ਐਂਟੀ ਡਰੱਗ ਹੈਲਪਲਾਈਨ ਨੰਬਰ ਨਾਲ ਨਸ਼ਾ ਤਸਕਰਾਂ ‘ਤੇ ਕਸਿਆ ਸ਼ਿਕੰਜਾ
ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਵੱਡੀ ਜੰਗ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ‘ਨਸ਼ਾ ਮੁਕਤ’ ਬਣਾਉਣ ਦੇ ਉਦੇਸ਼ ਨਾਲ ਐਂਟੀ ਡਰੱਗ ਹੈਲਪਲਾਈਨ ਦੀ ਸ਼ੁਰੂਆਤ ਕੀਤੀ| ਸਰਕਾਰ ਵੱਲੋਂ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਨਸ਼ਾ ਤਸਕਰਾਂ ‘ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ| ਪੰਜਾਬ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਰੋਜ਼ਾਨਾ ਪੰਜਾਬ ਭਰ ‘ਚ ਛਾਪੇਮਾਰੀ ਕੀਤੀਆਂ ਜਾ ਰਹੀਆਂ ਹਨ|
ਲੋਕ ਪੰਜਾਬ ਸਰਕਾਰ ਦੇ ਐਂਟੀ ਡਰੱਗ ਹੈਲਪਲਾਈਨ ਨੰਬਰ 9779100200 (ਵਟਸਅੱਪ) ‘ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਅਤੇ ਨਸ਼ਿਆਂ ਬਾਰੇ ਸੂਚਨਾ ਦੇ ਸਕਦੇ ਹਨ ਅਤੇ ਉਨ੍ਹਾਂ ਲੋਕਾਂ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ| ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ 68,389 ਤੋਂ ਵੱਧ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ 92,264 ਤੋਂ ਵੱਧ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ|
ਪੁਲਿਸ ਦੀ ਛਾਪੇਮਾਰੀ ਦੌਰਾਨ 5,480 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਜ਼ਬਤ ਕੀਤੀ ਜਾ ਚੁੱਕੀ ਹੈ| ਨਸ਼ਾ ਤਸਕਰਾਂ ਨਾਲ ਸਬੰਧਤ 760 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ ਜਦੋਂ ਕਿ 64 ਹਵਾਲਾ ਅਪ੍ਰੇਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ|
ਪੰਜਾਬ ਭਰ ‘ਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਅਤੇ ਪਿੰਡ ਪੱਧਰ ‘ਤੇ ਜਾਗਰੂਕਤਾ ਵਧਾਉਣ ਲਈ 1.5 ਲੱਖ ਤੋਂ ਵੱਧ ਮੈਂਬਰਾਂ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ| ਇਹ ਕਮੇਟੀਆਂ ਨਸ਼ਿਆਂ ਵਿਰੁੱਧ ਸਰਕਾਰ ਦੀਆਂ ਅੱਖਾਂ ਅਤੇ ਕੰਨ ਵਜੋਂ ਕੰਮ ਕਰਦੀਆਂ ਹਨ। ਇਨ੍ਹਾਂ ਕਮੇਟੀਆਂ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ‘ਤੇ ਲਗਭੱਗ 600 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ|
ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ ਅਤੇ ਕਰੋੜਾਂ ਰੁਪਏ ਦੀ ਜਾਇਦਾਦਾਂ ਵੀ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ| ਐਂਟੀ ਡਰੱਗ ਹੈਲਪਲਾਈਨ ਦੀ ਸ਼ੁਰੂਆਤ ਨਾਲ ਲੋਕਾਂ ਦੀ ਭਾਗੀਦਾਰੀ ਵੀ ਵਧੀ ਹੈ ਅਤੇ ਸਾਰਥਕ ਨਤੀਜੇ ਸਾਹਮਣੇ ਆਏ ਹਨ| ਕਈ ਥਾਵਾਂ ‘ਤੇ ਲੋਕਾਂ ਵੱਲੋਂ ਦਿੱਤੀ ਗਈ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਛਾਪੇਮਾਰੀ ਕਰਕੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ|
ਇਸ ਨਾਲ ਇਹ ਸਪੱਸ਼ਟ ਹੋਇਆ ਕਿ ਜੇਕਰ ਲੋਕ ਅਤੇ ਸਰਕਾਰ ਇਕੱਠੇ ਹੋਣ ਤਾਂ ਨਸ਼ਿਆਂ ਖ਼ਿਲਾਫ਼ ਲੜਾਈ ਹੋਰ ਮਜ਼ਬੂਤ ਬਣ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਹਰ ਸ਼ਿਕਾਇਤ ‘ਤੇ ਗੰਭੀਰਤਾ ਨਾਲ ਕਾਰਵਾਈ ਕੀਤੀ ਜਾਂਦੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਂਦਾ ਹੈ| ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਾਨ ਸਰਕਾਰ ਨੇ ਸਿਰਫ਼ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਹੀ ਨਹੀਂ ਕੀਤੀ, ਸਗੋਂ ਨਸ਼ਾ ਛੁਡਾਊ ਕੇਂਦਰਾਂ ਅਤੇ ਪੁਨਰਵਾਸ ਯੋਜਨਾਵਾਂ ਨੂੰ ਵੀ ਮਜ਼ਬੂਤ ਕੀਤਾ ਹੈ, ਇਸੇ ਸਦਕਾ ਨਸ਼ਿਆਂ ਦੇ ਆਦੀ ਨੌਜਵਾਨਾਂ ਨੂੰ ਮੁੜ ਵਸੇਬੇ ਤੇ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਗਿਆ ਹੈ|
ਐਂਟੀ ਡਰੱਗ ਹੈਲਪਲਾਈਨ ਸਿਰਫ਼ ਇੱਕ ਨੰਬਰ ਨਹੀਂ, ਸਗੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵੱਲ ਇੱਕ ਵੱਡੀ ਮੁਹਿੰਮ ਦਾ ਹਿੱਸਾ ਹੈ| ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਸ਼ਿਆਂ ਖ਼ਿਲਾਫ਼ ਜੰਗ ਨਹੀਂ ਜਿੱਤੀ ਜਾ ਸਕਦੀ| ਪੰਜਾਬ ਨੂੰ ਭ੍ਰਿਸ਼ਟਾਚਾਰ, ਗੁੰਡਾਗਰਦੀ ਅਤੇ ਨਸ਼ਿਆਂ ਤੋਂ ਮੁਕਤ ਬਣਾਉਣਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਭ ਤੋਂ ਵੱਡੀ ਤਰਜੀਹ ਹੈ| ਇਸੇ ਲਈ ਲੋਕਾਂ ਨੂੰ ਸਿੱਧੇ ਤੌਰ ‘ਤੇ ਸਰਕਾਰ ਨਾਲ ਜੋੜਨ ਲਈ ਇਹ ਹੈਲਪਲਾਈਨ ਸਿਸਟਮ ਸ਼ੁਰੂ ਕੀਤਾ ਗਿਆ ਹੈ, ਤਾਂ ਜੋ ਹਰ ਪੰਜਾਬੀ ਬਿਨਾਂ ਡਰ ਆਪਣੀ ਆਵਾਜ਼ ਬੁਲੰਦ ਕਰ ਸਕੇ|
Read More: ਮਾਨ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਬੱਸ ਸਫ਼ਰ ਲਈ 2042 ਕਰੋੜ ਦਾ ਵੱਡਾ ਨਿਵੇਸ਼




