ਚੰਡੀਗੜ੍ਹ 10 ਦਸੰਬਰ 2024: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਜਲ ਜੀਵਨ ਮਿਸ਼ਨ ਯੋਜਨਾ ਦਾ ਜਾਇਜ਼ਾ ਲੈਣ ਲਈ ਕੇਂਦਰੀ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਬੈਠਕ ‘ਚ ਹਿੱਸਾ ਲਿਆ | ਇਸ ਦੌਰਾਨ ਮੁੰਡੀਆਂ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨੂੰ ਅਪੀਲ ਕੀਤੀ ਹੈ ਕਿ ਜਲ ਜੀਵਨ ਮਿਸ਼ਨ ਸਕੀਮ ਤਹਿਤ ਵਿੱਤੀ ਸਾਲ 2024-25 ਦੀ ਪਹਿਲੀ ਕਿਸ਼ਤ ਦੀ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕੀਤੀ ਜਾਵੇ | ਕੇਂਦਰੀ ਜਲ ਮੰਤਰੀ ਨੇ ਭਰੋਸਾ ਦਿੱਤਾ ਕਿ ਇਹ ਰਾਸ਼ੀ ਪਹਿਲ ਦੇ ਆਧਾਰ ’ਤੇ ਜਾਰੀ ਕੀਤੀ ਜਾਵੇਗੀ।
ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਕਿਹਾ ਕਿ ਸੂਬੇ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪੇਂਡੂ ਖੇਤਰਾਂ ‘ਚ ਓਡੀਐਫ ਪਲੱਸ ਦਾ ਦਰਜਾ ਹਾਸਲ ਕਰਨ ‘ਚ ਸ਼ਾਨਦਾਰ ਤਰੱਕੀ ਕੀਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਨੇ ਫੇਕਲ ਸਲੱਜ ਮੈਨੇਜਮੈਂਟ (ਐਫਐਸਐਮ) ਨੀਤੀ ਤਿਆਰ ਕੀਤੀ ਹੈ। ਇਸ ਬੈਠਕ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐਸ. ਅਵਹਦ ਅਤੇ ਮਿਸ਼ਨ ਡਾਇਰੈਕਟਰ ਅਮਿਤ ਤਲਵਾਰ ਵੀ ਮੌਜੂਦ ਸਨ।
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਪਹਿਲ ਦੇ ਆਧਾਰ ‘ਤੇ ਪੰਜਾਬ ਦੇ ਸਾਰੇ ਪਿੰਡਾਂ ਨੂੰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਮਾਡਲ ਪਲੱਸ ਦਰਜਾ ਪ੍ਰਾਪਤ ਕਰਨਾ ਹੈ।
ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ‘ਚ ਹਾਲ ਹੀ ‘ਚ ਹੋਈਆਂ ਚੋਣਾਂ ਤੋਂ ਬਾਅਦ ਗਰਾਮ ਪੰਚਾਇਤਾਂ ਦਾ ਪੁਨਰਗਠਨ ਕੀਤਾ ਗਿਆ ਹੈ। ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ‘ਚ ਤਰੱਕੀ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਅਗਲੇ ਤਿੰਨ ਮਹੀਨਿਆਂ ‘ਚ ਇਸ ਦਿਸ਼ਾ ‘ਚ ਹੋਰ ਠੋਸ ਕਦਮ ਚੁੱਕੇਗੀ।
Read More: Patiala News: ਪਟਿਆਲਾ ਨਗਰ ਨਿਗਮ ਚੋਣਾਂ ਲਈ ਪੰਜਾਬ BJP ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