ਜਲੰਧਰ , 7 ਅਗਸਤ 2023: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ (Sandeep Nangal Ambian) ਕਤਲ ਮਾਮਲੇ ਦੇ ਮੁਲਜ਼ਮਾਂ ਨੂੰ ਸੋਮਵਾਰ ਨੂੰ ਸਖ਼ਤ ਸੁਰੱਖਿਆ ਹੇਠ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਕਤਲ ਦੀ ਜਾਂਚ ਤੋਂ ਬਾਅਦ ਅਦਾਲਤ ਵਿੱਚ ਚਾਰਜਸ਼ੀਟ ਪੇਸ਼ ਕੀਤੀ।
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਕੁੱਲ 10 ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਫਤਿਹ ਸਿੰਘ ਉਰਫ਼ ਯੁਵਰਾਜ ਸਿੰਘ, ਅਮਿਤ ਡਾਗਰ, ਖੁਸ਼ਹਾਲ, ਜੁਝਾਰ ਸਿੰਘ ਉਰਫ਼ ਸਿਮਰਨਜੀਤ ਸਿੰਘ, ਯਾਦਵਿੰਦਰ ਸਿੰਘ, ਮਨਜ਼ਰ ਕੌਰ ਉਰਫ਼ ਜੋਤ, ਰਜਿੰਦਰ ਸਿੰਘ, ਹਰਿੰਦਰ ਸਿੰਘ ਉਰਫ਼ ਫ਼ੌਜੀ, ਸਚਿਨ ਕੁਮਾਰ ਉਰਫ਼ ਦੁਲੀਆ, ਮਹੇ ਉਰਫ ਵਿਕਾਸ ਦਹੀਆ ਨੂੰ ਅਦਾਲਤ ਵਿਚ ਪੇਸ਼ ਕੀਤਾ।
ਅਦਾਲਤ ਨੇ ਮੁੜ ਸੁਣਵਾਈ ਦੀ ਤਾਰੀਖ਼ 21 ਅਗਸਤ ਤੈਅ ਕੀਤੀ ਹੈ। ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਨਿੱਜੀ ਤੌਰ ’ਤੇ ਅਦਾਲਤ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ। ਜਿਕਰਯੋਗ ਹੈ ਕਿ ਅੰਤਰਰਾਸ਼ਟਰੀ ਸਰਕਲ ਸਟਾਈਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ (Sandeep Nangal Ambian) ਦੀ ਪਿਛਲੇ ਸਾਲ 14 ਮਾਰਚ ਨੂੰ ਨਕੋਦਰ ਦੇ ਪਿੰਡ ਮੱਲੀਆਂ ਵਿਖੇ ਪੰਜ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਹ ਘਟਨਾ ਸ਼ਾਮ 6 ਵਜੇ ਦੇ ਕਰੀਬ ਚੱਲ ਰਹੇ ਟੂਰਨਾਮੈਂਟ ਦੌਰਾਨ ਵਾਪਰੀ । ਮੈਚ ਦੇ ਵਿਚਕਾਰ ਅੰਨ੍ਹੇਵਾਹ ਗੋਲੀਬਾਰੀ ਕਾਰਨ ਸਟੇਡੀਅਮ ਵਿੱਚ ਹਫੜਾ-ਦਫੜੀ ਮੱਚ ਗਈ।
ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਵਿੱਚ ਰਿਮਾਂਡ ‘ਤੇ ਆਏ ਬਦਮਾਸ਼ ਫਤਿਹ ਨੇ ਕਬੂਲ ਕੀਤਾ ਕਿ ਉਸ ਨੇ ਕੈਨੇਡਾ ‘ਚ ਬੈਠੇ ਸਨਾਵਰ ਢਿੱਲੋਂ ਦੇ ਕਹਿਣ ‘ਤੇ ਅਮਿਤ ਡਾਗਰ, ਕੌਸ਼ਲ ਚੌਧਰੀ, ਜਗਜੀਤ ਸਿੰਘ, ਲੱਕੀ ਪਟਿਆਲ ਅਤੇ ਸੁੱਖਾ ਦੁੱਨੇਕੇ ਨਾਲ ਮਿਲ ਕੇ ਸ਼ੂਟਰਾਂ ਦਾ ਪ੍ਰਬੰਧ ਕੀਤਾ ਸੀ।