ਚੰਡੀਗੜ੍ਹ, 14 ਅਕਤੂਬਰ 2023: ਪੰਜਾਬ ਮੰਤਰੀ ਮੰਡਲ (Punjab Cabinet) ਦੀ ਅੱਜ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਦੱਸ ਦਈਏ ਕਿ ਇਹ ਬੈਠਕ ਅੱਜ ਸਵੇਰੇ 11 ਵਜੇ ਸਿਵਲ ਸਕੱਤਰੇਤ ਵਿੱਚ ਹੋਵੇਗੀ। ਇਸ ਦੇ ਨਾਲ ਹੀ ਇਸ ਬੈਠਕ ਵਿੱਚ ਕੁਝ ਵਿਭਾਗਾਂ ਵਿੱਚ ਨਵੀਆਂ ਅਸਾਮੀਆਂ ਬਾਰੇ ਵੀ ਫੈਸਲੇ ਲਏ ਜਾ ਸਕਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਨਵੇਂ ਮੈਡੀਕਲ ਕਾਲਜਾਂ ਬਾਰੇ ਵੀ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ।
ਇਸਦੇ ਨਾਲ ਹੀ ਬੈਠਕ (Cabinet meeting) ਵਿੱਚ ਪੰਜਾਬ ਸਰਕਾਰ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਮੁੱਦੇ ‘ਤੇ ਵੀ ਚਰਚਾ ਕਰੇਗੀ । ਪੰਜਾਬ ਸਰਕਾਰ ਨੇ ਦੋ ਦਿਨਾਂ ਦਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ ਜੋ 20 ਅਕਤੂਬਰ ਤੋਂ 21 ਅਕਤੂਬਰ ਤੱਕ ਹੋਵੇਗਾ। ਪੰਜਾਬ ਸਰਕਾਰ ਦਾ ਹਾਲੇ ਮਾਨਸੂਨ ਸੈਸ਼ਨ ਬਕਾਇਆ ਰਹਿੰਦਾ ਹੈ। ਇਸ ਤੋਂ ਪਹਿਲਾਂ ਜੂਨ ਮਹੀਨੇ ਸਰਕਾਰ ਨੇ ਵਿਸ਼ੇਸ਼ ਇਜਲਾਸ ਸੱਦਿਆ ਸੀ। 19 ਅਤੇ 20 ਜੂਨ ਨੂੰ ਪੰਜਾਬ ਸਰਕਾਰ ਨੇ ਸਿੱਖ ਗੁਰਦੁਆਰਾ ਐਕਟ 1925 ਦੇ ਵਿੱਚ ਸੋਧ ਕਰਕੇ ਵਿਧਾਨ ਸਭਾ ਵਿੱਚ ਮਤਾ ਪਾਸ ਕਰਵਾਇਆ ਅਤੇ ਹਲਾਂਕਿ ਪੰਜਾਬ ਰਾਜਪਾਲ ਨੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਇਸ ਬਿੱਲ ਨੂੰ ਹਾਲੇ ਤੱਕ ਮਨਜ਼ੂਰੀ ਨਹੀਂ ਦਿੱਤੀ ਹੈ।