ਚੰਡੀਗੜ੍ਹ, 21 ਮਾਰਚ 2023: ਪੰਜਾਬ ਦੇ ਮੌਜੂਦਾ ਹਾਲਾਤ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇੰਟਰਨੈਟ ਬੰਦ ਕਰਕੇ ਕਈ ਤਰ੍ਹਾਂ ਦੀਆਂ ਫੋਟੋਆਂ ਤੇ ਚਰਚਾਵਾਂ ਲੋਕਾਂ ਵਿੱਚ ਫੈਲ ਰਹੀਆਂ ਹਨ। ਲੋਕਾਂ ਨੂੰ ਸਹੀ ਜਾਣਕਾਰੀ ਨਹੀਂ ਮਿਲ ਪਾ ਰਹੀ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਕਾਰਾਂ ਵੱਲੋਂ ਬੇਵਜ੍ਹਾ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਤਿੰਨ ਦਹਾਕੇ ਪਹਿਲਾਂ ਵੀ ਤਤਕਾਲੀ ਸੂਬਾ ਅਤੇ ਕੇਂਦਰ ਸਰਕਾਰਾਂ ਨੇ ਮਿਲ ਕੇ ਅਜਿਹੀ ਹੀ ਰਾਜਨੀਤੀ ਕੀਤੀ ਸੀ | ਜਿਸਦਾ ਨੁਕਸਾਨ ਸਿੱਖਾਂ ਤੇ ਪੰਜਾਬੀ ਦੋਵਾਂ ਨੂੰ ਭੁਗਤਣਾ ਪਿਆ ਸੀ। ਉਸੇ ਤਰ੍ਹਾਂ ਦੀ ਖੇਡ ਹੁਣ ਖੇਡੀ ਜਾ ਰਹੀ ਹੈ। ਜਿਸਦੀ ਸ਼੍ਰੋਮਣੀ ਕਮੇਟੀ ਨੇ ਵੀ ਸਖ਼ਤ ਨਿਖੇਧੀ ਕੀਤੀ ਹੈ |
ਬੀਤੇ ਦਿਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾਂ ਦੇ ਨਾਂ ’ਤੇ ਪੰਜਾਬ ਅੰਦਰ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਸ਼੍ਰੋਮਣੀ ਕਮੇਟੀ ਨੇ ਸਖਤ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਿਆਨ ਵਿੱਚ ਆਖਿਆ ਹੈ ਕਿ ਪੁਲਿਸ ਵੱਲੋਂ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਉਣਾ ਠੀਕ ਨਹੀਂ। ਬਿਨਾਂ ਕਿਸੇ ਦੋਸ਼ ਦੇ ਮਨਘੜ੍ਹਤ ਕਹਾਣੀਆਂ ਬਣਾ ਕੇ ਨੌਜਵਾਨਾਂ ਦੀ ਫੜੋ-ਫੜਾਈ ਸੂਬੇ ਦੇ ਹਿੱਤ ਵਿੱਚ ਨਹੀਂ।