਡ ਈਲਵਾਲ ਅਤੇ ਤੂੰਗਾਂ ਦੇ ਵਸਨੀਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਦੋਵਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਵਿਕਾਸ ਪ੍ਰਾਜੈਕਟਾਂ (Development Projects)ਦਾ ਨੀਂਹ ਪੱਥਰ ਰੱਖਿਆ।
ਕੈਬਿਨਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਪਿੰਡ ਈਲਵਾਲ ਵਿਖੇ ਛੱਪੜ ਦੇ ਨਵੀਨੀਕਰਨ ਲਈ 36 ਲੱਖ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਪਿੰਡ ਤੂੰਗਾਂ ਵਿਖੇ 45 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਨਵੇਂ ਪੰਚਾਇਤ ਘਰ ਅਤੇ 33 ਲੱਖ ਰੁਪਏ ਦੀ ਲਾਗਤ ਨਾਲ ਛੱਪੜ ਦੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ।
ਇਸ ਮੌਕੇ ਬੋਲਦਿਆਂ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਵਾਇਦ ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਦੀ ਸਲਾਹ ਨਾਲ ਵਿਕਾਸ ਪ੍ਰਾਜੈਕਟ ਉਲੀਕੇ ਜਾ ਰਹੇ ਹਨ ਜਿਨ੍ਹਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ।
ਕੈਬਿਨਟ ਮੰਤਰੀ ਨੇ ਦੱਸਿਆ ਕਿ ਸੁਨਾਮ ਹਲਕੇ ਨੂੰ ਨਮੂਨੇ ਦੇ ਹਲਕੇ ਵਜੋਂ ਵਿਕਸਿਤ ਕਰਨਾ ਉਨ੍ਹਾਂ ਦੀ ਆਪਣੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਹਰ ਛੋਟੇ-ਵੱਡੇ ਪ੍ਰਾਜੈਕਟ ਦੀ ਉਹ ਖੁਦ ਨਿਗਰਾਨੀ ਕਰਦੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ‘ਚ ਗੰਦੇ ਪਾਣੀ ਦੀ ਸਹੀ ਨਿਕਾਸੀ ਦੇ ਨਾਲ-ਨਾਲ ਬਰਸਾਤਾਂ ਦੇ ਮੌਸਮ ‘ਚ ਟੋਭਿਆਂ ਨੂੰ ਬਿਮਾਰੀਆਂ ਦਾ ਸੋਮਾ ਬਣਨ ਤੋਂ ਬਚਾਉਣ ਲਈ ਇਨ੍ਹਾਂ ਨੂੰ ਥਾਪਰ ਮਾਡਲ ਰਾਹੀਂ ਮੁੜ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਵੀਨੀਕਰਨ ਤੋਂ ਬਾਅਦ ਗੰਦਗੀ ਦਾ ਸੋਮਾ ਬਣੇ ਇਨ੍ਹਾਂ ਟੋਭਿਆਂ ਦਾ ਪਾਣੀ ਸਾਫ ਕਰਕੇ ਖੇਤਾਂ ਦੀ ਸਿੰਜਾਈ ਲਈ ਵਰਤਿਆ ਜਾਵੇਗਾ।
ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਨਾਲ-ਨਾਲ ਲੋਕਾਂ ਨੂੰ ਵੀ ਇਸ ਵਿਰੁੱਧ ਜਾਗਰੂਕ ਵੀ ਕੀਤਾ ਗਿਆ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਇਹ ਵਿਕਾਸ ਪ੍ਰਾਜੈਕਟ ਉਨ੍ਹਾਂ ਦੇ ਹਨ ਅਤੇ ਇਨ੍ਹਾਂ ‘ਤੇ ਖ਼ਰਚਿਆ ਜਾਣ ਵਾਲਾ ਪੈਸਾ ਵੀ ਉਨ੍ਹਾਂ ਦਾ ਆਪਣਾ ਹੈ ਸੋ ਇਨ੍ਹਾਂ ਵਿਕਾਸ ਪ੍ਰਾਜੈਕਟਾਂ (Development Projects) ਦੇ ਨੇਪਰੇ ਚੜ੍ਹਨ ਤੱਕ ਉਹ ਆਪ ਇਨ੍ਹਾ ਦੀ ਪੂਰੀ ਨਿਗਰਾਨੀ ਰੱਖਣ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਤਾੜਨਾ ਕੀਤੀ ਕਿ ਹਲਕੇ ‘ਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਜਾਂ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।