Gurmeet Singh Khudian

ਖੇਤੀਬਾੜੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਕੀਤੇ ਜਾਣਗੇ ਯੋਗ ਉਪਰਾਲੇ: ਗੁਰਮੀਤ ਸਿੰਘ ਖੁੱਡੀਆਂ

ਬਠਿੰਡਾ, 3 ਜੂਨ 2023 : ਸੂਬੇ ਦੇ ਨਵ ਨਿਯੁਕਤ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਅਤੇ ਡੇਅਰੀ ਵਿਕਾਸ, ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅੱਜ ਇੱਥੇ ਲੇਕ ਵਿਊ ਵਿਖੇ ਪਹੁੰਚੇ। ਇਸ ਮੌਕੇ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਕਾਰਜਕਾਰੀ ਡਿਪਟੀ ਕਮਿਸ਼ਨਰ ਮੈਡਮ ਪਲਵੀ ਚੌਧਰੀ, ਐਸਐਸਪੀ ਸ. ਗੁਲਨੀਤ ਸਿੰਘ ਖੁਰਾਣਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖੇਤੀਬਾੜੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਹਰ ਤਰ੍ਹਾਂ ਦੇ ਉੱਦਮ ਤੇ ਯੋਗ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਆਮ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ ਹਿਤੈਸ਼ੀ ਸਕੀਮਾਂ ਤੋਂ ਕੋਈ ਵੀ ਯੋਗ ਲਾਭਪਾਤਰੀ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ।

ਖੁੱਡੀਆ ਨੇ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਵਾਸੀ ਜ਼ਿਆਦਾਤਰ ਖੇਤੀ ਤੇ ਆਧਾਰਿਤ ਹਨ ਤੇ ਖੇਤੀ ਨੂੰ ਬਚਾਉਣ ਲਈ ਲੋਕਾਂ ਦੇ ਸਹਿਯੋਗ ਸਦਕਾ ਹੱਲ ਕੱਢੇ ਜਾਣਗੇ। ਉਨ੍ਹਾਂ ਕਿਹਾ ਕਿ ਛੋਟੇ ਕਿਸਾਨਾਂ ਦੇ ਮਸ਼ਵਰੇ ਲੈ ਕੇ ਖੇਤੀਬਾੜੀ ਅਧਾਰਿਤ ਨਵੇਂ ਉੱਦਮ ਕੀਤੇ ਜਾਣਗੇ।

ਇਸ ਦੌਰਾਨ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਅਤੇ ਮਾਹਰ ਡਾਕਟਰਾਂ ਨਾਲ ਵਿਸ਼ੇਸ਼ ਬੈਠਕ ਕਰਕੇ ਘੋੜਿਆਂ ਚ ਪਾਈਆਂ ਜਾਣ ਵਾਲੀਆਂ ਬਿਮਾਰੀਆਂ ਦਾ ਹੱਲ ਜਲਦ ਹੱਲ ਲੱਭਿਆ ਜਾਵੇਗਾ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਪਿੰਡ ਪੱਧਰੀ ਕੈਂਪ ਲਗਾ ਕੇ ਸਮੇਂ-ਸਮੇਂ ਤੇ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪ੍ਰਸ਼ਾਸਨ ਅਤੇ ਲੋਕਾਂ ਦੇ ਸਹਿਯੋਗ ਨਾਲ ਨਕਲੀ ਕੀਟਨਾਸ਼ਕ ਦਵਾਈ ਦਾ ਜਲਦ ਹੱਲ ਕੱਢਿਆ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਨੂੰ ਉੱਚਾ ਚੁੱਕਣ ਲਈ ਖੇਤੀਬਾੜੀ ਨੂੰ ਡਰਿੱਪ ਸਿਸਟਮ ਨਾਲ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਘੱਟ ਪਾਣੀ ਵਾਲੀ ਫ਼ਸਲਾਂ ਬੀਜਣ ਨੂੰ ਤਰਜ਼ੀਹ ਦੇਣ ਤਾਂ ਜੋ ਦਿਨ ਬ ਦਿਨ ਧਰਤੀ ਹੇਠਲੇ ਪਾਣੀ ਨੂੰ ਹੋਰ ਡੂੰਘਾ ਹੋਣ ਤੋਂ ਬਚਾਇਆ ਜਾ ਸਕੇ।

ਇਸ ਦੌਰਾਨ ਆਮ ਆਦਮੀ ਪਾਰਟੀ ਦੀਆਂ ਪ੍ਰਮੁੱਖ ਸਖਸ਼ੀਅਤਾਂ ਤੇ ਵਰਕਰਾਂ ਵਲੋਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੂੰ ਫੁੱਲਾਂ ਦੇ ਗੁਲਦਸਤੇ ਅਤੇ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਨੀਲ ਗਰਗ, ਚੇਅਰਮੈਨ ਪੰਜਾਬ ਟ੍ਰੇਡਰਜ਼ ਕਮਿਸ਼ਨ ਸ਼੍ਰੀ ਅਨਿੱਲ ਠਾਕੁਰ, ਚੇਅਰਮੈਨ, ਸ਼ੂਗਰਫੈਡ ਪੰਜਾਬ ਨਵਦੀਪ ਜੀਦਾ, ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਲਾਲ ਅਗਰਵਾਲ, ਚੇਅਰਮੈਨ, ਇੰਮਪਰੂਵਮੈਂਟ ਟਰਸਟ ਬਠਿੰਡਾ ਜਤਿੰਦਰ ਭੱਲਾ, ਐਸਡੀਐਮ ਬਠਿੰਡਾ ਵਰਿੰਦਰ ਸਿੰਘ, ਆਪ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸ. ਗੁਰਜੰਟ ਸਿੰਘ ਸਿਵੀਆ, ਜ਼ਿਲ੍ਹਾ ਯੂਥ ਪ੍ਰਧਾਨ ਸ. ਅਮਰਦੀਪ ਰਾਜਨ, ਗੁਰਇਕਬਾਲ ਸਿੰਘ ਚਹਿਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।

Scroll to Top