ਨਸ਼ਿਆਂ ਵਿਰੁੱਧ ਪਾਠਕ੍ਰਮ

ਪੰਜਾਬ ‘ਚ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ

ਅਰਨੀਵਾਲਾ (ਫਾਜ਼ਿਲਕਾ), 02 ਅਗਸਤ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਤੇ ਦਿਨ ‘ਯੁੱਧ ਨਸ਼ਿਆਂ ਵਿਰੁੱਧ’ ਪ੍ਰੋਗਰਾਮ ਤਹਿਤ ਇੱਕ ਸਕੂਲ ਪਾਠਕ੍ਰਮ ਲਾਂਚ ਕੀਤਾ | ਪੰਜਾਬ ਸਰਕਾਰ ਮੁਤਾਬਕ ਇਸਦਾ ਉਦੇਸ਼ ਅੱਠ ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰਿਆਂ ਬਾਰੇ ਜਾਗਰੂਕ ਕਰਨਾ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਇਸ ਸਰਹੱਦੀ ਜ਼ਿਲ੍ਹੇ ਤੋਂ ਨਸ਼ਿਆਂ ਵਿਰੁੱਧ ਜੰਗ ਦਾ ਇੱਕ ਨਵਾਂ ਅਧਿਆਇ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨਸ਼ਿਆਂ ਵਿਰੁੱਧ ਲੜਾਈ ਇੱਕ ਮੋੜ ‘ਤੇ ਪਹੁੰਚ ਗਈ ਹੈ ਅਤੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਾਰੇ ਸਰਕਾਰੀ ਸਕੂਲਾਂ ‘ਚ ਇੱਕ ਵਿਸ਼ੇਸ਼ ਪਾਠਕ੍ਰਮ ਲਾਗੂ ਕੀਤਾ ਜਾ ਰਿਹਾ ਹੈ। ਕੇਜਰੀਵਾਲ ਨੇ ਕਿਹਾ ਕਿ ਇਸ ਪਾਠਕ੍ਰਮ ਰਾਹੀਂ, ਇਨ੍ਹਾਂ ਜਮਾਤਾਂ ਦੇ ਅੱਠ ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਉਤਸ਼ਾਹਿਤ ਕੀਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਗਰਾਮ ਅਧੀਨ 3658 ਸਕੂਲ ਕਵਰ ਕੀਤੇ ਜਾਣਗੇ ਅਤੇ ਵਿਦਿਆਰਥੀਆਂ ‘ਚ ਜਾਗਰੂਕਤਾ ਪੈਦਾ ਕਰਨ ਲਈ ਉੱਘੇ ਵਿਗਿਆਨੀਆਂ ਨੂੰ ਇਸ ਪ੍ਰੋਗਰਾਮ ਨਾਲ ਜੋੜਿਆ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਇਸ ਕੋਰਸ ‘ਚ 35 ਮਿੰਟ ਦੇ ਸੈਸ਼ਨ ਸ਼ਾਮਲ ਹਨ, ਜੋ ਕਿ 27 ਹਫ਼ਤਿਆਂ ਲਈ ਹਰ ਪੰਦਰਵਾੜੇ ਕਰਵਾਏ ਜਾਣਗੇ ਅਤੇ ਇਸ ‘ਚ ਦਸਤਾਵੇਜ਼ੀ, ਕੁਇਜ਼, ਪੋਸਟਰ ਅਤੇ ਚਰਚਾ ਗਤੀਵਿਧੀਆਂ ਸ਼ਾਮਲ ਹੋਣਗੀਆਂ।

