illegal Mining

ANTF ਦਾ ਇੰਸਪੈਕਟਰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 29 ਅਕਤੂਬਰ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ | ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰ ਸਿੰਘ ਨੂੰ ਇੰਚਾਰਜ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਜ਼ਿਲ੍ਹਾ ਪਟਿਆਲਾ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਗ੍ਰਿਫਤਾਰੀ ਬਾਰੇ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਪੂਜਾ ਪਿੰਡ ਰੋਹਟੀ ਪੁੱਲ, ਤਹਿਸੀਲ ਨਾਭਾ (ਪਟਿਆਲਾ) ਦੀ ਸ਼ਿਕਾਇਤ ‘ਤੇ ਕਰਵਾਈ ਕਰਦਿਆਂ ਗ੍ਰਿਫਤਾਰ ਕੀਤਾ ਹੈ |

ਵਿਜੀਲੈਂਸ ਮੁਤਾਬਕ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਕੀਤੀ ਅਤੇ ਦੋਸ਼ ਲਾਇਆ ਸੀ ਕਿ ਉਕਤ ਇੰਸਪੈਕਟਰ ਉਸਦੇ ਪਿਓ ਨੂੰ 3 ਲੱਖ ਰੁਪਏ ਦੀ ਰਿਸ਼ਵਤ ਨਹੀਂ ਦਿੰਦਾ ਤਾਂ ਉਸ ਨੂੰ ਝੂਠਾ ਐਨ.ਡੀ.ਪੀ.ਐਸ.ਦੇ ਕੇਸ ‘ਚ ਫਸਾਉਣ ਦੀਆਂ ਧਮਕੀਆਂ ਦੇ ਰਿਹਾ ਸੀ ਪਰ ਸੌਦਾ 1,50,000 ਲੱਖ ਰੁਪਏ ‘ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਮੁਤਾਬਕ ਉਕਤ ਪੁਲਿਸ ਮੁਲਾਜ਼ਮਾਂ ਨੇ ਐਤਵਾਰ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 50 ਹਜ਼ਾਰ ਰੁਪਏ ਲਏ ਸਨ।

ਵਿਜੀਲੈਂਸ ਦੇ ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ‘ਚ ਸ਼ਿਕਾਇਤਕਰਤਾ ਕੋਲੋਂ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ।

ਵਿਜੀਲੈਂਸ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ‘ਚ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ANTF ਦੇ ਮੁਲਜ਼ਮ ਨੂੰ ਭਲਕੇ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

 

Scroll to Top