ਚੰਡੀਗੜ੍ਹ 17 ਅਕਤੂਬਰ 2022: ਪੰਜਾਬ ‘ਚ ਲੁਧਿਆਣਾ ਦੀ ਸੀਆਈਏ-2 ਟੀਮ ਨੇ ਭੋਲੇ ਭਾਲੇ ਲੋਕਾਂ ਨੂੰ ਝਾਂਸਾ ਦੇ ਕੇ ਪੁਲਿਸ ‘ਚ ਭਰਤੀ ਕਰਵਾਉਣ ਦੇ ਨਾਂ ‘ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਠੱਗ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਸ ਮੁਲਜ਼ਮ ਨੂੰ ਸੋਮਵਾਰ ਨੂੰ ਸਮਰਾਲਾ ਚੌਕ ਤੋਂ ਗ੍ਰਿਫਤਾਰ ਕੀਤਾ ਹੈ ਅਤੇ ਮੁਲਜ਼ਮ ਦੀ ਪਛਾਣ ਰੋਬਿਨ ਵਾਸੀ ਸੋਨੀਪਤ, ਹਰਿਆਣਾ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਰੋਬਿਨ ਦਿੱਲੀ ਪੁਲਿਸ (Delhi Police) ਵਿੱਚ ਕਾਂਸਟੇਬਲ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪੰਜਾਬ ਪੁਲਿਸ ਦੀ ਭਰਤੀ ‘ਚ ਲੋਕਾਂ ਨਾਲ ਧੋਖਾਧੜੀ ਕਰਨ ਲਈ ਵੀ ਪੰਜਾਬ ਆਇਆ ਸੀ। ਇਸਦੇ ਨਾਲ ਹੀ ਪੁਲਿਸ ਨੇ ਮੁਲਜ਼ਮਾਂ ਕੋਲੋਂ ਕਈ ਅਹਿਮ ਦਸਤਾਵੇਜ਼ ਬਰਾਮਦ ਕੀਤੇ ਹਨ।
ਪੁਲਿਸ ਵਲੋਂ ਮੁਲਜ਼ਮ ਰੌਬਿਨ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁਲਿਸ ਮੁਲਜ਼ਮ ਦਾ ਰਿਮਾਂਡ ਹਾਸਲ ਕਰੇਗੀ ਤਾਂ ਜੋ ਪਤਾ ਲੱਗ ਸਕੇ ਕਿ ਮੁਲਜ਼ਮ ਨੇ ਕਿਸ ਨਾਲ ਠੱਗੀ ਮਾਰੀ ਹੈ ਅਤੇ ਉਸ ਦੇ ਰੈਕੇਟ ਵਿੱਚ ਕਿੰਨੇ ਲੋਕ ਸ਼ਾਮਲ ਹਨ।