Site icon TheUnmute.com

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੇ ਮਾਮਲੇ ‘ਚ ਫ਼ਰਾਰ ਏ.ਐਸ.ਆਈ. ਗ੍ਰਿਫਤਾਰ

Bribe

ਚੰਡੀਗੜ੍ਹ, 19 ਅਗਸਤ 2023: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸੁਧਾਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 16.06.2023 ਨੂੰ ਥਾਣਾ ਸੁਧਾਰ ਵਿਖੇ ਐਫ.ਆਈ.ਆਰ ਨੰਬਰ 48 ਦਰਜ ਕੀਤੀ ਗਈ ਸੀ ਅਤੇ ਬਾਅਦ ਵਿੱਚ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੂੰ ਸੌਂਪ ਦਿੱਤੀ ਗਈ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਏ.ਐਸ.ਆਈ. ਸੁਖਦੇਵ ਸਿੰਘ ਨੇ ਉਸ ਦਾ ਜ਼ਬਤ ਕੀਤਾ ਆਟੋ ਰਿਕਸ਼ਾ ਛੱਡਣ ਬਦਲੇ 1500 ਰੁਪਏ ਰਿਸ਼ਵਤ ਲਈ ਸੀ ਅਤੇ ਮੁਲਜ਼ਮ ਏ.ਐਸ.ਆਈ. ਨੇ ਇਸ ਤੋਂ ਪਹਿਲਾਂ ਵੀ ਉਸ ਕੋਲੋਂ 2500 ਰੁਪਏ ਰਿਸ਼ਵਤ ਲਈ ਸੀ। ਸ਼ਿਕਾਇਤਕਰਤਾ ਨੇ ਉਕਤ ਏ.ਐਸ.ਆਈ. ਦੀ ਉਸ ਕੋਲੋਂ 1500 ਰੁਪਏ ਰਿਸ਼ਵਤ ਲੈਂਦੇ ਹੋਏ ਦੀ ਵੀਡੀਓ ਵੀ ਪੇਸ਼ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ. ਫਰਾਰ ਸੀ ਅਤੇ ਉਸਦੀ ਅਗਾਊਂ ਜ਼ਮਾਨਤ ਵਧੀਕ ਸੈਸ਼ਨ ਜੱਜ, ਲੁਧਿਆਣਾ ਦੀ ਅਦਾਲਤ ਨੇ ਖਾਰਜ਼ ਕਰ ਦਿੱਤੀ ਸੀ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੀ ਟੀਮ ਨੇ ਅੱਜ ਏ.ਐਸ.ਆਈ. ਸੁਖਦੇਵ ਸਿੰਘ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਗਾਗੇਵਾਲ ਤੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Exit mobile version