Ayushman Bharat

Ayushman Bharat: ਪੰਜਾਬ ‘ਚ ਆਯੁਸ਼ਮਾਨ ਭਾਰਤ ਸਕੀਮ ਨੂੰ ਲੈ ਕੇ BJP ਅਤੇ AAP ਆਹਮੋ-ਸਾਹਮਣੇ

ਚੰਡੀਗੜ 21 ਸਤੰਬਰ 2024: ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ (Ayushman Bharat) ਤਹਿਤ ਪ੍ਰਾਈਵੇਟ ਹਸਪਤਾਲਾਂ ਦੇ ਬਕਾਏ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਆਹਮੋ-ਸਾਹਮਣੇ ਹਨ ਅਤੇ ਇੱਕ ਦੂਜੇ ਖ਼ਿਲਾਫ ਬਿਆਨਬਾਜ਼ੀ ਹੋ ਰਹੀ ਹੈ |

ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੇ ਪੰਜਾਬ ਵਿੱਚ ਪ੍ਰਾਈਵੇਟ ਹਸਪਤਾਲ ਅਤੇ ਨਰਸਿੰਗ ਹੋਮ ਐਸੋਸੀਏਸ਼ਨ (PHANA) ਦੁਆਰਾ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ (AB-PMJA ਯੋਜਨਾ ਨੂੰ ਰੋਕਣ ਦੀ ਆਲੋਚਨਾ ਕੀਤੀ ਹੈ। ਇਸ ਸਕੀਮ ਤੋਂ ਇਲਾਵਾ ਸਰਕਾਰੀ ਸਿਹਤ ਬੀਮਾ ਯੋਜਨਾਵਾਂ ਅਧੀਨ ਕੈਸ਼ਲੈਸ ਇਲਾਜ ਵੀ ਬੰਦ ਕਰ ਦਿੱਤਾ ਗਿਆ ਹੈ। ਪੀਐਚਐਨਏ (PHANA) ਨੇ ਇਹ ਫੈਸਲਾ ਸੂਬਾ ਸਰਕਾਰ ਵੱਲੋਂ 600 ਕਰੋੜ ਰੁਪਏ ਦੇ ਬਕਾਏ ਦਾ ਭੁਗਤਾਨ ਨਾ ਕੀਤੇ ਜਾਣ ਕਾਰਨ ਲਿਆ ਹੈ।

ਪੀਐਚਐਨਏ ਨੇ ਦੋ ਦਿਨ ਪਹਿਲਾਂ ਕਿਹਾ ਸੀ ਕਿ ਪੰਜਾਬ ਭਰ ਦੀਆਂ ਪ੍ਰਾਈਵੇਟ ਸਿਹਤ ਸਹੂਲਤਾਂ ਤਾਂ ਹੀ ਇਨ੍ਹਾਂ ਸਕੀਮਾਂ ‘ਚ ਹਿੱਸਾ ਲੈਣਗੀਆਂ, ਜੇਕਰ ਸੂਬਾ ਸਰਕਾਰ ਵੱਲੋਂ ਬਕਾਇਆ ਭੁਗਤਾਨ ਕੀਤਾ ਜਾਵੇਗਾ। ਇਸਦੇ ਚੱਲਦੇ ਕੇਂਦਰੀ ਸਿਹਤ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਡਾ ਨੇ ਪੰਜਾਬ ‘ਚ ਇਨ੍ਹਾਂ ਘਟਨਾਵਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਆਯੁਸ਼ਮਾਨ ਭਾਰਤ (Ayushman Bharat) ਦੀ ਪਰਿਕਲਪਨਾ ਆਰਥਿਕ ਤੌਰ ‘ਤੇ ਪਛੜੇ ਪਰਿਵਾਰਾਂ ਨੂੰ ਯਕੀਨੀ ਮੈਡੀਕਲ ਕਵਰ ਨਾਲ ਸਹਾਇਤਾ ਕਰਨ ਲਈ ਕੀਤੀ ਗਈ ਸੀ। ਪੰਜਾਬ ‘ਚ ਅੱਜ ਆਮ ਆਦਮੀ ਪਾਰਟੀ (ਆਪ) ਦੀ ਸੂਬਾ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਲੋਕ ਮੁਫ਼ਤ ਸਿਹਤ ਸੇਵਾਵਾਂ ਤੋਂ ਵਾਂਝੇ ਹੋ ਗਏ ਹਨ।