ਕੇਜੀਰਵਾਲ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕਰ ਚੁੱਕੀ ਹੈ ਅਤੇ ਇਸ ਪਹਿਲਕਦਮੀ ਤਹਿਤ 15,000 ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜਿਆ ਗਿਆ ਹੈ, ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ ਅਤੇ 1,000 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ। ਨਸ਼ਾ ਤਸਕਰਾਂ ਦੁਆਰਾ ਗੈਰ-ਕਾਨੂੰਨੀ ਵਪਾਰ ਰਾਹੀਂ ਬਣਾਈਆਂ ਗਈਆਂ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਪਾਰ ਦੇ ਸਭ ਤੋਂ ਬਦਨਾਮ ਕਿੰਗਪਿਨ ਨੂੰ ਇਮਾਨਦਾਰ ਸੂਬਾ ਸਰਕਾਰ ਨੇ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਨਸ਼ਿਆਂ ਵਿਰੁੱਧ ਯਾਤਰਾ’ 10 ਹਜ਼ਾਰ ਤੋਂ ਵੱਧ ਪਿੰਡਾਂ ਅਤੇ ਵਾਰਡਾਂ ‘ਚ ਪਹੁੰਚ ਚੁੱਕੀ ਹੈ ਅਤੇ ਇਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਛੱਡਣ ਵਾਲੇ ਪੀੜਤਾਂ ਦੇ ਮੁੜ ਵਸੇਬੇ ਲਈ ਵੀ ਯਤਨ ਕੀਤੇ ਜਾ ਰਹੇ ਹਨ | ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਦਕਿਸਮਤੀ ਨਾਲ ਪੰਜਾਬ, ਅੰਤਰਰਾਸ਼ਟਰੀ ਸਰਹੱਦ ‘ਤੇ ਆਪਣੀ ਭੂਗੋਲਿਕ ਸਥਿਤੀ ਦੇ ਕਾਰਨ, ਤਸਕਰਾਂ ਲਈ ਇੱਕ ਰਸਤਾ ਬਣ ਗਿਆ ਹੈ।

ਆਪਣੇ ਸੰਬੋਧਨ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਬੇਮਿਸਾਲ ਯਤਨਾਂ ਨੇ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀ ਪ੍ਰਾਈਵੇਟ ਸਕੂਲ ਛੱਡ ਕੇ ਸਰਕਾਰੀ ਸਕੂਲਾਂ ‘ਚ ਦਾਖਲਾ ਲੈ ਰਹੇ ਹਨ, ਜੋ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਅਜਿਹੇ ਪ੍ਰੋਗਰਾਮ ਨਹੀਂ ਹੋਣੇ ਚਾਹੀਦੇ ਸਨ, ਪਰ ਬਦਕਿਸਮਤੀ ਨਾਲ ਪੰਜਾਬ ਅਜਿਹੇ ਹਾਲਾਤਾਂ ‘ਚ ਫਸ ਗਿਆ ਹੈ, ਜਿਸ ਕਾਰਨ ਇਹ ਪ੍ਰੋਗਰਾਮ ਜ਼ਰੂਰੀ ਹੋ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਮੱਥੇ ‘ਤੇ ਨਸ਼ਿਆਂ ਦਾ ਦਾਗ ਲਗਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ, ਸਾਨੂੰ ਰਣਨੀਤੀ ਬਣਾਉਣ ‘ਚ ਸਮਾਂ ਲੱਗਿਆ ਅਤੇ ਹੁਣ ਸੂਬਾ ਸਰਕਾਰ ਨੇ ਨਸ਼ਾ ਪੀੜਤਾਂ ਦੇ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਸ਼ੁਰੂ ਕੀਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਪਿਛਲੇ 150 ਦਿਨਾਂ ਤੋਂ ਚੱਲ ਰਹੀ ਹੈ ਅਤੇ ਸੈਂਕੜੇ ਪੰਚਾਇਤਾਂ ਨੇ ਮਤੇ ਪਾਸ ਕੀਤੇ ਹਨ ਅਤੇ ਪ੍ਰਣ ਕੀਤਾ ਹੈ ਕਿ ਉਹ ਕਦੇ ਵੀ ਨਸ਼ਾ ਤਸਕਰਾਂ ਦਾ ਸਮਰਥਨ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਜੰਗ ਹੁਣ ਇੱਕ ਜਨ ਅੰਦੋਲਨ ‘ਚ ਬਦਲ ਗਈ ਹੈ ਅਤੇ ਇਸ ਦੇ ਹਿੱਸੇ ਵਜੋਂ, ਸੂਬਾ ਸਰਕਾਰ ਨੇ ਸਕੂਲੀ ਪਾਠਕ੍ਰਮ ਵਿੱਚ ਨਸ਼ਾ ਵਿਰੋਧੀ ਸਿੱਖਿਆ ਸ਼ਾਮਲ ਕੀਤੀ ਹੈ।

Read More: ਪੰਜਾਬ ਪੁਲਿਸ ਵੱਲੋਂ 1000 ਕਿੱਲੋ ਹੈਰੋਇਨ ਸਮੇਤ 24,089 ਨਸ਼ਾ ਤਸਕਰ ਗ੍ਰਿਫ਼ਤਾਰ

Scroll to Top