Site icon TheUnmute.com

ਅੰਮ੍ਰਿਤਸਰ ਪੁਲਿਸ ਨੇ 4 ਕਿਲੋ ਹੈਰੋਇਨ ਸਮੇਤ ਪਿਓ-ਪੁੱਤ ਨੂੰ ਕੀਤਾ ਗ੍ਰਿਫ਼ਤਾਰ

Amritsar police

ਅੰਮ੍ਰਿਤਸਰ 12 ਨਵੰਬਰ 2022: ਪੰਜਾਬ ਵਿੱਚ ਵਧ ਰਹੇ ਨਸ਼ੇ ਨੂੰ ਰੋਕਣ ਲਈ ਲਗਾਤਾਰ ਹੀ ਪੰਜਾਬ ਪੁਲਿਸ ਤੇ ਐੱਸਟੀਐੱਫ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਚਲਾ ਕੇ ਨਸ਼ਾ ਖਤਮ ਕਰਨ ਲਈ ਜੱਦੋ-ਜਹਿਦ ਕੀਤੀ ਜਾ ਰਹੀ ਹੈ | ਇਸ ਦੌਰਾਨ ਅੰਮ੍ਰਿਤਸਰ ਪੁਲਿਸ (Amritsar police) ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਪੁਲਿਸ ਨੇ ਪਿਓ-ਪੁੱਤ ਨੂੰ ਨਸ਼ੇ ਦੀ ਵੱਡੀ ਖੇਪ ਸਮੇਤ ਕਾਬੂ ਕਰ ਕੀਤਾ |

ਅੰਮ੍ਰਿਤਸਰ ਦੇ ਥਾਣਾ ਸੁਲਤਾਨਵਿੰਡ ਦੀ ਪੁਲਿਸ ਵੱਲੋਂ ਸਵੇਰੇ ਪਿਓ-ਪੁੱਤ ਨੂੰ ਚਾਰ ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ | ਉਨ੍ਹਾਂ ਦੇ ਕੋਲ ਇਕ ਕਾਰ ਤੇ ਇਕ ਮੋਬਾਇਲ ਵੀ ਬਰਾਮਦ ਕੀਤਾ ਹੈ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਨੇ ਕਿਹਾ ਕਿ ਦੋਵੇਂ ਦੋਸ਼ੀ ਆਪਣੀ ਕਾਰ ਦੇ ਵਿੱਚ ਨਸ਼ੇ ਦੀ ਵੱਡੀ ਖੇਪ ਲੈ ਕੇ ਅੰਮ੍ਰਿਤਸਰ ਤੇ ਤਰਨਤਾਰਨ ਦੇ ਇਲਾਕੇ ਵਿੱਚ ਜਾ ਕੇ ਨਸ਼ਾ ਸਪਲਾਈ ਕਰਦੇ ਸਨ|

ਮੁਖ਼ਬਰ ਦੀ ਜਾਣਕਾਰੀ ਦੇ ਮੁਤਾਬਕ ਪੁਲਿਸ ਨੇ ਨਾਕਾਬੰਦੀ ਕਰਕੇ ਇਨ੍ਹਾਂ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਇਨ੍ਹਾਂ ਦੇ ਕੋਲੋਂ 5 ਲੱਖ ਤੋਂ ਵੱਧ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ | ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਨੇ ਦੱਸਿਆ ਕਿ ਜਦੋਂ ਕਾਰ ਦੀ ਤਲਾਸ਼ੀ ਕੀਤੀ ਗਈ ਤਾਂ ਉਸ ਦੇ ਵਿੱਚੋਂ ਚਾਰ ਕਿੱਲੋ ਹੈਰੋਇਨ ਅਤੇ 5 ਲੱਖ 40 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ | ਪੁਲਿਸ ਨੇ ਦੱਸਿਆ ਕਿ ਦੋਵੇਂ ਦੋਸ਼ੀਆਂ ਦੀ ਪਛਾਣ ਸੁਖਚੈਨ ਸਿੰਘ ਉਰਫ਼ ਸੁੱਖੀ ਅਤੇ ਬਲਵਿੰਦਰ ਸਿੰਘ ਵਜੋਂ ਹੋਈ ਹੈ | ਪੁਲਿਸ ਨੇ ਦੱਸਿਆ ਕਿ ਇਨ੍ਹਾਂ ਦੇ ਖਿਲਾਫ਼ ਮਾਮਲਾ ਦਰਜ ਕਰ ਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਵੀ ਹਾਸਲ ਕੀਤਾ ਜਾਵੇਗਾ |

ਜ਼ਿਕਰਯੋਗ ਹੈ ਕਿ ਲਗਾਤਾਰ ਹੀ ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋਂ ਪੰਜਾਬ ਵਿੱਚ ਨਸ਼ੇ ਦੀਆਂ ਵੱਡੀਆਂ ਖੇਪਾਂ ਵੀ ਫੜੀਆਂ ਜਾ ਰਹੀਆਂ ਹਨ ਅਤੇ ਪੰਜਾਬ ਨੂੰ ਨਸ਼ਾਮੁਕਤ ਕਰਨ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ | ਦੂਜੇ ਪਾਸੇ ਪੰਜਾਬ ਵਿੱਚ ਆਏ ਦਿਨ ਹੋ ਰਹੇ ਕਤਲ ਤੇ ਲੁੱਟ ਦੀਆਂ ਵਾਰਦਾਤਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਗਏ ਹਨ |

ਜਿਨ੍ਹਾਂ ਦੇ ਵਿੱਚੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਦਾ ਵੀ ਨਾਮ ਹੈ| ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਵੀ ਲਗਾਤਾਰ ਹੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦੇ ਉੱਪਰ ਸਵਾਲ ਚੁੱਕੇ ਜਾ ਰਹੇ ਸਨ ਤੇ ਉਨ੍ਹਾਂ ਵੱਲੋਂ ਲਗਾਤਾਰ ਹੀ ਅਰੁਣ ਪਾਲ ਸਿੰਘ ਦੇ ਤਬਾਦਲੇ ਦੀ ਮੰਗ ਵੀ ਕੀਤੀ ਜਾ ਰਹੀ ਸੀ |

Exit mobile version