ਚੰਡੀਗੜ੍ਹ, 16 ਮਾਰਚ 2024: AIMIM ਦੇ ਮੁਖੀ ਅਸਦੁਦੀਨ ਓਵੈਸੀ ਨੇ ਨਾਗਰਿਕਤਾ ਸੋਧ ਕਾਨੂੰਨ (CAA) ਖ਼ਿਲਾਫ਼ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਚ ਓਵੈਸੀ ਨੇ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇੰਡੀਅਨ ਯੂਨੀਅਨ ਮੁਸਲਿਮ ਲੀਗ ਨੇ ਵੀ ਸੀਏਏ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਹਾਲ ਹੀ ਵਿੱਚ ਕੇਂਦਰ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਦੇਸ਼ ਭਰ ਵਿੱਚ ਸੀਏਏ ਲਾਗੂ ਕੀਤਾ ਹੈ।
ਸੁਪਰੀਮ ਕੋਰਟ ਵਿੱਚ ਦਾਇਰ ਆਪਣੀ ਪਟੀਸ਼ਨ ਵਿੱਚ ਅਸਦੁਦੀਨ ਓਵੈਸੀ ਨੇ ਮੰਗ ਕੀਤੀ ਹੈ ਕਿ ਸੀਏਏ ਕਾਨੂੰਨ ਤਹਿਤ ਸਰਕਾਰ ਨੂੰ ਨਾਗਰਿਕਤਾ ਸੋਧ ਕਾਨੂੰਨ ਦੀ ਧਾਰਾ 6ਬੀ ਤਹਿਤ ਕਿਸੇ ਨੂੰ ਵੀ ਨਾਗਰਿਕਤਾ ਨਹੀਂ ਦੇਣੀ ਚਾਹੀਦੀ। ਉਨ੍ਹਾਂ ਨੇ ਸੀਏਏ ਖ਼ਿਲਾਫ਼ ਦਾਇਰ ਪਟੀਸ਼ਨਾਂ ਵਿੱਚ ਸੀਏਏ ਕਾਨੂੰਨ ਨੂੰ ਸੰਵਿਧਾਨ ਦੇ ਖ਼ਿਲਾਫ਼ ਅਤੇ ਪੱਖਪਾਤੀ ਦੱਸਿਆ। ਨਾਗਰਿਕਤਾ ਸੋਧ ਕਾਨੂੰਨ 2019 ਦੇ ਖਿਲਾਫ ਸੁਪਰੀਮ ਕੋਰਟ ਵਿੱਚ 200 ਤੋਂ ਵੱਧ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਸੀਏਏ ਕਾਨੂੰਨ ਨੂੰ ਸੰਸਦ ਨੇ ਸਾਲ 2019 ਵਿੱਚ ਹੀ ਮਨਜ਼ੂਰੀ ਦਿੱਤੀ ਸੀ ਅਤੇ ਉਦੋਂ ਤੋਂ ਹੀ ਇਸ ਕਾਨੂੰਨ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਜਿਕਰਯੋਗ ਹੈ ਕਿ ਨਾਗਰਿਕਤਾ ਸੋਧ ਕਾਨੂੰਨ (CAA) 2019 ਦੇ ਤਹਿਤ, ਸਰਕਾਰ ਕੋਲ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਦੇ ਸ਼ਰਨਾਰਥੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਦਾ ਪ੍ਰਬੰਧ ਹੈ ਜੋ ਧਾਰਮਿਕ ਅੱਤਿਆਚਾਰ ਦਾ ਸ਼ਿਕਾਰ ਹੋ ਕੇ 31 ਦਸੰਬਰ, 2014 ਤੋਂ ਪਹਿਲਾਂ ਭਾਰਤ ਆਏ ਸਨ। ਇਸ ਕਾਨੂੰਨ ਤਹਿਤ ਹਿੰਦੂ, ਸਿੱਖ, ਜੈਨ, ਬੋਧੀ, ਪਾਰਸੀ ਅਤੇ ਈਸਾਈ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਣ ਦੀ ਵਿਵਸਥਾ ਹੈ ਪਰ ਮੁਸਲਿਮ ਭਾਈਚਾਰੇ ਨੂੰ ਇਸ ਕਾਨੂੰਨ ਤੋਂ ਬਾਹਰ ਰੱਖਿਆ ਗਿਆ ਹੈ। ਇਸ ਕਾਰਨ ਇਸ ਕਾਨੂੰਨ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਕਾਨੂੰਨ ਦਾ ਵਿਰੋਧ ਕਰ ਰਹੇ ਲੋਕਾਂ ਦਾ ਦੋਸ਼ ਹੈ ਕਿ ਇਹ ਧਰਮ ਦੇ ਆਧਾਰ ‘ਤੇ ਵਿਤਕਰਾ ਕਰ ਰਿਹਾ ਹੈ, ਜੋ ਕਿ ਭਾਰਤੀ ਸੰਵਿਧਾਨ ਦੇ ਵਿਰੁੱਧ ਹੈ। ਹਾਲਾਂਕਿ, ਕੇਂਦਰ ਸਰਕਾਰ ਦੀ ਦਲੀਲ ਹੈ ਕਿ ਸੀਏਏ ਵਿੱਚ ਕਿਸੇ ਦੀ ਨਾਗਰਿਕਤਾ ਖੋਹਣ ਦੀ ਕੋਈ ਵਿਵਸਥਾ ਨਹੀਂ ਹੈ ਅਤੇ ਸਰਕਾਰ ਨੇ ਸਪੱਸ਼ਟ ਕਿਹਾ ਹੈ ਕਿ ਸੀਏਏ ਕਾਨੂੰਨ ਨੂੰ ਵਾਪਸ ਨਹੀਂ ਲਿਆ ਜਾਵੇਗਾ।