ਚੰਡੀਗੜ੍ਹ/ਐਸ.ਏ.ਐਸ.ਨਗਰ, 14 ਅਪ੍ਰੈਲ 2025: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਖਰੜ ਦੇ ਰਿਆਤ ਬਾਹਰਾ ਯੂਨੀਵਰਸਿਟੀ (ਆਰ.ਬੀ.ਯੂ.) ਵਿਖੇ ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਵੱਲੋਂ ਭਾਰਤ ਰਤਨ ਅਤੇ ਸੰਵਿਧਾਨ ਨਿਰਮਾਤਾ ਡਾ. ਆਰ. ਅੰਬੇਡਕਰ ਦੀ 134ਵੀਂ ਜਨਮ ਵਰ੍ਹੇਗੰਢ ‘ਤੇ ਕਰਵਾਏ ਸਮਾਗਮ ਦੌਰਾਨ ਕਿਹਾ ਕਿ ਕੈਬਨਿਟ ‘ਚ ਪਹਿਲੀ ਵਾਰ 6 ਅਨੁਸੂਚਿਤ ਜਾਤੀ ਨਾਲ ਸੰਬੰਧਿਤ ਮੰਤਰੀ, ਏਜੀ (ਐਡਵੋਕੇਟ ਜਨਰਲ) ਦਫ਼ਤਰ ਵਿੱਚ ਰਾਖਵਾਂਕਰਨ ਅਤੇ ਅਨੁਸੂਚਿਤ ਜਾਤੀ ਸਕਾਲਰਸ਼ਿਪਾਂ ਦੀ ਬਿਨਾਂ ਕਿਸੇ ਦਿੱਕਤ ਵੰਡ ਦੇ ਨਾਲ ‘ਆਪ’ ਸਰਕਾਰ ਪੰਜਾਬ ‘ਚ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ।
ਇਸਦੇ ਨਾਲ ਹੀ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਦੇ ਨਾਲ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਉਨ੍ਹਾਂ ਨੇ ਡਾ. ਭੀਮ ਰਾਓ ਅੰਬੇਡਕਰ ਦੁਆਰਾ ਕੀਤੀਆਂ ਨਿਰਸਵਾਰਥ ਸੇਵਾਵਾਂ, ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਅਤੇ ਦੱਬੇ-ਕੁਚਲੇ ਲੋਕਾਂ ਲਈ ਲੜਨ ਵਾਲੇ ਵਿਅਕਤੀ ਵਜੋਂ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਰਾਮਜੀ ਅੰਬੇਡਕਰ ਦੁਆਰਾ ਕਲਪਨਾ ਕੀਤੀ ਵਿਭਿੰਨਤਾ ‘ਚ ਏਕਤਾ ਦਾ ਮੂਲ ਸਿਧਾਂਤ ਵੱਖ-ਵੱਖ ਚੁਣੌਤੀਆਂ ਦੇ ਬਾਵਜੂਦ ਬਰਕਰਾਰ ਹੈ।
ਭਾਰਤੀ ਸੰਵਿਧਾਨ ਨੂੰ ਦੁਨੀਆ ਦੇ ਸਭ ਤੋਂ ਵਧੀਆ ਸੰਵਿਧਾਨਾਂ ‘ਚੋਂ ਇੱਕ ਦੱਸਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ “ਬਾਬਾ ਸਾਹਿਬ ਅੰਬੇਡਕਰ ਦੀ ਦੂਰਦਰਸ਼ੀ ਅਗਵਾਈ ਕਾਰਨ ਸਾਡੇ ਸੰਵਿਧਾਨ ਨੇ ਹਰ ਨਾਗਰਿਕ ਦੇ ਅਧਿਕਾਰਾਂ ਦੀ ਲਗਾਤਾਰ ਰੱਖਿਆ ਕੀਤੀ ਹੈ, ਖਾਸ ਕਰਕੇ ਕਮਜ਼ੋਰ ਵਰਗਾਂ ਦੇ ਲੋਕਾਂ ਦੇ।”
ਮੰਤਰੀ ਹਰਜੋਤ ਬੈਂਸ ਨੇ ਬਾਬਾ ਸਾਹਿਬ ਨੂੰ ਕਮਜ਼ੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਨ ਵਾਲਾ ਮਸੀਹਾ ਦੱਸਦਿਆਂ ਕਿਹਾ ਕਿ ਸਿੱਖਿਆ ਸਾਰੇ ਵਿਤਕਰਿਆਂ ਅਤੇ ਅਸਮਾਨਤਾਵਾਂ ਨੂੰ ਖਤਮ ਕਰਨ ਦੀ ਕੁੰਜੀ ਹੈ |
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇਸ਼ ਦੀ ਪਹਿਲੀ ਸਰਕਾਰ ਹੈ ਜਿਸਨੇ ਸਰਕਾਰੀ ਦਫ਼ਤਰਾਂ ‘ਚ ਬਾਬਾ ਸਾਹਿਬ ਅੰਬੇਡਕਰ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਤਸਵੀਰਾਂ ਲਗਾਈਆਂ ਹਨ। ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਡਾ. ਭੀਮ ਰਾਓ ਰਾਮਜੀ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਸਾਨੂੰ ਅਜਿਹੀ ਮਹਾਨ ਅਤੇ ਦੂਰਦਰਸ਼ੀ ਸ਼ਖਸੀਅਤ ਨੂੰ ਕਿਸੇ ਵਿਸ਼ੇਸ਼ ਵਰਗ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ।
ਉਨ੍ਹਾਂ ਨੇ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਵੱਲੋਂ ਨਿਰਮਤ ਭਾਰਤੀ ਸੰਵਿਧਾਨ ਦੇਸ਼ ਦੇ ਸਾਰੇ ਵਰਗਾਂ ਨੂੰ ਸੁਰੱਖਿਆ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਇੱਕ ਚੰਗਾ ਸਮਾਜ ਅਤੇ ਰਾਸ਼ਟਰ ਦੇ ਨਿਰਮਾਣ ਲਈ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰਨ ਲਈ ਡਾ. ਬੀ.ਆਰ. ਅੰਬੇਡਕਰ ਦੇ ਸਾਹਿਤ ਦਾ ਅਧਿਐਨ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 7 ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਤੇ 5 ਲਾਭਪਾਤਰੀਆਂ ਨੂੰ ਅਸ਼ੀਰਵਾਦ (ਸ਼ਗਨ) ਸਕੀਮ ਦੇ ਮਨਜ਼ੂਰੀ ਪੱਤਰ ਵੀ ਸੌਂਪੇ । ਜ਼ਿਕਰਯੋਗ ਹੈ ਕਿ ਇਸ ਸਾਲ ਜ਼ਿਲ੍ਹੇ ‘ਚ 7461 ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਲਈ ਪ੍ਰਵਾਨਗੀ ਦਿੱਤੀ ਹੈ ਅਤੇ 790 ਪਰਿਵਾਰਾਂ ਨੂੰ 4.29 ਕਰੋੜ ਰੁਪਏ ਦੀ ਅਸ਼ੀਰਵਾਦ ਯੋਜਨਾ ਦਾ ਲਾਭ ਦਿੱਤਾ ਗਿਆ ਹੈ।
Read More: ਡਾ. ਭੀਮ ਰਾਓ ਅੰਬੇਡਕਰ ਨੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਲਈ ਅਣਥੱਕ ਮਿਹਨਤ ਕੀਤੀ: ਲਾਲ ਚੰਦ ਕਟਾਰੂਚੱਕ