July 7, 2024 10:55 pm
Vigilance Bureau

ਵਿਜੀਲੈਂਸ ਵੱਲੋਂ 80,000 ਰੁਪਏ ਰਿਸ਼ਵਤ ਲੈਂਦੇ ਏਐੱਸਆਈ ਤੇ ਡਰਾਈਵਰ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ15 ਨਵੰਬਰ 2022 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਇੰਡੀਅਨ ਰਿਜ਼ਰਵ ਬਟਾਲੀਅਨ ਦੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਤੇ ਇੱਕ ਡਰਾਈਵਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਹਾਲੀ ਵਿਖੇ ਤਾਇਨਾਤ ਏ.ਐਸ.ਆਈ. ਗੁਰਜਿੰਦਰ ਸਿੰਘ ਅਤੇ ਵਿਚੋਲਗਿਰੀ ਕਰ ਰਹੇ ਡਰਾਈਵਰ ਪਿਊਸ਼ ਆਨੰਦ ਨੂੰ ਮੁੱਦਈ ਕੈਲਾਸ਼ ਕੁਮਾਰ ਵਾਸੀ ਜਨਕਪੁਰੀ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਅਤੇ ਡਰਾਈਵਰ ਵੱਲੋਂ ਲੋਹੇ ਦੇ ਸਕਰੈਪ ਨਾਲ ਲੱਦੇ ਉਸਦੇ ਵਾਹਨਾਂ ਨੂੰ ਅੰਤਰਰਾਜੀ ਚੈਕ ਪੋਸਟ, ਸ਼ੰਭੂ, ਜ਼ਿਲ੍ਹਾ ਪਟਿਆਲਾ ਵਿਖੇ ਐਂਟਰੀ ਟੈਕਸ ਅਦਾ ਕੀਤੇ ਬਿਨਾਂ ਲੰਘਾਉਣ ਬਦਲੇ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ।

ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਪਰੋਕਤ ਏ.ਐਸ.ਆਈ. ਨੇ ਉਸਨੂੰ ਕਿਹਾ ਕਿ ਉਹ ਇਸ ਕੰਮ ਲਈ ਡਰਾਈਵਰ ਪਿਯੂਸ਼ ਆਨੰਦ ਅਤੇ ਸਬੰਧਤ ਕਰਮਚਾਰੀਆਂ ਨਾਲ ਮਿਲ ਕੇ ਇਹ ਮਹੀਨਾਵਾਰ ਰਿਸ਼ਵਤ ਲੈਂਦਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਵਿਚੋਲਗਿਰੀ ਕਰ ਰਹੇ ਡਰਾਈਵਰ ਸਮੇਤ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਉਹਨਾਂ ਦੱਸਿਆ ਕਿ ਦੋਸ਼ੀ ਪੁਲਿਸ ਮੁਲਾਜ਼ਮ ਅਤੇ ਡਰਾਈਵਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈ.ਪੀ.ਸੀ ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਊਰੋ ਥਾਣਾ, ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।