Site icon TheUnmute.com

ਅਨਮੋਲ ਗਗਨ ਮਾਨ ਤੇ ਹਰਪਾਲ ਚੀਮਾ ਵੱਲੋਂ ਨਿਵੇਸ਼ਕਾਂ ਨੂੰ ਸੈਰ ਸਪਾਟਾ ਖੇਤਰ ‘ਚ ਪੰਜਾਬ ਦੇ ਵਿਕਾਸ ‘ਚ ਭਾਈਵਾਲ ਬਣਨ ਦੀ ਅਪੀਲ

Anmol Gagan Mann

ਚੰਡੀਗੜ੍ਹ, 06 ਸਤੰਬਰ 2024: ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਇਨਵੈਸਟ ਪੰਜਾਬ ਅਤੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਵੱਲੋਂ ਬੀਤੇ ਦਿਨ ‘ਨਿਵੇਸ਼ਕ ਸੰਮੇਲਨ’ਕਰਵਾਇਆ ਗਿਆ | ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਸੈਰ-ਸਪਾਟੇ ਦਾ ਕੇਂਦਰ ਬਣਾਉਣ ਲਈ ਵਚਨਬੱਧ ਹੈ |

ਉਨ੍ਹਾਂ ਕਿਹਾ ਕਿ ਪੰਜਾਬ ਦੇ ਅਮੀਰ ਸੱਭਿਆਚਾਰਕ ਅਤੇ ਇਤਿਹਾਸਕ ਵਿਰਸੇ ਨੂੰ ਦਰਸਾਉਂਦੀਆਂ ਮੁਗਲ, ਸਿੱਖ ਅਤੇ ਬ੍ਰਿਟਿਸ਼ ਕਾਲ ਦੀਆਂ ਇਮਾਰਤਾਂ ਹਨ, ਜੋ ਕਿ ਲੋਕਾਂ ਲਈ ਖਿੱਚ ਦਾ ਕੇਂਦਰ ਹਨ। ਸਮਾਗਮ ਦੌਰਾਨ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਕਿਹਾ ਕਿ ਪੰਜਾਬ ਸਰਕਾਰ ਸੈਰ-ਸਪਾਟਾ ਖੇਤਰ ਦੀਆਂ ਜਾਇਦਾਦਾਂ ਅਤੇ ਅਸਾਸਿਆਂ ਦੀ ਸਾਂਭ-ਸੰਭਾਲ ਅਤੇ ਵਿਕਾਸ ਲਈ ਹਮੇਸ਼ਾ ਸੁਹਿਰਦਤਾ ਨਾਲ ਤਿਆਰ ਹੈ।

ਅਨਮੋਲ ਗਗਨ ਮਾਨ ਨੇ ਨਿਵੇਸ਼ਕਾਂ ਨੂੰ ਸੈਰ- ਸਪਾਟੇ ਦੇ ਖੇਤਰ ‘ਚ ਪੰਜਾਬ ਦੇ ਵਿਕਾਸ ‘ਚ ਭਾਈਵਾਲ ਬਣਨ ਦਾ ਸੱਦਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਈਕੋ-ਟੂਰਿਜ਼ਮ, ਐਡਵੈਂਚਰ ਟੂਰਿਜ਼ਮ, ਵਾਟਰ ਟੂਰਿਜ਼ਮ ਅਤੇ ਵੈੱਲਨੈੱਸ ਟੂਰਿਜ਼ਮ ‘ਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ ਕਿਉਂਕਿ ਇਨ੍ਹਾਂ ਖੇਤਰਾਂ ਵਿੱਚ ਵੀ ਪੰਜਾਬ ਨੂੰ ਹੋਰ ਪ੍ਰਫੁੱਲਿਤ ਕਰਨ ਦੀਆਂ ਭਰਪੂਰ ਸੰਭਾਵਨਾਵਾਂ ਹਨ ।

ਪੰਜਾਬ ਸਰਕਰ ਨੇ ਨਿਵੇਸ਼ਕਾਂ ਨੂੰ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ ਕਿਉਂਕਿ ਇਨਵੈਸਟ ਪੰਜਾਬ ਇੱਕ ਅਜਿਹਾ ਮੰਚ ਹੈ, ਜਿੱਥੇ ਪੰਜਾਬ ‘ਚ ਉੱਦਮ ਸਥਾਪਤ ਕਰਨ ਲਈ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਇੱਕੋ ਛੱਤ ਹੇਠ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

ਪੰਜਾਬ ਸਰਕਾਰ ਨੇ ਰਣਜੀਤ ਸਾਗਰ ਝੀਲ ਨੂੰ ਆਪਣੇ ਪ੍ਰਮੁੱਖ ਪ੍ਰਾਜੈਕਟ ਵਜੋਂ ਸੂਚੀਬੱਧ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਉਪਰਾਲਾ ਪੰਜਾਬ ਦੇ ਸੈਰ ਸਪਾਟਾ ਖੇਤਰ ਨੂੰ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਵੇਗਾ | ਉਨ੍ਹਾਂ ਨੇ ਪਿਛਲੇ ਸਾਲ ਕਰਵਾਏ ਸੈਰ ਸਪਾਟਾ ਸੰਮੇਲਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਵੇਸ਼ਕ ਅਤੇ ਸਨਅਤ ਪੱਖੀ ਨੀਤੀਆਂ ਲਾਗੂ ਕੀਤੀਆਂ ਹਨ।

ਕਈ ਵਿਰਾਸਤੀ ਇਮਾਰਤਾਂ ਜਿਵੇਂ ਕਿ ਕਪੂਰਥਲਾ ‘ਚ ਦਰਬਾਰ ਹਾਲ ਅਤੇ ਗੋਲ ਕੋਠੀ, ਆਮ ਖਾਸ ਬਾਗ ਸਰਹਿੰਦ, ਸੰਗਰੂਰ ਕੋਠੀ, ਰੂਪਨਗਰ ‘ਚ ਪਿੰਕਾਸ਼ੀਆ ਟੂਰਿਸਟ ਕੰਪਲੈਕਸ, ਕੁਲਾਰਾ ਟਾਪੂ (ਪਠਾਨਕੋਟ) ਦੇ ਵਿਕਾਸ ਨੂੰ ਦਰਸਾਉਂਦੀ ਪੇਸ਼ਕਾਰੀ ਵੀ ਨਿਵੇਸ਼ਕਾਂ ਨੂੰ ਦਿਖਾਈ ਗਈ ਹੈ ।

 

Exit mobile version