ਚੰਡੀਗੜ੍ਹ, 25 ਅਕਤੂਬਰ 2024: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਵਿਕਾਸਪੁਰੀ ‘ਚ ਪੈਦਲ ਯਾਤਰਾ ਦੌਰਾਨ ਉਨ੍ਹਾਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਦੀ ਖ਼ਬਰ ਸਾਹਮਣੇ ਆਈ ਹੈ । ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਕਿ ਇਹ ਹਮਲਾ ਭਾਜਪਾ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਪੁਲਿਸ ‘ਤੇ ਵੀ ਦੋਸ਼ ਲਗਾਉਂਦੇ ਹੋਏ ਕਿਹਾ ਕਿ ਦਿੱਲੀ ਪੁਲਿਸ ਨੇ ਭਾਜਪਾ ਦੇ ਗੁੰਡਿਆਂ ਨੂੰ ਨਹੀਂ ਰੋਕਿਆ।
ਇਸ ਮਾਮਲੇ ਨੂੰ ਲੈ ਕੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਦੋਸ਼ ਲਗਾਇਆ ਕਿ ਜੇਕਰ ਅਰਵਿੰਦ ਕੇਜਰੀਵਾਲ ਨੂੰ ਪਰੇਸ਼ਾਨ ਕਰਨ ਅਤੇ ਉਨ੍ਹਾਂ ਦੇ ਕੰਮ ਨੂੰ ਰੋਕਣ ਦੀ ਭਾਜਪਾ ਦੀ ਹਰ ਸਾਜ਼ਿਸ਼ ਨਾਕਾਮ ਰਹੀ ਹੈ | ਆਤਿਸ਼ੀ ਨੇ ਦਾਅਵਾ ਕੀਤਾ ਹੈ ਕਿ ਕੇਜਰੀਵਾਲ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਤਿਸ਼ੀ ਨੇ ਕਿਹਾ ਕਿ ਹਮਲੇ ਦੀ ਜਾਂਚ ਤੋਂ ਪਤਾ ਲੱਗੇਗਾ ਕਿ ਹਮਲਾਵਰ ਭਾਜਪਾ ਦਾ ਮੈਂਬਰ ਸੀ। ਉਨ੍ਹਾਂ ਚੁਣੌਤੀ ਦਿੱਤੀ ਕਿ ਜੇਕਰ ਹਿੰਮਤ ਹੈ ਤਾਂ ਜਾਂਚ ਕਰਵਾ ਕੇ ਹਮਲਾਵਰ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ।
ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੀ ਭਾਜਪਾ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਭਾਜਪਾ ਅਰਵਿੰਦ ਕੇਜਰੀਵਾਲ ਦਾ ਹੌਂਸਲਾ ਨਹੀਂ ਤੋੜ ਸਕਦੀ। ਉਨ੍ਹਾਂ ਕਿਹਾ ਕਿ ਦਿੱਲੀ ਵਾਸੀ ਆਪਣੀ ਵੋਟ ਦੀ ਤਾਕਤ ਨਾਲ ਭਾਜਪਾ ਨੂੰ ਜਵਾਬ ਦੇਣਗੇ |
ਇਸ ਦੇ ਨਾਲ ਹੀ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਦੋਸ਼ ਹੈ ਕਿ ਪਹਿਲਾਂ ਉਨ੍ਹਾਂ ਨੂੰ ਜੇਲ੍ਹ ‘ਚ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਹੁਣ ਅਦਾਲਤ ਤੋਂ ਰਾਹਤ ਮਿਲਣ ਤੋਂ ਬਾਅਦ ਭਾਜਪਾ ਵਾਲੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।
ਇਸ ਮਾਮਲੇ ‘ਚ ਦਿੱਲੀ ਭਾਜਪਾ ਨੇ ਅਰਵਿੰਦ ਕੇਜਰੀਵਾਲ ‘ਤੇ ਹਮਲੇ ਦੇ ‘ਆਪ’ ਦੇ ਦਾਅਵੇ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਭਾਜਪਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ‘ਤੇ ਕੋਈ ਹਮਲਾ ਨਹੀਂ ਹੋਇਆ ਹੈ, ਸਗੋਂ ਜਨਤਾ ਉਨ੍ਹਾਂ ਅਤੇ ਉਨ੍ਹਾਂ ਦੇ ਵਿਧਾਇਕਾਂ ਦਾ ਵਿਰੋਧ ਕਰ ਰਹੀ ਹੈ।
ਵਰਿੰਦਰ ਸਚਦੇਵਾ ਅਤੇ ਸੰਸਦ ਮੈਂਬਰ ਕਮਲਜੀਤ ਸਹਿਰਾਵਤ ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਉਨ੍ਹਾਂ ਦੇ ਵਿਧਾਇਕਾਂ ਨੂੰ ਥਾਂ-ਥਾਂ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਖਰਾਬ ਸੜਕਾਂ, ਮਾੜੀ ਸਫਾਈ, ਪਾਣੀ ਦੀ ਘਾਟ, ਬਿਜਲੀ ਦੇ ਵੱਡੇ ਬਿੱਲਾਂ ਅਤੇ ਮਾੜੀਆਂ ਸਿਹਤ ਅਤੇ ਸਿੱਖਿਆ ਸੇਵਾਵਾਂ ਤੋਂ ਪ੍ਰੇਸ਼ਾਨ ਹਨ। ‘ਆਪ’ ਵਿਧਾਇਕਾਂ ਅਤੇ ਕੌਂਸਲਰਾਂ ਦੀ ਕਾਰਜਸ਼ੈਲੀ ਤੋਂ ਤੰਗ ਆ ਕੇ ਲੋਕ ਹੁਣ ਸੜਕਾਂ ‘ਤੇ ਆ ਕੇ ਅਰਵਿੰਦ ਕੇਜਰੀਵਾਲ ਦਾ ਵਿਰੋਧ ਕਰ ਰਹੇ ਹਨ।