ਅੰਮ੍ਰਿਤਸਰ, 21 ਜੂਨ 2025: ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਪਾਕਿਸਤਾਨ ਤੋਂ ਸੰਚਾਲਿਤ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ‘ਚ ਪੁਲਿਸ ਨੇ ਗਿਰੋਹ ਦੇ ਦੋ ਮੁੱਖ ਮੈਂਬਰਾਂ, ਲਵਪ੍ਰੀਤ ਸਿੰਘ ਉਰਫ਼ ਲਵ ਅਤੇ ਬਲਵਿੰਦਰ ਸਿੰਘ ਉਰਫ਼ ਬੌਬੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਮੁਤਾਬਕ ਗ੍ਰਿਫ਼ਤਾਰ ਮੁਲਜ਼ਮ ਵਟਸਐਪ ਰਾਹੀਂ ਪਾਕਿਸਤਾਨ ਸਥਿਤ ਇੱਕ ਤਸਕਰ ਨਾਲ ਸਿੱਧੇ ਸੰਪਰਕ ‘ਚ ਸਨ, ਜੋ ਕਿ ਸਰਹੱਦ ਪਾਰ ਡਰੱਗ ਨੈੱਟਵਰਕ ‘ਚ ਇੱਕ ਡੂੰਘੀ ਸਾਜ਼ਿਸ਼ ਅਤੇ ਗਠਜੋੜ ਵੱਲ ਇਸ਼ਾਰਾ ਕਰਦਾ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਗਿਰੋਹ ਨਾ ਸਿਰਫ਼ ਨਸ਼ਾ ਤਸਕਰੀ ‘ਚ ਸ਼ਾਮਲ ਸੀ ਬਲਕਿ ਗੈਰ-ਕਾਨੂੰਨੀ ਹਥਿਆਰਾਂ ਦੀ ਵਰਤੋਂ ਵੀ ਕਰ ਰਿਹਾ ਸੀ।
ਪੁਲਿਸ ਮੁਤਾਬਕ ਇਨ੍ਹਾਂ ਤੋਂ 6.15 ਕਿਲੋਗ੍ਰਾਮ ਹੈਰੋਇਨ, 1 PX5 ਪਿਸਤੌਲ (.30 ਬੋਰ), 4 ਜ਼ਿੰਦਾ ਕਾਰਤੂਸ ਅਤੇ ₹10,000 ਨਕਦ ਡਰੱਗ ਮਨੀ ਬਰਾਮਦ ਕੀਤੀ ਹੈ | ਇਸ ਮਾਮਲੇ ‘ਚ ਥਾਣਾ ਲੋਪੋਕੇ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਪੁਲਿਸ ਵੱਲੋਂ ਤੇਜ਼ ਰਫ਼ਤਾਰ ਨਾਲ ਹੋਰ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਵੀ ਪਛਾਣ ਕਰਕੇ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਦੁਹਰਾਇਆ ਹੈ ਕਿ ਉਹ ਨਾਰਕੋ-ਅੱਤਵਾਦ ਵਿਰੁੱਧ ਆਪਣੀ ਲੜਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੂਬੇ ਦੇ ਨੌਜਵਾਨਾਂ ਅਤੇ ਸਮਾਜ ਨੂੰ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਖਤਰੇ ਤੋਂ ਬਚਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।
Read More: BSF ਵੱਲੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ, 7.4 ਕਿਲੋਗ੍ਰਾਮ ਆਈਸ ਡਰੱਗ ਤੇ ਡਰੋਨ ਬਰਾਮਦ