ਚੰਡੀਗੜ੍ਹ, 13 ਅਪ੍ਰੈਲ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਅਤੇ ਹੋਰ ਅਧਿਕਾਰੀਆਂ ਨਾਲ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ। ਇਸ ਦੌਰਾਨ ਐੱਨਐੱਸਏ ਅਜੀਤ ਡੋਵਾਲ, ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਗ੍ਰਹਿ ਸਕੱਤਰ ਅਜੈ ਭੱਲਾ, ਜੰਮੂ-ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ, ਕੇਂਦਰੀ ਸੁਰੱਖਿਆ ਬਲਾਂ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਜਿਕਰਯੋਗ ਹੈ ਕਿ ਕਿ ਪਿਛਲੇ ਕੁਝ ਦਿਨਾਂ ‘ਚ ਜੰਮੂ-ਕਸ਼ਮੀਰ ‘ਚ ਲਸ਼ਕਰ-ਏ-ਤੋਇਬਾ ਦੇ ਕੁਝ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਅੱਤਵਾਦੀਆਂ ‘ਚ ਔਰਤਾਂ ਵੀ ਸ਼ਾਮਲ ਹਨ। ਖ਼ਬਰ ਇਹ ਵੀ ਸੀ ਕਿ ਇਹ ਅੱਤਵਾਦੀ ਸੁਰੱਖਿਆ ਬਲਾਂ ‘ਤੇ ਆਈਈਡੀ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਬੈਠਕ ‘ਚ ਗ੍ਰਹਿ ਮੰਤਰੀ (Amit Shah) ਨੇ ਜੰਮੂ-ਕਸ਼ਮੀਰ ‘ਚ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ ਅਤੇ ਪਾਕਿਸਤਾਨ ਸਮਰਥਿਤ ਅੱਤਵਾਦੀਆਂ ਨੂੰ ਖਤਮ ਕਰਨ ਲਈ ਚੁੱਕੇ ਜਾਣ ਵਾਲੇ ਕਦਮਾਂ ‘ਤੇ ਚਰਚਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਘਾਟੀ ‘ਚ ਸ਼ਾਂਤੀ ਬਣਾਈ ਰੱਖਣ ਲਈ ਚੁੱਕੇ ਗਏ ਕਦਮਾਂ ਬਾਰੇ ਵੀ ਗੱਲ ਕੀਤੀ।