ਚੰਡੀਗੜ੍ਹ, 18 ਮਾਰਚ 2025: ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਤੇਜ਼ ਕਰ ਦਿੱਤੀ ਹੈ | ਇਸ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (Amritsar Police) ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ (Drug smuggling) ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਅਤੇ ਧਰਮਿੰਦਰ ਸਿੰਘ ਉਰਫ਼ ਸੋਨੂੰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ‘ਚੋਂ 8.084 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਸ ਸੰਬੰਧੀ ਡੀਜੀਪੀ ਗੌਰਵ ਯਾਦਵ ਨੇ ਮੰਗਲਵਾਰ ਨੂੰ ਕਿਹਾ ਕਿ ਗ੍ਰਿਫ਼ਤਾਰ ਕੀਤਾ ਵਿਅਕਤੀ ਸਰਹੱਦ ਪਾਰ ਤੋਂ ਨਸ਼ਾ ਤਸਕਰਾਂ ਦੇ ਸੰਪਰਕ ‘ਚ ਸੀ ਅਤੇ ਡਰੋਨ ਰਾਹੀਂ ਖੇਪ ਸੁੱਟਣ ਲਈ ਅਜਨਾਲਾ ਸੈਕਟਰ ਦੀ ਵਰਤੋਂ ਕਰ ਰਿਹਾ ਸੀ। ਉਕਤ ਮੁਲਜਮ ਕੋਲੋਂ 8.084 ਕਿਲੋ ਹੈਰੋਇਨ ਅਤੇ 30 ਬੋਰ ਦਾ ਇੱਕ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਡੀਜੀਪੀ ਨੇ ਕਿਹਾ ਕਿ ਇਸ ਸਬੰਧ ‘ਚ ਐਨਡੀਪੀਐਸ ਅਤੇ ਅਸਲਾ ਐਕਟ ਤਹਿਤ ਅੰਮ੍ਰਿਤਸਰ ਦੇ ਮਜੀਠਾ ਪੁਲਿਸ ਸਟੇਸ਼ਨ ‘ਚ ਐਫਆਈਆਰ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਤਸਕਰ ਦੇ ਸੰਪਰਕਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪੁਲਿਸ ਉਨ੍ਹਾਂ ਦੀਆਂ ਜਾਇਦਾਦਾਂ ਸਮੇਤ ਪੂਰੇ ਡਰੱਗ (drug smuggling) ਅਤੇ ਵਿੱਤੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕਰੇਗੀ। ਪੁਲਿਸ ਨਸ਼ੇ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।