Read More: Punjab: ਜਲੰਧਰ ਵਿਖੇ ਬਰਫ ਫੈਕਟਰੀ ‘ਚ ਗੈਸ ਲੀਕ, ਪੁਲਿਸ ਨੇ ਇਲਾਕਾ ਕੀਤਾ ਸੀਲ

ਜੇਪੀ ਨੱਡਾ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸਵਾਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਦਾ ਬਕਾਇਆ ਕਿਉਂ ਨਹੀਂ ਦਿੱਤਾ? ਚੋਣਾਂ ਤੋਂ ਪਹਿਲਾਂ ਉਨ੍ਹਾਂ ਕਿਹਾ ਸੀ ਕਿ ਬਿਹਤਰ ਕਲੀਨਿਕ ਅਤੇ ਸਿਹਤ ਕੇਂਦਰ ਮੁਹੱਈਆ ਕਰਵਾਏ ਜਾਣਗੇ। ਪਰ ਅੱਜ ਉਨ੍ਹਾਂ ਦੀ ਸਰਕਾਰ ਗਰੀਬਾਂ ਦੀ ਭਲਾਈ ਲਈ ਕੰਮ ਨਹੀਂ ਕਰ ਸਕਦੀ।

ਜੇਪੀ ਨੱਡਾ ਨੇ ਕਿਹਾ ਕਿ ਉਹ ਸੀਐਮ ਭਗਵੰਤ ਮਾਨ ਨੂੰ ਬੇਨਤੀ ਕਰਦੇ ਹਨ ਕਿ ਹਸਪਤਾਲਾਂ ਦੇ ਬਕਾਏ ਛੇਤੀ ਤੋਂ ਛੇਤੀ ਅਦਾ ਕੀਤੇ ਜਾਣ, ਕਿਉਂਕਿ ਬਹੁਤ ਸਾਰੇ ਪਰਿਵਾਰ, ਖਾਸ ਕਰਕੇ ਸਾਡੇ ਮਿਹਨਤੀ ਕਿਸਾਨ ਆਯੁਸ਼ਮਾਨ ਭਾਰਤ ਪ੍ਰੋਗਰਾਮ ਦੇ ਤਹਿਤ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ‘ਚ ਪਾਰਟੀ ਇਕਾਈ ਨੂੰ ਖੁਸ਼ ਕਰਨ ਦੀ ਬਜਾਏ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਵਿਗੜ ਰਹੇ ਹਲਾਤਾਂ ‘ਤੇ ਧਿਆਨ ਕੇਂਦਰਿਤ ਕਰਨਾ ਬਿਹਤਰ ਰਹੇਗਾ।

ਦੂਜੇ ਪਾਸੇ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਦੇ ਦਿੱਤੇ ਬਿਆਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਨੱਡਾ ‘ਤੇ ਪਲਟਵਾਰ ਕੀਤਾ ਹੈ | ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਜੇ.ਪੀ. ਨੱਡਾ ਨੂੰ ਪਤਾ ਹੋਣਾ ਚਾਹੀਦਾ ਹੈ ਕਿ 376 ਕਰੋੜ ਰੁਪਏ ਦੀ ਬਕਾਇਆ ਰਾਸ਼ੀ ‘ਚੋਂ 220 ਕਰੋੜ ਰੁਪਏ ਕੇਂਦਰ ਦੇ ਹਨ |

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਦੋ ਸਾਲਾਂ ਤੋਂ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਦੇ 800 ਕਰੋੜ ਰੁਪਏ ਤੋਂ ਵੱਧ ਦੇ ਫੰਡ ਰੋਕੇ ਹੋਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੇ ਵੱਖ-ਵੱਖ ਸਕੀਮਾਂ ‘ਚ ਪੰਜਾਬ ਦਾ 8000 ਕਰੋੜ ਰੁਪਏ ਤੋਂ ਵੱਧ ਦਾ ਹਿੱਸਾ ਰੋਕ ਦਿੱਤਾ ਹੈ। ਪਿਛਲੇ ਦੋ ਸਾਲਾਂ ਤੋਂ ਪੰਜਾਬ ਸਰਕਾਰ ਕੇਂਦਰ ਤੋਂ ਲਗਾਤਾਰ ਆਪਣੇ ਹੱਕਾਂ ਦੀ ਮੰਗ ਕਰ ਰਹੀ ਹੈ ਪਰ ਕੇਂਦਰ ਕੋਈ ਸੁਣਵਾਈ ਨਹੀਂ ਕਰ ਰਿਹਾ।

ਨੀਲ ਗਰਗ ਨੇ ਕਿਹਾ ਕਿ ਕੇਂਦਰ ਸਰਕਾਰ ਉਨ੍ਹਾਂ ਦੇ 8000 ਕਰੋੜ ਰੁਪਏ ਦੇ ਰੋਕੇ ਫੰਡ ਜਾਰੀ ਕਰੇ। ਗਰਗ ਨੇ ਨੱਡਾ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਇੰਨੀ ਚਿੰਤਾ ਹੈ ਤਾਂ ਪੰਜਾਬ ਦਾ ਪੈਸਾ ਕਿਉਂ ਰੋਕਿਆ ਗਿਆ ਹੈ ?

Scroll to Top