ਚੰਡੀਗੜ੍ਹ, 04 ਦਸੰਬਰ 2024: ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਨਿੰਦਾ ਕੀਤੀ ਹੈ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ ‘ਤੇ ਸੇਵਾ ਕਰ ਰਹੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਤੁਰੰਤ ਕਾਰਵਾਈ ਦੀ ਸ਼ਲਾਘਾ ਕੀਤੀ ਹੈ।
ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਕਿਹਾ ਇਹ ਘਟਨਾ ਬੇਹੱਦ ਮੰਦਭਾਗੀ ਹੈ | ਹਰ ਵਿਅਕਤੀ ਗੁਰੂ ਘਰ ‘ਚ ਸੁਰੱਖਿਅਤ ਮਹਿਸੂਸ ਕਰਦਾ ਹੈ ਅਤੇ ਗੁਰੂ ਘਰ ਦਾ ਸਤਿਕਾਰ ਸਭ ਤੋਂ ਉਪਰ ਹੈ। ਉਨ੍ਹਾਂ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਅਤਿ ਨਿੰਦਣਯੋਗ ਦੱਸਿਆ। ਸੰਧਵਾਂ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ‘ਤੇ ਹਮਲੇ ਨੂੰ ਰੋਕਣ ਲਈ ਕੀਤੀ ਚੌਕਸੀ ਕਾਰਵਾਈ ਲਈ ਪੰਜਾਬ ਪੁਲਿਸ ਪ੍ਰਸ਼ੰਸਾ ਦੀ ਹੱਕਦਾਰ ਹੈ।
ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ । ਸੀਆਮ ਮਾਨ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਰਗੇ ਪਵਿੱਤਰ ਅਸਥਾਨ ’ਤੇ ਅਜਿਹੇ ਘਿਨਾਉਣੇ ਕਾਰੇ ਲਈ ਕੋਈ ਥਾਂ ਨਹੀਂ ਹੈ।
ਇਸਦੇ ਨਾਲ ਹੀ ਸੀਐੱਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ 175 ਦੇ ਕਰੀਬ ਪੁਲਿਸ ਮੁਲਾਜ਼ਮ ਪਹਿਲਾਂ ਹੀ ਤਾਇਨਾਤ ਕੀਤਾ ਹੋਇਆ ਹੈ | ਅੱਜ ਪੰਜਾਬ ਪੁਲਿਸ ਨੇ ਸੂਬੇ ਦਾ ਨਾਮ ਬਦਨਾਮ ਕਰਨ ਦੀ ਰਚੀ ਸਾਜ਼ਿਸ਼ ਨੂੰ ਨਾਕਾਮ ਕਰਨ ‘ਚ ਸਫਲਤਾ ਹਾਸਲ ਕੀਤੀ ਹੈ |
ਇਸ ਘਟਨਾ ਬਾਰੇ ਸਹਾਇਕ ਸਬ ਇੰਸਪੈਕਟਰ (ਏਐਸਆਈ) ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਡਿਊਟੀ ਸੁਖਬੀਰ ਸਿੰਘ ਬਾਦਲ (Sukhbir Singh Badal) ਨਾਲ ਸੀ। ਏਐਸਆਈ ਜਸਬੀਰ ਸਿੰਘ ਅੰਮ੍ਰਿਤਸਰ ਸਿਟੀ ਥਾਣੇ ‘ਚ ਤਾਇਨਾਤ ਹਨ। ਉਸ ਨੇ ਦੱਸਿਆ ਕਿ ਅਧਿਕਾਰੀਆਂ ਨੇ ਉਸ ਨੂੰ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਇੱਥੇ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਇਸ ਦੇ ਲਈ ਅਸੀਂ ਸਿਵਲ ਡਰੈੱਸ ‘ਚ ਪੂਰੀ ਤਰ੍ਹਾਂ ਤਿਆਰ ਸੀ।
ਏ.ਐਸ.ਆਈ ਜਸਬੀਰ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਹਮਲਾਵਰ ਅੱਗੇ ਆਇਆ ਤਾਂ ਮੇਰੀ ਨਜ਼ਰ ਉਸ ‘ਤੇ ਪਈ। ਜਿਵੇਂ ਹੀ ਉਸਨੇ ਪਿਸਤੌਲ ਕੱਢੀ ਤਾਂ ਉਸਨੇ ਗੋਲੀ ਚਲਾਉਣੀ ਸ਼ੁਰੂ ਕਰ ਦਿੱਤੀ। ਫਿਰ ਜਸਬੀਰ ਸਿੰਘ ਹਮਲਾਵਰ ਦੇ ਨੇੜੇ ਪਹੁੰਚ ਗਿਆ ਅਤੇ ਗੋਲੀ ਚਲਾਉਣ ਤੋਂ ਪਹਿਲਾਂ ਉਸ ਦਾ ਹੱਥ ਫੜ ਲਿਆ। ਇਸ ਕਾਰਨ ਗੋਲੀ ਦੂਜੇ ਪਾਸੇ ਦੀ ਕੰਧ ਨਾਲ ਜਾ ਲੱਗੀ। ਹਮਲਾਵਰ ਨੂੰ ਤੁਰੰਤ ਹਿਰਾਸਤ ‘ਚ ਲੈ ਲਿਆ ਗਿਆ |