ਫਾਜ਼ਿਲਕਾ 30 ਅਪ੍ਰੈਲ 2024:ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਸਿੱਖਿਆ ਵਿਭਾਗ ਦੇ ਜ਼ਿਲ੍ਹਾ ਸਿੱਖਿਆ ਅਫਸਰ ਸ਼ਿਵ ਕੁਮਾਰ ਗੋਇਲ ਦੀ ਅਗਵਾਈ ਹੇਠ ਫਾਜ਼ਿਲਕਾ ਜ਼ਿਲ੍ਹੇ ਦੇ ਸਰਕਾਰੀ ਅਤੇ ਅਰਧ ਸਰਕਾਰੀ ਸਕੂਲਾਂ ਵਿੱਚ ਵੋਟਰ ਜਾਗਰੂਕਤਾ ਗਤੀਵਿਧੀਆਂ ਤੇ ਵੋਟਰ (Voters) ਪ੍ਰਣ ਦਿਵਾ ਕੇ ਨੌਜਵਾਨ ਵੋਟਰਾਂ ਨੂੰ ਵੋਟਰ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸੇ ਤਹਿਤ ਹੀ ਸਹਾਇਕ ਨੋਡਲ ਅਫ਼ਸਰ ਸਵੀਪ ਰਾਜਿੰਦਰ ਕੁਮਾਰ ਵਿਖੌਣਾ ਦੀ ਦੇਖ-ਰੇਖ ਹੇਠ ਏਸ਼ੀਅਨ ਅੰਡਰ-20 ਐਥਲੈਟਿਕਸ ਚੈਂਪੀਅਨਸਿਪ 2024 ਵਿੱਚ ਡਿਸਕਸ ਥਰੋ ਵਿੱਚ ਸਿਲਵਰ ਮੈਡਲ ਜੇਤੂ ਫਾਜ਼ਿਲਕਾ ਦੀ ਲੜਕੀ ਅਮਾਨਤ ਕੰਬੋਜ ਨੇ ਆਤਮ ਵੱਲਭ (ਏਵੀ) ਪਬਲਿਕ ਸਕੂਲ ਫਾਜ਼ਿਲਕਾ ਵਿਖੇ ਨੌਜਵਾਨ ਵੋਟਰਾਂ ਨੂੰ ਵੋਟਰ ਪ੍ਰਣ ਦਿਵਾਇਆ ਗਿਆ।
ਇਸ ਮੌਕੇ ਸਹਾਇਕ ਨੋਡਲ ਅਫ਼ਸਰ ਸਵੀਪ ਰਾਜਿੰਦਰ ਕੁਮਾਰ ਵਿਖੌਣਾ ਨੇ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਦਿਆ ਕਿਹਾ ਕਿ ਵੋਟ ਪਾਉਣਾ ਸਾਡਾ ਹੱਕ ਹੈ ਤੇ ਅਸੀਂ ਇਸ ਹੱਕ ਦੀ ਵਰਤੋਂ ਕਰਕੇ ਆਪਣੀ ਮਨਮਰਜ਼ੀ ਦੀ ਸਰਕਾਰ ਚੁਣ ਸਕਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਵੋਟਰ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਆਪਣੇ ਮਾਤਾ ਪਿਤਾ ਅਤੇ ਰਿਸ਼ਤੇਦਾਰਾਂ ਨੂੰ ਵੀ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਨ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਲੋਕਤੰਤਰ ਦੇਸ਼ ਹੈ ਤੇ ਲੋਕਤੰਤਰ ਦੀ ਮਜ਼ਬੂਤੀ ਲਈ ਸਾਨੂੰ ਸਾਰਿਆਂ (Voters) ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਚਾਹੀਦਾ ਹੈ।
ਸਕੂਲ ਪ੍ਰਿੰਸੀਪਲ ਸੰਗੀਤਾ ਤਿਨਾ ਨੇ ਨੌਜਵਾਨ ਵੋਟਰਾਂ ਨੂੰ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ। ਇਸ ਦੌਰਾਨ ਉਨ੍ਹਾਂ ਸਿਲਵਰ ਮੈਡਲ ਜੇਤੂ ਫਾਜ਼ਿਲਕਾ ਦੀ ਲੜਕੀ ਅਮਾਨਤ ਕੰਬੋਜ ਦਾ ਸਵਾਗਤ ਕਰਦਿਆ ਕਿਹਾ ਕਿ ਉਨ੍ਹਾਂ ਦੇ ਸਕੂਲ ਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਹੈ ਤੇ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਇਸ ਬੇਟੀ ਨੇ ਨਾ ਕੇਵਲ ਸਕੂਲ ਹੀ ਸਗੋਂ ਆਪਣੇ ਦੇਸ਼ ਅਤੇ ਮਾਤਾ ਪਿਤਾ ਦਾ ਨਾਮ ਵੀ ਰੌਸ਼ਨ ਕੀਤਾ ਹੈ। ਉਨ੍ਹਾਂ ਹੋਰਨਾਂ ਵਿਦਿਆਰਥਣਾਂ ਨੂੰ ਵੀ ਇਸ ਤੋਂ ਪ੍ਰੇਰਨਾ ਲੈ ਕੇ ਖੇਡਾਂ ਵੱਲ ਵਧਣ ਲਈ ਪ੍ਰੇਰਿਆ। ਇਸ ਮੌਕੇ ਅਮਾਨਤ ਦੇ ਪਿਤਾ ਹਾਕਮ ਚੰਦ, ਮਾਤਾ ਪਰਮਜੀਤ ਕੌਰ, ਕੋਚ ਸੰਧੂ ਸਮੇਤ ਸਕੂਲੀ ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਵੀ ਹਾਜ਼ਰ ਸਨ।