ਚੰਡੀਗੜ੍ਹ, 24 ਮਈ 2023: ਪੰਜਾਬ ਨੂੰ ‘ਭ੍ਰਿਸ਼ਟਾਚਾਰ ਮੁਕਤ ਸੂਬਾ’ ਬਣਾਉਣ ਲਈ ਆਮ ਆਦਮੀ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ‘ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ’ (ANTI-CORRUPTION ACTION LINE) ਨੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਸ ਐਕਸ਼ਨ ਲਾਈਨ ਦੇ ਤਹਿਤ ਬੀਤੇ ਇਕ ਸਾਲ ਵਿਚ 300 ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਭੇਜਿਆ ਗਿਆ। ਪੰਜਾਬ ਦੇ ਲੋਕਾਂ ਨੂੰ ਵੀਡੀਓ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ, “ਮੈਂ ਅਹਿਦ ਲੈਂਦਾ ਹਾਂ ਕਿ ਮੇਰੀ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ-ਸੁਥਰੀ, ਪਾਰਦਰਸ਼ੀ ਅਤੇ ਬਿਹਤਰ ਸ਼ਾਸਨ ਮੁਹੱਈਆ ਕਰਵਾਉਣ ਲਈ ਆਪਣੇ ਯਤਨ ਨਿਰੰਤਰ ਜਾਰੀ ਰੱਖੇਗੀ।”
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿੱਚੋਂ ਨਿਕਲੀ ਹੈ, ਜਿਸ ਕਾਰਨ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਾਰਜਕਾਲ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਭ੍ਰਿਸ਼ਟਾਚਾਰੀਆਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਇਕ ਸਾਲ ਪਹਿਲਾਂ ਅੱਜ ਦੇ ਦਿਨ ਸ਼ੁਰੂ ਕੀਤੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੇ ਮਨਚਾਹੇ ਨਤੀਜੇ ਸਾਹਮਣੇ ਲਿਆਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਵਟਸਐਪ ਨੰਬਰ 9501200200 ਉਤੇ ਲੋਕਾਂ ਤੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਆਧਾਰ ਉਤੇ ਹੁਣ ਤੱਕ 300 ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਫੜਿਆ ਗਿਆ ਹੈ, ਜਿਨ੍ਹਾਂ ਵਿਰੁੱਧ ਕਾਰਵਾਈ ਵਿੱਢੀ ਗਈ ਹੈ ਅਤੇ ਉਹ ਸਲਾਖਾਂ ਪਿੱਛੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ ਸੀ, ਜਿਸ ਲਈ ਇਹ ਪਹਿਲਕਦਮੀ ਕੀਤੀ ਗਈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਭ੍ਰਿਸ਼ਟਾਚਾਰ ਦੇ ਖ਼ਤਰੇ ਦੀ ਜੜ੍ਹ ਵੱਢੀ ਜਾਵੇਗੀ, ਜਿਸ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਸ ਮਹਾਨ ਕਾਰਜ ਲਈ ਪੰਜਾਬੀਆਂ ਨੂੰ ਤਹਿ-ਦਿਲ ਨਾਲ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਮਦਦ ਨਾਲ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਸਫ਼ਲਤਾ ਦੇ ਝੰਡੇ ਗੱਡੇਗੀ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਤੋਂ ਕਿਸੇ ਵੀ ਕੰਮ ਲਈ ਕੋਈ ਵੀ ਰਿਸ਼ਵਤ ਜਾਂ ਕਮਿਸ਼ਨ ਦੀ ਮੰਗ ਕਰਦਾ ਹੈ ਤਾਂ ਉਸ ਨੂੰ ਮਨ੍ਹਾਂ ਕਰਨ ਦੀ ਥਾਂ ਇਸ ਦੀ ਆਡੀਓ ਜਾਂ ਵੀਡੀਓ ਬਣਾ ਕੇ ਇਸ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਤੇ ਭੇਜੋ। ਭਗਵੰਤ ਮਾਨ ਨੇ ਭਰੋਸਾ ਦਿੱਤਾ ਕਿ ਸਰਕਾਰ ਇਸ ਦੀ ਜਾਂਚ ਕਰਵਾਏਗੀ ਅਤੇ ਜੇ ਕੋਈ ਮੁਲਜ਼ਮ ਪਾਇਆ ਗਿਆ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਪੈਸੇ ਦੀ ਲੁੱਟ ਦਾ ਇਕ-ਇਕ ਰੁਪਿਆ ਹਰ ਕੀਮਤ ਉਤੇ ਵਸੂਲਿਆ ਜਾਵੇਗਾ।