Site icon TheUnmute.com

ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਮਨਾਇਆ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ

Guru Arjan Dev Ji

ਅੰਮ੍ਰਿਤਸਰ, 23 ਮਈ 2023: ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ (Guru Arjan Dev Ji)  ਦੇ 417 ਸਾਲਾ ਸ਼ਹੀਦੀ ਪੁਰਬ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਦਰਬਾਰ ਸਾਹਿਬ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ |

ਇਸ ਵਿਸ਼ੇਸ਼ ਦਿਹਾੜੇ ਉੱਤੇ ਭਾਰੀ ਗਿਣਤੀ ਵਿੱਚ ਸੰਗਤ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀਆਂ ਅਤੇ ਪਵਿੱਤਰ ਸਰੋਵਰ ਵਿੱਚ ਇਸਨਾਨ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਅਲੌਕਿਕ ਦਰਬਾਰ ਸਜਾਇਆ ਗਿਆ। ਰਾਗੀ ਅਤੇ ਢਾਡੀ ਜੱਥਿਆਂ ਵੱਲੋਂ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ |

ਇਸ ਮੌਕੇ ਸਜਾਏ ਗਏ ਗੁਰਮਤਿ ਸਮਾਗਮ ਸਮੇਂ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਢਾਡੀ, ਕਵੀਸ਼ਰ ਤੇ ਪ੍ਰਚਾਰਕ ਸਿੰਘਾਂ ਨੇ ਸੰਗਤਾਂ ਨੂੰ ਗੁਰ-ਇਤਿਹਾਸ ਸਰਵਨ ਕਰਵਾਇਆ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਗੁਰਧਾਮਾਂ ਤੇ ਸ਼ਰਧਾ ਨਾਲ ਹਾਜ਼ਰੀ ਭਰੀ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਵਿਸ਼ੇਸ ਤੌਰ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਸਨ। ਇਸ ਦੌਰਾਨ ਐਸਜੀਪੀਸੀ ਮੁਲਾਜ਼ਮ ਸਤਨਾਮ ਸਿੰਘ ਕਾਹਲੋਂ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਪੰਜਾਬ ਦੇ ਬਾਹਰੀ ਸੂਬਿਆਂ ਤੋਂ ਵੀ ਸੰਗਤ ਨਤਮਸਤਕ ਹੋਣ ਆਉਂਦੀ ਹੈ |

ਸ੍ਰੀ ਦਰਬਾਰ ਸਾਹਿਬ ਦੇ ਚਾਰੇ ਦਰਵਾਜ਼ੇ ਇਹ ਸੁਨੇਹਾ ਵੀ ਦਿੰਦੇ ਹਨ ਫਿਰ ਹਰ ਧਰਮ ਦਾ ਵਿਆਕਤੀ ਆ ਕੇ ਨਤਮਸਤਕ ਹੋ ਸਕਦਾ ਹੈ ਲੇਕਿਨ ਕਿਸੇ ਵੇਲੇ ਕਿਸੇ ਵਿਅਕਤੀ ਨੂੰ ਮਰਿਆਦਾ ਨਹੀਂ ਪਤਾ ਹੁੰਦੀ ਤਾਂ ਸਾਡੇ ਪੰਜਾਬੀ ਸਿੱਖ ਭਾਈਚਾਰੇ ਨੂੰ ਅਪੀਲ ਹੈ ਕਿ ਉਹ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਨਿਮਰਤਾ ਸਹਿਤ ਮਰਿਆਦਾ ਸਮਝਾਉਣ ਨਾ ਕਿ ਸ਼ਰਧਾਲੂਆਂ ਨੂੰ ਦੱਬ ਕੇ ਜਾਂ ਥੱਪੜ ਮਾਰੇ ਜਾਣ | ਉਹਨਾਂ ਨੇ ਕਿਹਾ ਕਿ ਸ਼ਰਧਾਲੂ ਸਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਉਂਦੇ ਹਨ ਅਤੇ ਦਰਬਾਰ ਸਾਹਿਬ ਤੋਂ ਇਕ ਵਧੀਆ ਸੁਨੇਹਾ ਲੈ ਕੇ ਜਾਣ |

Exit mobile version