ਅੰਮ੍ਰਿਤਸਰ 12 ਸਤੰਬਰ 2022: ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵਲੋ ਪੰਜਾਬ ਭਰ ਵਿਚ ਜ਼ਿਲ੍ਹਾ ਹੈੱਡਕੁਆਟਰਾਂ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ’ਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ |
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਾਰਾਗੜ੍ਹੀ ਸਰਾਂ ਦੇ ਨਜ਼ਦੀਕ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਮੁਲਾਜ਼ਮ ਇਕੱਠੇ ਹੋਏ, ਜਿਥੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ਼ ਮਾਰਚ ਕੀਤਾ ਗਿਆ। ਰੋਸ਼ ਪ੍ਰਦਰਸ਼ਨ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਮੈਂਬਰ ਤੇ ਮੁਲਾਜ਼ਮਾਂ ਨੇ ਕਾਲੀਆਂ ਦਸਤਾਰਾਂ ਸਜਾਈਆਂ ਹੋਈਆਂ ਸਨ ਅਤੇ ਹੱਥਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਲੋਗਨ ਲਿਖੇ ਬੈਨਰ ਤੇ ਤਖ਼ਤੀਆਂ ਫੜ੍ਹੀਆਂ ਹੋਈਆਂ ਸਨ |
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ 30-30 ਸਾਲ ਤੋਂ ਦੇਸ਼ ਦੀਆਂ ਜ਼ੇਲ੍ਹਾਂ ਵਿਚ ਬੰਦ ਸਿੰਘਾਂ ਨਾਲ ਇਨਸਾਫ ਨਹੀਂ ਕੀਤਾ ਜਾ ਰਿਹਾ ਅਤੇ ਸਰਕਾਰਾਂ ਐਲਾਨ ਕਰਨ ਮਗਰੋਂ ਵੀ ਸਿੰਘਾਂ ਦੀ ਰਿਹਾਈ ਨਹੀਂ ਕਰ ਰਹੀਆਂ।
ਉਨ੍ਹਾਂ ਕਿਹਾ ਕਿ ਇਹ ਬੇਹੱਦ ਮੰਦਭਾਗਾ ਹੈ ਕਿ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਸਬੰਧਿਤ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਮੁਲਾਕਾਤ ਲਈ ਸਮਾਂ ਮੰਗਣ ਦੇ ਬਾਵਜੂਦ ਵੀ ਕੋਈ ਹੁੰਗਾਰਾ ਨਹੀਂ ਦਿੱਤਾ ਜਾ ਰਿਹਾ, ਜਿਸ ਤੋਂ ਸਾਫ਼ ਹੁੰਦਾ ਹੈ ਕਿ ਸਰਕਾਰਾਂ ਦੀ ਮਨਸ਼ਾ ਠੀਕ ਨਹੀਂ ਹੈ ਅਤੇ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।
ਦੇਸ਼ ਦੇ ਸੰਵਿਧਾਨ ਤਹਿਤ ਹਰ ਇਕ ਨੂੰ ਇਕੋ ਜਿਹੇ ਅਧਿਕਾਰ ਪ੍ਰਾਪਤ ਹਨ, ਪਰ ਸਿੱਖ ਬੰਦੀਆਂ ਨੂੰ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਤੋਂ ਵਾਂਝਿਆਂ ਰੱਖਣਾ ਸੰਵਿਧਾਨ ਦੀ ਵੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਉਮਰ ਕੈਦ ਤੋਂ ਦੁਗਣੀਆਂ ਸਜ਼ਾਵਾਂ ਭੁਗਤ ਚੁੱਕੇ ਹਨ, ਜਿਸ ਕਰਕੇ ਉਹ ਰਿਹਾਈ ਦਾ ਹੱਕ ਰੱਖਦੇ ਹਨ।
ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਜਦੋਂ ਦੇਸ਼ ਦੀਆਂ ਸਰਕਾਰਾਂ ਕੰਨ ਬੰਦ ਕਰ ਲੈਣ ਤਾਂ ਅਜਿਹੇ ਵਿਚ ਸੰਘਰਸ਼ ਦਾ ਰਾਹ ਚੁਣਨਾ ਹੀ ਪੈਂਦਾ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਇਹ ਇਕ ਸੰਕੇਤਕ ਤੌਰ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਜੇਕਰ ਸਰਕਾਰਾਂ ਨਾ ਜਾਗੀਆਂ ਤਾਂ ਭਵਿੱਖ ਵਿਚ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ।