ਚੰਡੀਗੜ੍ਹ, 22 ਨਵੰਬਰ 2024: ਅੰਮ੍ਰਿਤਸਰ ‘ਚ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ ਤਸਕਰਾਂ (smugglers) ਦੀ ਸ਼ਹਿ ‘ਤੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 6 ਹਥਿਆਰ ਸਮੱਗਲਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਤਿੰਨ ਅਤਿ-ਆਧੁਨਿਕ 9 ਐਮਐਮ ਗਲੋਕ ਪਿਸਤੌਲਾਂ ਸਮੇਤ 10 ਪਿਸਤੌਲ ਅਤੇ 10 ਕਾਰਤੂਸ ਬਰਾਮਦ ਕੀਤੇ ਹਨ। ਫਿਲਹਾਲ ਪੁਲਿਸ ਵੱਲੋਂ ਇਸ ਗਿਰੋਹ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਵਿਨੋਦ ਕੁਮਾਰ ਉਰਫ਼ ਰੰਗੀਲਾ ਵਾਸੀ ਪੁਤਲੀਘਰ, ਯੁਵਰਾਜ ਸਿੰਘ ਵਾਸੀ ਪਿੰਡ ਰੋੜੀਵਾਲਾ ਜ਼ਿਲ੍ਹਾ ਅੰਮ੍ਰਿਤਸਰ, ਸੁਰਖਾਬ ਸਿੰਘ ਵਾਸੀ ਪਿੰਡ ਰੋੜੀਵਾਲਾ ਜ਼ਿਲ੍ਹਾ ਅੰਮ੍ਰਿਤਸਰ, ਜੁਗਰਾਜ ਸਿੰਘ ਉਰਫ਼ ਜੱਗੂ, ਅੰਮ੍ਰਿਤਪਾਲ ਸਿੰਘ ਅਤੇ ਪ੍ਰਭਦੀਪ ਸਿੰਘ ਉਰਫ਼ ਹਰਮਨ ਵਾਸੀ ਬਟਾਲਾ ਸ਼ਾਮਲ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮ ਵਿਦੇਸ਼ੀ ਤਸਕਰਾਂ (smugglers) ਦੇ ਸੰਪਰਕ ‘ਚ ਹਨ। ਜੋ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹਥਿਆਰਾਂ ਦੀ ਵੱਡੀ ਖੇਪ ਭਾਰਤੀ ਖੇਤਰ ‘ਚ ਪਹੁੰਚਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।