ਪੰਜਾਬ, 12 ਜੁਲਾਈ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਦੀ ਕੇਂਦਰ ਸਰਕਾਰ ਦੋਸ਼ ਲਗਾਇਆ ਕਿ ਉਹ ਆਦਮੀ ਪਾਰਟੀ ਦੇ ਆਗੂਆਂ ਵਿਰੁੱਧ ਐਫ.ਆਈ.ਆਰ ਦਰਜ ਕਰਕੇ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦਾ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੱਚ ਬੋਲਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਐਫਆਈਆਰ ਦਰਜ ਕਰਨ ਲਈ ਮਾਹੌਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਹੋਰ ‘ਆਪ’ ਆਗੂਆਂ ਨੂੰ ਸੱਚ ਬੋਲਣ ‘ਤੇ ਜੇਲ੍ਹ ਜਾਣਾ ਪਿਆ ਸੀ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਵੱਲੋਂ ਸਾਡੀ ਆਵਾਜ਼ ਨੂੰ ਦਬਾਉਣ ਦੀ ਹਰ ਕੋਸ਼ਿਸ਼ ਦਾ ਸਾਹਮਣਾ ਕਰਨ ਲਈ ਤਿਆਰ ਹਾਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਨੂੰ ਕਾਨੂੰਨ ਅਤੇ ਨਿਆਂਪਾਲਿਕਾ ‘ਤੇ ਪੂਰਾ ਵਿਸ਼ਵਾਸ ਹੈ ਜਿੱਥੇ ਸਾਡੀ ਗੱਲ ਸੁਣੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਹੋਰ ਗ੍ਰਿਫ਼ਤਾਰੀਆਂ ਅਤੇ ਐਫਆਈਆਰ ਕੀਤੀਆਂ ਜਾਣਗੀਆਂ ਕਿਉਂਕਿ ਭਾਜਪਾ ਅਤੇ ਇਸਦੇ ਆਗੂ ਮੋਦੀ ਵਿਰੁੱਧ ਬੋਲਣ ਵਾਲੀ ਹਰ ਆਵਾਜ਼ ਨੂੰ ਕੁਚਲਣਾ ਚਾਹੁੰਦੇ ਹਨ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ, ਉਨ੍ਹਾਂ ਨੂੰ ਦੇਸ਼ ਦੀ ਵਿਦੇਸ਼ ਨੀਤੀ ‘ਤੇ ਸਵਾਲ ਉਠਾਉਣ ਦਾ ਪੂਰਾ ਹੱਕ ਹੈ। ਉਨ੍ਹਾਂ ਕਿਹਾ ਕਿ ਉਹ ਮੋਦੀ ਦੇ ਵਿਦੇਸ਼ੀ ਦੌਰਿਆਂ ‘ਤੇ ਵਾਰ-ਵਾਰ ਸਵਾਲ ਉਠਾਉਂਦੇ ਰਹਿਣਗੇ ਕਿਉਂਕਿ ਸੱਚਾਈ ਇਹ ਹੈ ਕਿ ਮੋਦੀ ਜਿਸ ਵੀ ਦੇਸ਼ ਦਾ ਦੌਰਾ ਕਰਦੇ ਹਨ, ਉੱਥੇ ਅਡਾਨੀ ਦਾ ਕਾਰੋਬਾਰ ਫੈਲਦਾ ਹੈ। ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਜੰਗ ਦੌਰਾਨ ਦੁਨੀਆ ਦੇ ਕਿਸੇ ਵੀ ਦੇਸ਼ ਨੇ ਭਾਰਤ ਦਾ ਸਮਰਥਨ ਨਹੀਂ ਕੀਤਾ, ਇਸ ਲਈ ਅਜਿਹੇ ਦੌਰਿਆਂ ਦਾ ਕੀ ਫਾਇਦਾ ਹੈ?
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਗੁਜਰਾਤ ਦੀਆਂ ਜੇਲ੍ਹਾਂ ‘ਚ ਬੰਦ ਖਤਰਨਾਕ ਗੈਂਗਸਟਰਾਂ ਨੂੰ ਸੁਰੱਖਿਆ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੰਗਠਿਤ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੇ ਵਪਾਰ ‘ਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਪ੍ਰਤੀ ਕੋਈ ਨਰਮੀ ਨਹੀਂ ਦਿਖਾਈ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪੰਜਾਬ ਲਈ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਵਿਧਾਨ ਸਭਾ ‘ਚ ਪੰਜ ਲੋਕ ਭਲਾਈ ਬਿੱਲ ਸਰਬਸੰਮਤੀ ਨਾਲ ਪਾਸ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ‘ਚ ਪੰਜਾਬ ਸਰਕਾਰ ਅਜਿਹੇ ਹੋਰ ਵੀ ਪੰਜਾਬ ਪੱਖੀ ਅਤੇ ਵਿਕਾਸ-ਮੁਖੀ ਫੈਸਲੇ ਲਵੇਗੀ।
Read More: CM ਭਗਵੰਤ ਮਾਨ ਵੱਲੋਂ ਡੈਮਾਂ ‘ਤੇ CISF ਤਾਇਨਾਤੀ ਮੁੱਦੇ ‘ਤੇ ਕੇਂਦਰ ਸਰਕਾਰ ਦੀ ਆਲੋਚਨਾ