ਚੰਡੀਗੜ੍ਹ, 14 ਜੂਨ 2023: ਪੰਜਾਬ ਰਾਜ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ (Scheduled Caste Students) ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਉਦੇਸ਼ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2023-24 ਅਧੀਨ 25 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ ਬਲਜੀਤ ਕੌਰ ਵੱਲੋਂ ਦੱਸਿਆ ਹੈ ਕਿ ਅਨੁਸੂਚਿਤ ਜਾਤੀਆਂ ਦੇ ਪਹਿਲੀਂ ਤੋਂ ਦਸਵੀਂ ਜਮਾਤ ਵਿੱਚ ਪੜਨ ਵਾਲੇ ਵਿਦਿਆਰਥੀਆਂ ਲਈ ਮੁਫਤ ਪੁਸਤਕਾਂ ਦੀ ਸਪਲਾਈ ਸਕੀਮ ਤਹਿਤ ਵਿੱਤੀ ਸਾਲ 2023-24 ਦੌਰਾਨ 25 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਤਿਮਾਹੀ ਬੰਦਿਸ਼ ਤੋਂ ਛੋਟ ਦਿੰਦਿਆਂ ਇਸ ਰਾਸ਼ੀ ਨੂੰ ਇਕ ਵਾਰ ‘ਚ ਹੀ ਖਰਚ ਕਰਨ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ।
ਡਾ.ਬਲਜੀਤ ਕੌਰ ਨੇ ਕਿਹਾ ਕਿ ਮੁਫਤ ਪਾਠ ਪੁਸਤਕਾਂ ਦੀ ਸਪਲਾਈ ਦੀ ਯੋਜਨਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ (Scheduled Caste Students) ਨੂੰ ਵਿੱਤੀ ਬੋਝ ਤੋਂ ਬਿਨ੍ਹਾਂ ਵਿਦਿਅਕ ਸਰੋਤਾਂ ਤੱਕ ਪਹੁੰਚ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਕਦਮ ਵਿਦਿਆਰਥੀਆਂ ਦੇ ਸਸ਼ਕਤੀਕਰਨ ਵਿਚ ਮਹੱਤਵਪੂਰਨ ਯੋਗਦਾਨ ਨਿਭਾਏਗਾ। ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਸ.ਸੀ.ਵਿਦਿਆਰਥੀਆਂ ਦੀ ਬਿਹਤਰੀ ਨਾਲ ਸਬੰਧਤ ਸਕੀਮਾਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਨੇਪਰੇ ਚਾੜਿਆ ਜਾਵੇ।