Dr. Balbir Singh

ਆਯੁਸ਼ਮਾਨ ਸਿਹਤ ਬੀਮਾ ਯੋਜਨਾ: ਡਾ. ਬਲਬੀਰ ਸਿੰਘ ਵੱਲੋਂ SHA ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਹੁਕਮ

ਚੰਡੀਗੜ੍ਹ, 18 ਸਤੰਬਰ 2024: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਦੱਸਿਆ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਸਬੰਧੀ ਸਟੇਟ ਹੈਲਥ ਏਜੰਸੀ (SHA) ਵੱਲੋਂ ਦਾਅਵਿਆਂ ਸਬੰਧੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਲਈ ਮੈਡੀਕਲ ਪੇਸ਼ੇਵਰ ਨਿਯੁਕਤ ਕੀਤੇ ਜਾਣਗੇ।

ਡਾ. ਬਲਬੀਰ ਸਿੰਘ ਨੇ ਅੱਜ ਸਟੇਟ ਹੈਲਥ ਏਜੰਸੀ ਦੀ ਸਬ-ਕਮੇਟੀ ਨਾਲ ਪਾਲਿਸੀ ਸਬੰਧੀ ਮਾਮਲਿਆਂ, ਕਰਮਚਾਰੀਆਂ ਦੀ ਘਾਟ ਅਤੇ ਸਟੇਟ ਹੈਲਥ ਏਜੰਸੀ ਦੇ ਚੱਲ ਰਹੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕਰਨ ਲਈ ਬੈਠਕ ਦੀ ਪ੍ਰਧਾਨਗੀ ਕੀਤੀ ਹੈ | ਇਸ ਬੈਠਕ ‘ਚ ਸ਼ਾਸਨਿਕ ਸਕੱਤਰ ਸਿਹਤ ਕੁਮਾਰ ਰਾਹੁਲ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ ਅਤੇ ਸਟੇਟ ਹੈਲਥ ਏਜੰਸੀ ਪੰਜਾਬ ਦੀ ਸੀਈਓ ਮਿਸ ਬਬੀਤਾ ਵੀ ਹਾਜ਼ਰ ਸਨ |

ਉਨ੍ਹਾਂ (Dr. Balbir Singh)  ਕਿਹਾ ਕਿ ਇਹ ਭਰਤੀ ਮੁਹਿੰਮ ਯੋਗਤਾ ਪ੍ਰਾਪਤ ਮੈਡੀਕਲ ਪੇਸ਼ੇਵਰਾਂ ‘ਤੇ ਕੇਂਦਰਿਤ ਕਰੇਗੀ, ਜੋ ਕਿ ਦਾਅਵਿਆਂ ਦਾ ਮੁਲਾਂਕਣ ਅਤੇ ਇਸ ਦੀ ਪ੍ਰਕਿਰਿਆ ‘ਚ ਤੇਜ਼ੀ ਲਿਆ ਸਕਦੇ ਹਨ | ਇਸ ਨਾਲ ਸਿਹਤ ਸੰਭਾਲ ਪ੍ਰਦਾਤਾਵਾਂ ਨੂੰ ਤੁਰੰਤ ਅਦਾਇਗੀ ਕੀਤੀ ਜਾ ਸਕੇਗੀ। ਇਸਦੇ ਨਾਲ ਹੀ ਪ੍ਰਕਿਰਿਆ ‘ਚ ਸ਼ਾਮਲ ਸਾਰੇ ਮੌਜੂਦਾ ਸਟਾਫ ਨੂੰ ਵੀ ਸਿਖਲਾਈ ਦਿੱਤੀ ਜਾਵੇਗੀ

ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸੂਚੀਬੱਧ ਸਾਰੇ ਹਸਪਤਾਲਾਂ ਦੀਆਂ ਬਕਾਇਆ ਅਦਾਇਗੀਆਂ ਕਲੀਅਰ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਇਸ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ, 2024 ਤੋਂ 15 ਸਤੰਬਰ ਤੱਕ 210 ਕਰੋੜ ਰੁਪਏ ਦੀ ਅਦਾਇਗੀ ਕੀਤੀ ਹੈ।

ਇਹ ਸਕੀਮ ਪੰਜਾਬ ਭਰ ਦੇ 772 ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ‘ਚ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਦਾਨ ਕਰਦੀ ਹੈ। ਸਟੇਟ ਹੈਲਥ ਏਜੰਸੀ ਨੇ ਪੰਜਾਬ ਦੇ 45 ਲੱਖ ਤੋਂ ਵੱਧ ਪਰਿਵਾਰਾਂ ਨੂੰ ਇਸ ਸਕੀਮ ਦਾ ਲਾਭ ਦੇਣ ਲਈ 84.44 ਲੱਖ ਕਾਰਡ ਜਾਰੀ ਕੀਤੇ ਹਨ |

ਇਨ੍ਹਾਂ ‘ਚ ਗੋਡੇ ਬਦਲਣ, ਦਿਲ ਦੀਆਂ ਬਿਮਾਰੀਆਂ ਸਬੰਧੀ ਸਰਜਰੀ, ਕੈਂਸਰ ਦੇ ਇਲਾਜ ਆਦਿ ਸਮੇਤ ਲਗਭਗ 1600 ਕਿਸਮਾਂ ਦੇ ਇਲਾਜ ਕਰਵਾਉਣ ਦੀ ਸਹੂਲਤ ਦਿੱਤੀ ਹੈ। ਇਸ ਸਕੀਮ ਦਾ ਲਾਭ ਲੈਣ ਵਾਲਿਆਂ ਵਿੱਚ ਐਨਐਫਐਸਏ ਕਾਰਡ ਧਾਰਕ, ਜੇ-ਫਾਰਮ-ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਰਜਿਸਟਰਡ ਛੋਟੇ ਵਪਾਰੀ, ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਅਤੇ 2011 ਦੇ ਸਮਾਜਿਕ-ਆਰਥਿਕ ਜਾਤੀ ਜਨਗਣਨਾ ਡੇਟਾ ਤਹਿਤ ਕਵਰ ਕੀਤੇ ਗਏ ਪਰਿਵਾਰ ਸ਼ਾਮਲ ਹਨ।

ਲਾਭਪਾਤਰੀ ‘‘ਆਯੂਸ਼ਮਾਨ ਐਪ’’ ਦੀ ਵਰਤੋਂ ਕਰਕੇ, ਵੈਬਸਾਈਟ “beneficiary.nha.gov.in” ’ਤੇ ਜਾ ਕੇ, ਜਾਂ ਆਪਣੇ ਨਜ਼ਦੀਕੀ ਆਸ਼ਾ ਵਰਕਰ ਜਾਂ ਸੂਚੀਬੱਧ ਹਸਪਤਾਲਾਂ ਤੱਕ ਪਹੁੰਚ ਕਰ ਕੇ ਆਸਾਨੀ ਨਾਲ ਆਪਣੇ ਕਾਰਡ ਪ੍ਰਾਪਤ ਕਰ ਸਕਦੇ ਹਨ।

Scroll to Top