ਚੰਡੀਗੜ੍ਹ, 09 ਮਈ 2023: ਆਂਧਰਾ ਪ੍ਰਦੇਸ਼ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਜਤਿੰਦਰਜੀਤ ਸਿੰਘ ਦੀ ਅਗਵਾਈ ਵਿੱਚ ਸਿੱਖ ਭਾਈਚਾਰੇ ਦੇ ਇੱਕ ਵਫ਼ਦ ਨੇ ਸੋਮਵਾਰ ਨੂੰ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈਡੀ (YS Jagan Mohan Reddy) ਨਾਲ ਉਨ੍ਹਾਂ ਦੇ ਕੈਂਪ ਦਫ਼ਤਰ ਵਿੱਚ ਮੁਲਾਕਾਤ ਕੀਤੀ | ਇਸਤੋਂ ਬਾਅਦ ਅਧਿਕਾਰੀਆਂ ਨੁਮਾਇੰਦਿਆਂ ਵੱਲੋਂ ਗੁਰਦੁਆਰਿਆਂ ਨੂੰ ਪ੍ਰਾਪਰਟੀ ਟੈਕਸ ਤੋਂ ਮੁਕਤ ਕਰਨ ਦੀ ਅਪੀਲ ’ਤੇ ਉਨ੍ਹਾਂ ਅਧਿਕਾਰੀਆਂ ਨੂੰ ਗੁਰਦੁਆਰਿਆਂ ਤੋਂ ਪ੍ਰਾਪਰਟੀ ਟੈਕਸ ਹਟਾਉਣ ਦੇ ਨਿਰਦੇਸ਼ ਦਿੱਤੇ ਹਨ । ਇਕ ਸਿੱਖ ਵਫ਼ਦ ਨੇ ਮੁੱਖ ਮੰਤਰੀ ਤੋਂ ਸਰਕਾਰੀ ਯੋਜਨਾਵਾਂ ਦੇ ਪ੍ਰਭਾਵੀ ਅਮਲ ਲਈ ਭਾਈਚਾਰੇ ਲਈ ਇਕ ਨਿਗਮ ਸਥਾਪਿਤ ਕਰਨ ਦੀ ਅਪੀਲ ਕੀਤੀ।
ਇਸਦੇ ਨਾਲ ਹੀ ਆਂਧਰਾ ਪ੍ਰਦੇਸ਼ ਸਰਕਾਰ ਵਲੋਂ ਜਾਰੀ ਇਕ ਬਿਆਨ ‘ਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਅਪੀਲ ‘ਤੇ ਵਿਚਾਰ ਕਰਦੇ ਹੋਏ ਰੈੱਡੀ ਨੇ ਸਿੱਖਾਂ ਲਈ ਇਕ ਕਮੇਟੀ ਗਠਿਤ ਕਰਨ ਨੂੰ ਹਰੀ ਝੰਡੀ ਦੇ ਦਿੱਤੀ, ਜਿਸ ‘ਚ ਗ੍ਰੰਥੀਆਂ (ਸਿੱਖ ਪੁਜਾਰੀਆਂ) ਨੂੰ ਹਿੰਦੂ ਪੁਜਾਰੀਆਂ, ਪਾਦਰੀਆਂ ਅਤੇ ਮੌਲਵੀਆਂ ਦੇ ਸਮਾਨ ਲਾਭ ਦੇਣ ਦੀ ਪੇਸ਼ਕਸ਼ ਸ਼ਾਮਲ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਛੁੱਟੀ ਦਾ ਐਲਾਨ ਕਰਨ ਦੇ ਨਾਲ-ਨਾਲ ਘੱਟ ਗਿਣਤੀ ਸਿੱਖਿਆ ਸੰਸਥ ਦੀ ਸਥਾਪਨਾ ਲਈ ਜ਼ਰੂਰੀ ਸਮਰਥਨ ਦੇਣ ‘ਤੇ ਸਹਿਮਤੀ ਜ਼ਾਹਰ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ,”ਕੈਬਨਿਟ ਦੀ ਅਗਲੀ ਬੈਠਕ ‘ਚ ਇਸ ਸੰਬੰਧ ‘ਚ ਪ੍ਰਸਤਾਵ ਲਿਆਂਦਾ ਜਾਵੇਗਾ।”