Bharat Inder Chahal

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਭਰਤ ਇੰਦਰ ਚਾਹਲ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ

ਚੰਡੀਗੜ੍ਹ, 08 ਅਗਸਤ 2023: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ (Bharat Inder Chahal) ਦੀਆਂ ਮੁਸ਼ਕਲਾਂ ਆਉਣ ਵਾਲੇ ਸਮੇਂ ਵਿੱਚ ਵੱਧ ਸਕਦੀਆਂ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਭਰਤ ਇੰਦਰ ਚਾਹਲ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਜਿਕਰਯੋਗ ਹੈ ਕਿ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਰਤ ਇੰਦਰ ਸਿੰਘ ਚਾਹਲ ਖਿਲਾਫ਼ ਕੇਸ ਦਰਜ ਕੀਤਾ ਹੈ। ਪਰ ਹਾਲੇ ਤੱਕ ਵਿਜੀਲੈਂਸ ਦੇ ਹੱਥ ਕੈਪਟਨ ਦਾ ਸਾਬਕਾ ਸਲਾਹਕਾਰ ਚਾਹਲ ਨਹੀਂ ਆਇਆ ਹੈ।

ਵਿਜੀਲੈਂਸ ਨੇ ਚਾਹਲ (Bharat Inder Chahal) ਨੂੰ ਵਿਦੇਸ਼ ਭੱਜਣ ਤੋਂ ਰੋਕਣ ਲਈ ਲੁੱਕ ਆਊਟ ਕਾਰਨਰ ਨੋਟਿਸ ਜਾਰੀ ਕੀਤਾ ਹੈ। ਚਾਹਲ ਨੂੰ ਗ੍ਰਿਫ਼ਤਾਰ ਕਰਨ ਲਈ ਚਾਰ ਵਿਸ਼ੇਸ਼ ਵਿਜੀਲੈਂਸ ਟੀਮਾਂ ਬਣਾਈਆਂ ਗਈਆਂ ਹਨ। ਮਿਲੀ ਜਾਣਕਰੀ ਅਨੁਸਾਰ ਵਿਜੀਲੈਂਸ ਨੇ ਚਾਹਲ ਦੇ ਕਰੀਬੀਆਂ ਨੂੰ ਚਾਹਲ ਨੂੰ ਆਤਮ ਸਮਰਪਣ ਕਰਵਾਉਣ ਦਾ ਸੁਨੇਹਾ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਚਾਹਲ ਜਲਦੀ ਹੀ ਆਤਮ ਸਮਰਪਣ ਕਰ ਦੇਣਗੇ। ਵਿਜੀਲੈਂਸ ਵੱਲੋਂ ਭਰਤ ਇੰਦਰ ਸਿੰਘ ਚਾਹਲ ਦੀ ਭਾਲ ਕੀਤੀ ਜਾ ਰਹੀ ਹੈ |

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਸੀ ਕਿ ਭਰਤ ਇੰਦਰ ਸਿੰਘ ਚਾਹਲ ਖਿਲਾਫ਼ ਐਫ.ਆਈ.ਆਰ. ਨੰ. 26 ਮਿਤੀ 02-08-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 13(1)ਬੀ, 13(2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭਰਤਇੰਦਰ ਸਿੰਘ ਚਹਿਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਾਰਚ 2017 ਤੋਂ ਸਤੰਬਰ 2021 ਤੱਕ ਸਾਬਕਾ ਮੀਡੀਆ ਸਲਾਹਕਾਰ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ ਜਦੋਂਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਕਿ ਆਮਦਨ ਦੇ ਜ਼ਾਹਰਾ ਸਰੋਤਾਂ ਤੋਂ ਲਗਭਗ 305 ਫ਼ੀਸਦ ਵੱਧ ਹਨ।

ਮੁਲਜ਼ਮ ਭਰਤਇੰਦਰ ਸਿੰਘ ਚਾਹਲ ਨੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ‘ਤੇ ਕਈ ਜਾਇਦਾਦਾਂ ਬਣਾਈਆਂ, ਜਿਨ੍ਹਾਂ ਵਿੱਚ ਸਰਹਿੰਦ ਰੋਡ ਪਟਿਆਲਾ ਉਤੇ ਸਥਿਤ ਦਸਮੇਸ਼ ਲਗਜ਼ਰੀ ਵੈਡਿੰਗ ਰਿਜ਼ੋਰਟ (ਅਲਕਾਜ਼ਾਰ), ਮਿੰਨੀ ਸਕੱਤਰੇਤ ਰੋਡ ਪਟਿਆਲਾ ਉਤੇ 2595 ਗਜ਼ ਦੀ ਪੰਜ ਮੰਜ਼ਿਲਾ ਕਮਰਸ਼ੀਅਲ ਇਮਾਰਤ (ਪਸ਼ੂ ਪਾਲਣ ਵਿਭਾਗ ਦੀ ਸਾਈਟ), ਨਾਭਾ ਰੋਡ ‘ਤੇ ਟੋਲ ਪਲਾਜ਼ਾ ਨੇੜੇ ਪਿੰਡ ਕਲਿਆਣ ਵਿਖੇ 72 ਕਨਾਲ 14 ਮਰਲੇ ਜ਼ਮੀਨ ਸ਼ਾਮਲ ਹੈ। ਇਸ ਤੋਂ ਇਲਾਵਾ ਉਸ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਮਾਲਾਹੇੜੀ ਅਤੇ ਹਰਬੰਸਪੁਰਾ ਵਿਖੇ ਵੀ ਜ਼ਮੀਨ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Scroll to Top