Dirba

Dirba: ਦਿੜ੍ਹਬਾ ਦੇ ਸ਼ਹੀਦ ਬਚਨ ਸਿੰਘ ਸਟੇਡੀਅਮ ‘ਚ 7 ਕਰੋੜ ਰੁਪਏ ਦੀ ਲਾਗਤ ਨਾਲ 11 ਖੇਡਾਂ ਲਈ ਬਣਾਏ ਜਾਣਗੇ ਇਨਡੋਰ ਸਟੇਡੀਅਮ

ਦਿੜ੍ਹਬਾ,16 ਨਵੰਬਰ 2024: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਤਹਿਤ ਦਿੜ੍ਹਬਾ (Dirba) ਵਿਖੇ ਸ਼ਹੀਦ ਬਚਨ ਸਿੰਘ ਖੇਡ ਸਟੇਡੀਅਮ ਤੋਂ ਕਬੱਡੀ ਨੈਸ਼ਨਲ ਸਟਾਈਲ ਦੇ ਸੂਬਾ ਪੱਧਰੀ ਮੁਕਾਬਲਿਆਂ ਦਾ ਉਦਘਾਟਨ ਕੀਤਾ ਕੀਤਾ ਹੈ |

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਦੇ ਮਕਸਦ ਨਾਲ ਸ਼ੁਰੂ ਕੀਤੀਆਂ ਇਨ੍ਹਾਂ ਖੇਡਾਂ ਦਾ ਇਹ ਤੀਜਾ ਸੀਜ਼ਨ ਜਾਰੀ ਹੈ। ਉਨ੍ਹਾਂ ਕਿਹਾ ਕਿ ਸਮਾਜ ‘ਚੋਂ ਨਸ਼ਿਆਂ ਦੇ ਖਾਤਮੇ ‘ਚ ਖੇਡਾਂ ਦਾ ਅਹਿਮ ਯੋਗਦਾਨ ਹੈ ਅਤੇ ਸਾਡੀ ਸਰਕਾਰ ਇਨ੍ਹਾਂ ਖੇਡਾਂ ਰਾਹੀਂ ਪੰਜਾਬੀਆਂ ਨੂੰ ਅਜਿਹੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰੱਖਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਦੇ ਨਾਲ-ਨਾਲ ਉਨ੍ਹਾਂ ਦੀ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਹੋਰ ਵੀ ਅਣਥੱਕ ਉਪਰਾਲੇ ਕਰ ਰਹੀ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੜ੍ਹਬਾ (Dirba) ਦੇ ਇਸ ਕਬੱਡੀ ਗਰਾਊਂਡ ‘ਚ ਖੇਡ ਕੇ ਕਈ ਖਿਡਾਰੀਆਂ ਨੇ ਅੰਤਰਰਾਸ਼ਟਰੀ ਪੱਧਰ ’ਤੇ ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਦਿੜ੍ਹਬਾ ਦੇ ਸ਼ਹੀਦ ਬਚਨ ਸਿੰਘ ਸਟੇਡੀਅਮ ‘ਚ 11 ਖੇਡਾਂ ਲਈ ਇੱਕ ਇਨਡੋਰ ਸਟੇਡੀਅਮ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਇਸ ਇਨਡੋਰ ਸਟੇਡੀਅਮ ਲਈ 7 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ ਅਤੇ ਇਸ ਦੇ ਨਿਰਮਾਣ ਦਾ ਕੰਮ ਵੀ ਛੇਤੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ।

ਇਨ੍ਹਾਂ ਖੇਡਾਂ ਦਾ ਅੱਜ ਉਦਘਾਟਨ ਕਰਨ ਤੋਂ ਪਹਿਲਾਂ ਪੰਜਾਬ ਖੇਡ ਵਿਭਾਗ ਦਾ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਿਭਾਈ ਹੈ । ਇਸ ਉਪਰੰਤ ਮੁੱਖ ਮਹਿਮਾਨ ਹਰਪਾਲ ਸਿੰਘ ਚੀਮਾ ਨੂੰ ਮਾਰਚ ਪਾਸਟ ਕਰਕੇ ਸਲਾਮੀ ਦਿੱਤੀ ਗਈ ਅਤੇ ਖੇਡਾਂ ਨੂੰ ਇਮਾਨਦਾਰੀ ਨਾਲ ਖੇਡਣ ਦੀ ਸਹੁੰ ਵੀ ਚੁਕਾਈ ਗਈ।

ਅੱਜ ਤੋਂ 18 ਨਵੰਬਰ ਤੱਕ ਮਹਿਲਾ ਖਿਡਾਰੀਆਂ ਦੇ ਕਬੱਡੀ ਮੈਚ ਹੋਣਗੇ ਅਤੇ ਪੁਰਸ਼ ਦੇ ਕਬੱਡੀ ਮੈਚ 19 ਨਵੰਬਰ ਤੋਂ 21 ਨਵੰਬਰ ਤੱਕ ਖੇਡੇ ਜਾਣਗੇ। ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸੁਨਾਮ ਵਿਖੇ ਰਾਜ ਪੱਧਰੀ ਵੇਟਲਿਫਟਿੰਗ ਮੁਕਾਬਲੇ ਸ਼ੁਰੂ ਹੋ ਗਏ ਹਨ, ਜਦਕਿ ਸੰਗਰੂਰ ਵਿਖੇ ਵੁਸ਼ੁ ਅਤੇ ਰੋਲਰ ਸਕੇਟਿੰਗ ਦੇ ਰਾਜ ਪੱਧਰੀ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।

Scroll to Top