ਦਿੱਲੀ, 16 ਅਗਸਤ 2025: ਅੱਜ ਪੂਰਾ ਦੇਸ਼ ਭਾਰਤ ਰਤਨ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਦੇ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕਈ ਸੀਨੀਅਰ ਆਗੂਆਂ ਨੇ ਰਾਜਧਾਨੀ ਦਿੱਲੀ ਵਿਖੇ ਉਨ੍ਹਾਂ ਦੇ ਸਮਾਰਕ ‘ਸਦੈਵ ਅਟਲ’ ‘ਤੇ ਫੁੱਲ ਭੇਟ ਕੀਤੇ। ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੇ ਯੋਗਦਾਨ ਅਤੇ ਰਾਸ਼ਟਰ ਨਿਰਮਾਣ ‘ਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਸਵੇਰੇ ‘ਸਦੈਵ ਅਟਲ’ ਪਹੁੰਚੇ ਅਤੇ ਅਟਲ ਬਿਹਾਰੀ ਵਾਜਪਾਈ ਦੀ ਮੂਰਤੀ ‘ਤੇ ਫੁੱਲ ਚੜ੍ਹਾਏ। ਇਸ ਤੋਂ ਇਲਾਵਾ, ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) ‘ਤੇ ਵੀ ਉਨ੍ਹਾਂ ਨੂੰ ਯਾਦ ਕੀਤਾ।
ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ ਕਿ ‘ਅਟਲ ਜੀ ਨੂੰ ਉਨ੍ਹਾਂ ਦੀ ਬਰਸੀ ‘ਤੇ ਪ੍ਰਣਾਮ। ਭਾਰਤ ਦੀ ਸਰਬਪੱਖੀ ਤਰੱਕੀ ਪ੍ਰਤੀ ਉਨ੍ਹਾਂ ਦਾ ਸਮਰਪਣ ਅਤੇ ਸੇਵਾ ਹਰ ਕਿਸੇ ਨੂੰ ਵਿਕਸਤ ਅਤੇ ਸਵੈ-ਨਿਰਭਰ ਭਾਰਤ ਬਣਾਉਣ ਲਈ ਪ੍ਰੇਰਿਤ ਕਰਦੀ ਰਹੇਗੀ।’
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਸ਼ਰਧਾਂਜਲੀ ਭੇਂਟ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੀ ਯਾਦਗਾਰੀ ਸਥਾਨ ‘ਤੇ ਪਹੁੰਚੇ ਅਤੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਅਟਲ ਜੀ ਦਾ ਜੀਵਨ ਇੱਕ ਮਜ਼ਬੂਤ ਅਤੇ ਖੁਸ਼ਹਾਲ ਭਾਰਤ ਦੀ ਸਿਰਜਣਾ ਲਈ ਸਮਰਪਿਤ ਰਿਹਾ ਹੈ। ਉਨ੍ਹਾਂ ਦੇ ਯੋਗਦਾਨ ਨੂੰ ਅਭੁੱਲ ਦੱਸਦਿਆਂ ਉਨ੍ਹਾਂ ਕਿਹਾ ਕਿ ਰਾਸ਼ਟਰ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ।
ਅਟਲ ਬਿਹਾਰੀ ਵਾਜਪਾਈ ਦਾ ਜਨਮ 25 ਦਸੰਬਰ 1924 ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ‘ਚ ਹੋਇਆ ਸੀ। ਉਹ ਭਾਰਤੀ ਰਾਜਨੀਤੀ ਦੀ ਅਜਿਹੀ ਸ਼ਖਸੀਅਤ ਸਨ ਜਿਨ੍ਹਾਂ ਨੇ ਨਾ ਸਿਰਫ਼ ਭਾਜਪਾ ਨੂੰ ਇੱਕ ਨਵੀਂ ਪਛਾਣ ਦਿੱਤੀ ਸਗੋਂ ਤਿੰਨ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵੀ ਬਣੇ। ਵਾਜਪਾਈ ਪਹਿਲੇ ਗੈਰ-ਕਾਂਗਰਸੀ ਪ੍ਰਧਾਨ ਮੰਤਰੀ ਸਨ ਜਿਨ੍ਹਾਂ ਨੇ ਆਪਣਾ ਪੂਰਾ ਕਾਰਜਕਾਲ ਪੂਰਾ ਕੀਤਾ।
ਉਹ ਆਪਣੇ ਸ਼ਾਨਦਾਰ ਭਾਸ਼ਣਾਂ, ਪ੍ਰਸਿੱਧ ਨੀਤੀਆਂ ਅਤੇ ਸਮਾਵੇਸ਼ੀ ਰਾਜਨੀਤੀ ਲਈ ਜਾਣੇ ਜਾਂਦੇ ਹਨ। ਉਨ੍ਹਾਂ ਦੀ ਅਗਵਾਈ ‘ਚ ਭਾਰਤ ਨੇ ਕਈ ਇਤਿਹਾਸਕ ਪ੍ਰਾਪਤੀਆਂ ਪ੍ਰਾਪਤ ਕੀਤੀਆਂ, ਜਿਨ੍ਹਾਂ ‘ਚੋਂ ਪੋਖਰਣ ਪ੍ਰਮਾਣੂ ਪ੍ਰੀਖਣ ਵਿਸ਼ੇਸ਼ ਤੌਰ ‘ਤੇ ਜ਼ਿਕਰਯੋਗ ਹੈ।
ਅਟਲ ਬਿਹਾਰੀ ਵਾਜਪਾਈ ਦਾ ਦੇਹਾਂਤ 16 ਅਗਸਤ 2018 ਨੂੰ ਦਿੱਲੀ ਦੇ ਏਮਜ਼ ਹਸਪਤਾਲ ‘ਚ ਹੋਇਆ। ਉਨ੍ਹਾਂ ਦੀ ਮੌਤ ਤੋਂ ਬਾਅਦ, ਦਿੱਲੀ ‘ਚ ‘ਸਦੈਵ ਅਟਲ’ ਯਾਦਗਾਰ ਬਣਾਈ ਗਈ ਸੀ, ਜਿੱਥੇ ਦੇਸ਼ ਹਰ ਸਾਲ ਉਨ੍ਹਾਂ ਦੀ ਬਰਸੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਾ ਹੈ।
Read More: Tribute To Vajpayee: ਸਾਬਕਾ PM ਅਟਲ ਬਿਹਾਰੀ ਵਾਜਪਾਈ ਦੀ ਬਰਸੀ, PM ਮੋਦੀ ‘ਤੇ ਰਾਸ਼ਟਰਪਤੀ ਨੇ ਭੇਟ ਕੀਤੀ ਸ਼ਰਧਾਂਜਲੀ