ਚੰਡੀਗੜ੍ਹ 28 ਮਾਰਚ 2022: ਪੰਜਾਬ ਸਰਕਾਰ (Punjab Government) ਨੇ ਅਹਿਮ ਫ਼ੈਸਲਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ 26 ਜੂਨ 2022 ਨੂੰ ਸੂਬੇ ਦੇ ਸਮੂਹ ਪਿੰਡਾਂ ‘ਚ ਗ੍ਰਾਮ ਸਭਾ ਇਜਲਾਸ ਬੁਲਾਉਣ। ਹੁਣ ਪਿੰਡਾਂ ਦੀ ਗ੍ਰਾਮ ਸਭਾ (Gram Sabha) ਤੈਅ ਕਰੇਗੀ ਕਿ ਪਿੰਡਾਂ ਵਿਚ ਸਰਕਾਰ ਦੀ ਗ੍ਰਾਂਟ ਕਿਥੇ ਖਰਚ ਕਰਨੀ ਹੈ। ਇਸਦੇ ਚੱਲਦੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਪਣਾਉਣ ਦਾ ਸਪੱਸ਼ਟ ਸੰਦੇਸ਼ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਗ੍ਰਾਮ ਸਭਾ ਪੇਂਡੂ ਵਿਕਾਸ ਦਾ ਸਭ ਤੋਂ ਮਜ਼ਬੂਤ ਥੰਮ੍ਹ ਹੈ, ਜਿਸ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ।
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਗ੍ਰਾਮ ਸਭਾ (Gram Sabha) ਇਜਲਾਸ ‘ਚ ਲੋਕਾਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ‘ਚ ਵੱਖ-ਵੱਖ ਪ੍ਰਚਾਰ ਮਾਧਿਅਮਾਂ ਰਾਹੀਂ ਗ੍ਰਾਮ ਸਭਾਵਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਗ੍ਰਾਮ ਸਭਾ ਸਬੰਧੀ ਪਿੰਡਾਂ ‘ਚ ਸਹੀ ਢੰਗ ਨਾਲ ਪੋਸਟਰ ਲਗਾਏ ਜਾਣ ਅਤੇ ਗ੍ਰਾਮ ਸਭਾ ਦੇ ਇਸ ਇਜਲਾਸ ਲਈ ਸਮੇਂ ਸਿਰ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣ।
ਧਾਲੀਵਾਲ ਨੇ ਕਿਹਾ ਕਿ ਗ੍ਰਾਮ ਸਭਾ ਇਜਲਾਸ ਸਾਲ ‘ਚ ਚਾਰ ਵਾਰੀ ਕਰਵਾਇਆ ਜਾਵੇਗਾ। ਇਹ ਪਿੰਡਾਂ ਦੀ ਵਿਧਾਨ ਸਭਾ ਹੈ। ਜਿਸ ਵੱਲ ਅੱਜ ਤੱਕ ਧਿਆਨ ਹੀ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਪੰਚ ਪਿੰਡ ਦਾ ਵਿਕਾਸ ਨਹੀਂ ਕਰ ਰਿਹਾ ਹੈ, ਇਜਲਾਸ ‘ਚ ਉਸ ਨੂੰ ਬਦਲਣ ਦਾ ਵੀ ਫੈਸਲਾ ਲਿਆ ਜਾ ਸਕਦਾ ਹੈ।