ਅਸ਼ੀਰਵਾਦ ਸਕੀਮ

ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਹੋਵੇਗੀ ਲਾਗੂ: ਡਾ. ਬਲਜੀਤ ਕੌਰ

ਚੰਡੀਗੜ੍ਹ, 28 ਜਨਵਰੀ 2026: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਅਸ਼ੀਰਵਾਦ ਆਨਲਾਈਨ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਸਾਂਝੇ ਤੌਰ ’ਤੇ ਜੋੜ ਕੇ ਅਧਿਕਾਰਕ ਤੌਰ ’ਤੇ ਸ਼ੁਰੂਆਤ ਕੀਤੀ। ਡਾ. ਬਲਜੀਤ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹੁਣ ਤੋਂ ਅਸ਼ੀਰਵਾਦ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਲਈ ਅਰਜ਼ੀਆਂ ਸਿਰਫ਼ ਸੇਵਾ ਕੇਂਦਰਾਂ ਰਾਹੀਂ ਹੀ ਦਾਖ਼ਲ ਕੀਤੀਆਂ ਜਾ ਸਕਣਗੀਆਂ|

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰੀ ਭਲਾਈ ਸਕੀਮਾਂ ਦਾ ਹਰ ਇੱਕ ਰੁਪਇਆ ਪਾਰਦਰਸ਼ਤਾ ਨਾਲ ਹੱਕਦਾਰ ਲਾਭਪਾਤਰੀ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਰਾਹੀਂ ਅਰਜ਼ੀਆਂ ਲੈਣ ਨਾਲ ਭ੍ਰਿਸ਼ਟਾਚਾਰ, ਦਲਾਲੀ ਅਤੇ ਗਲਤ ਵਰਤੋਂ ’ਤੇ ਨੱਥ ਪਵੇਗੀ ਅਤੇ ਲੋਕਾਂ ਦਾ ਸਰਕਾਰੀ ਪ੍ਰਣਾਲੀ ’ਤੇ ਭਰੋਸਾ ਹੋਰ ਮਜ਼ਬੂਤ ਹੋਵੇਗਾ।

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਪੰਜਾਬ ਸਰਕਾਰ ਦੀ ਇੱਕ ਪ੍ਰਮੁੱਖ ਭਲਾਈ ਯੋਜਨਾ ਹੈ। ਇਸ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਈਸਾਈ ਭਾਈਚਾਰੇ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਅਤੇ ਹਰ ਜਾਤੀ ਦੀ ਵਿਧਵਾਵਾਂ ਦੀਆਂ ਧੀਆਂ ਅਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ ਅਤੇ ਤਲਾਕਸ਼ੁਦਾ ਔਰਤਾਂ ਦੇ ਵਿਆਹ ਸਮੇਂ ₹51,000 ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।

ਮੰਤਰੀ ਨੇ ਕਿਹਾ ਕਿ ਪਹਿਲਾਂ ਲਾਭਪਾਤਰੀਆਂ ਨੂੰ ਦਸਤਾਵੇਜ਼ਾਂ ਸਮੇਤ ਅਰਜ਼ੀਆਂ ਵਿਭਾਗ ਦੇ ਤਹਿਸੀਲ ਦਫ਼ਤਰਾਂ ‘ਚ ਜਮ੍ਹਾਂ ਕਰਵਾਉਣੀਆਂ ਪੈਂਦੀਆਂ ਸਨ, ਇਸ ਕਾਰਨ ਕਾਰਵਾਈ ‘ਚ ਦੇਰੀ ਅਤੇ ਤਕਨੀਕੀ ਖਾਮੀਆਂ ਆਉਂਦੀਆਂ ਸਨ। ਉਨ੍ਹਾਂ ਨੇ ਕਿਹਾ ਕਿ ਬਾਅਦ ‘ਚ ਸਕੀਮ ਨੂੰ ਆਨਲਾਈਨ ਕਰਨ ਦੇ ਬਾਵਜੂਦ ਨਿੱਜੀ ਸਾਇਬਰ ਕੈਫ਼ਿਆਂ ਵੱਲੋਂ ਵੱਧ ਫੀਸ ਲੈਣ ਸੰਬੰਧੀ ਸ਼ਿਕਾਇਤਾਂ ਮਿਲਦੀਆਂ ਰਹੀਆਂ ਹਨ।

ਇਨ੍ਹਾਂ ਨੂੰਧਿਆਨ ‘ਚ ਰੱਖਦਿਆਂ ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਅਸ਼ੀਰਵਾਦ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਜੋੜ ਦਿੱਤਾ ਹੈ। ਇਸ ਨਾਲ ਲਾਭਪਾਤਰੀ ਆਪਣੇ ਨੇੜਲੇ ਸੇਵਾ ਕੇਂਦਰ ਤੋਂ ਘੱਟ ਖ਼ਰਚ ’ਤੇ ਆਸਾਨ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਸਕੀਮ ਦਾ ਲਾਭ ਲੈ ਸਕਣਗੇ।

Read More: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 29.33 ਕਰੋੜ ਰੁਪਏ ਦੀ ਰਕਮ ਜਾਰੀ: ਡਾ. ਬਲਜੀਤ ਕੌਰ

ਵਿਦੇਸ਼

Scroll to Top