18 ਅਕਤੂਬਰ 2024: ਅੰਮ੍ਰਿਤਸਰ ਸ਼ਹਿਰ ਦੇ ਬਾਨੀ ਧੰਨ-ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੀ ਧੂਮ-ਧਾਮ ਦੇ ਨਾਲ ਮਨਾਇਆ ਜਾਵੇਗਾ। ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੋਰਾ-ਸ਼ੋਰਾਂ ਦੇ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਦਰਬਾਰ ਸਾਹਿਬ ਨੂੰ ਰੰਗ ਬਰੰਗੇ ਸੁੰਦਰ ਦੇਸੀ ਤੇ ਵਿਦੇਸ਼ੀ ਫੁੱਲਾਂ ਦੇ ਨਾਲ ਸਜਾਇਆ ਜਾ ਰਿਹਾ ਅਤੇ ਕਰੋੜਾਂ ਰੁਪਏ ਦੀ ਲਾਗਤ ਦੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿਚ ਸੁੰਦਰ ਫੁੱਲਾਂ ਦੀ ਸਜਾਵਟ ਵੀ ਕਰਵਾਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਵੇਗਾ ਅਤੇ 11 ਤਰੀਕ ਵਾਲੇ ਦਿਨ ਰਾਤ ਨੂੰ ਰਹਿਰਾਸ ਸਾਹਿਬ ਦੇ ਪਾਠ ਦੇ ਭੋਗ ਤੋਂ ਬਾਅਦ ਸੁੰਦਰ ਆਤਿਸ਼ਬਾਜ਼ੀ ਵੀ ਹੋਵੇਗੀ।
ਫੁੱਲਾਂ ਦੀ ਸਜਾਵਟ ਕਰਵਾਉਣ ਪਹੁੰਚੇ ਸੇਵਾਦਾਰਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਸਜਾਵਟ 100 ਤੋਂ ਵੱਧ ਕਾਰੀਗਰਾਂ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਕਰਵਾਈ ਜਾ ਰਹੀ ਹੈ ਅਤੇ ਕਰੋੜਾਂ ਰੁਪਏ ਦੇ ਫੁੱਲ ਲਗਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਇਹ ਫੁੱਲਾਂ ਦੀ ਸਜਾਵਟ ਕਰਨ ਵਾਸਤੇ ਪੰਜਾਬ ਅਤੇ ਪੰਜਾਬ ਦੇ ਬਾਹਰ ਦੇ ਸੂਬਿਆਂ ਤੋਂ ਵੀ ਕਾਰੀਗਰਾਂ ਨੂੰ ਬੁਲਾਇਆ ਗਿਆ ਹੈ।