Site icon TheUnmute.com

ਚੰਡੀਗੜ੍ਹ ਦੇ ਸਰਕਾਰੀ ਸਕੂਲ ਦੀ ਮਿਡ-ਡੇ-ਮੀਲ ਰਸੋਈ ‘ਚ ਧਮਾਕਾ, ਕਈ ਮੁਲਾਜ਼ਮ ਜ਼ਖ਼ਮੀ

Chandigarh

ਚੰਡੀਗੜ੍ਹ 25 ਅਗਸਤ 2022: ਇਸ ਸਮੇਂ ਦੀ ਵੱਡੀ ਖ਼ਬਰ ਚੰਡੀਗੜ੍ਹ (Chandigarh) ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਦੇ ਸੈਕਟਰ-10 ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਅੱਜ ਸਵੇਰੇ ਧਮਾਕਾ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਦੀ ਮਿਡ-ਡੇ-ਮੀਲ ਦੀ ਰਸੋਈ ਵਿੱਚ ਸਵੇਰੇ 5 ਵਜੇ ਦੇ ਕਰੀਬ ਕੁੱਕਰ ਵਿੱਚ ਧਮਾਕਾ ਹੋਣ ਕਾਰਨ ਇੱਕ ਮੁਲਾਜ਼ਮ ਝੁਲਸ ਗਿਆ ਅਤੇ ਕਈ ਹੋਰ ਮੁਲਾਜ਼ਮਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ। ਖੁਸ਼ਕਿਸਮਤੀ ਨਾਲ ਰਸੋਈ ਵਿੱਚ ਰੱਖੇ ਗੈਸ ਸਿਲੰਡਰ ਨੂੰ ਅੱਗ ਨਹੀਂ ਲੱਗੀ ਅਤੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ |

ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਸਰਕਾਰੀ ਮਲਟੀ ਸਪੈਸ਼ਲਿਸਟ ਹਸਪਤਾਲ ਸੈਕਟਰ-16 ‘ਚ ਦਾਖਲ ਕਰਵਾਇਆ ਗਿਆ ਹੈ । ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਵਿਭਾਗ ਦੇ ਅਧਿਕਾਰੀ ਵੀ ਮੌਕੇ ਦਾ ਜਾਇਜ਼ਾ ਲੈਣ ਲਈ ਪਹੁੰਚ ਗਏ ਹਨ।

ਡਾਇਰੈਕਟਰ ਸਕੂਲ ਐਜੂਕੇਸ਼ਨ ਬਰਾੜ ਨੇ ਦੱਸਿਆ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਮੁਲਾਜ਼ਮਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਕ ਮੁਲਾਜ਼ਮ ਦਾ ਚਿਹਰਾ ਝੁਲਸ ਗਿਆ ਜਦਕਿ ਦੂਜੇ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਮੁਲਾਜ਼ਮਾਂ ਦੇ ਇਲਾਜ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਘਟਨਾ ਦੀ ਜਾਂਚ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਗੰਭੀਰ ਜ਼ਖਮੀ ਹੈੱਡ ਕੁੱਕ ਨੂੰ ਡਾਕਟਰਾਂ ਨੇ ਜੀ.ਐੱਮ.ਐੱਸ.ਐੱਚ.-16 ਤੋਂ ਪੀ.ਜੀ.ਆਈ. ਲਈ ਰੈਫਰ ਕਰ ਦਿੱਤਾ ਹੈ। ਹੈੱਡ ਕੁੱਕ ਦਾ ਚਿਹਰਾ ਪੂਰੀ ਤਰ੍ਹਾਂ ਝੁਲਸ ਗਿਆ ਹੈ, ਜਿਸ ਕਾਰਨ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Exit mobile version